
ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਨਿਸ਼ਾਨੇ ’ਤੇ ਲਿਆ ਹੈ।
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਨਿਸ਼ਾਨੇ ’ਤੇ ਲਿਆ ਹੈ। ਉਹਨਾਂ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਬਿਆਨ ਕਾਂਗਰਸ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੀ ਪੰਜਾਬ ਫੇਰੀ ਦੌਰਾਨ ਖ਼ੂਨੀ ਸਾਜ਼ਿਸ਼ ਰਚੀ ਗਈ ਸੀ ਅਤੇ ਹੁਣ ਇਕ ਵਾਰ ਫਿਰ ਲੋਕਾਂ ਨੂੰ ਉਕਸਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਰਵਨੀਤ ਬਿੱਟੂ ਕਹਿ ਰਹੇ ਹਨ ਕਿ ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਆਉਣ। ਤਰੁਣ ਚੁੱਘ ਨੇ ਕਿਹਾ ਕਿ ਕਾਂਗਰਸੀ ਐਮਪੀ ਨੂੰ ਆਪਣਾ ਇਤਿਹਾਸ ਯਾਦ ਰੱਖਣਾ ਚਾਹੀਦਾ ਹੈ। ਲੋਕ ਇਤਿਹਾਸ ਨੂੰ ਭੁੱਲੇ ਨਹੀਂ ਹਨ। ਭਾਜਪਾ ਆਗੂ ਦਾ ਕਹਿਣਾ ਹੈ ਕਿ ਦੇਸ਼ ਅਪਣੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਕਰਨਾ ਜਾਣਦਾ ਹੈ। ਦੇਸ਼ ਨੂੰ ਸਮਝ ਆ ਚੁੱਕਿਆ ਹੈ ਕਿ ਕਾਂਗਰਸ ਕਿਸ ਤਰ੍ਹਾਂ ਸਾਜ਼ਿਸ਼ ਰਚ ਰਹੀ ਹੈ। ਪੰਜਾਬ ਦੇ ਮਾਹੌਲ ਅਤੇ ਭਾਈਚਾਰੇ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੰਜਾਬੀ ਸਮਝਦਾਰ ਹਨ, ਉਹ ਇਸ ਸੋਚ ਨੂੰ ਨਕਾਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ’ਤੇ ਪਹਿਰਾ ਦੇਣਗੇ। ਉਹਨਾਂ ਕਿਹਾ ਕਿ ਰਵਨੀਤ ਬਿੱਟੂ ਦੇ ਇਸ ਬਿਆਨ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਹਾਈ ਕਮਾਂਡ ਅਤੇ ਪੰਜਾਬ ਕਾਂਗਰਸ ਪ੍ਰਧਾਨ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਦੱਸ ਦੇਈਏ ਕਿ ਰਵਨੀਤ ਸਿੰਘ ਬਿੱਟੂ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੌਰੇ ਲਈ ਹੈਲੀਕਾਪਟਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਸੜਕ ਰਾਹੀਂ ਯਾਤਰਾ ਦੀ ਚੋਣ ਕਰਦੇ ਹਨ ਤਾਂ ਉਹਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਸਰਕਾਰ ਨੇ ਇਕ ਸਾਲ ਤੋਂ ਵੱਧ ਸਮੇਂ ਤੱਕ ਪੰਜਾਬੀਆਂ ਨੂੰ ਸੜਕਾਂ 'ਤੇ ਰੱਖਿਆ। 750 ਕਿਸਾਨਾਂ ਨੇ ਆਪਣੀਆਂ ਜਾਨਾਂ ਦਿੱਤੀਆਂ। ਲੋਕ ਇਸ ਨੂੰ ਕਿਵੇਂ ਭੁੱਲਣਗੇ? ਇਸ ਲਈ ਏਅਰਵੇਅ ਰਾਹੀਂ ਆਉਣਾ ਬਿਹਤਰ ਹੈ।