
ਕਿਹਾ, ਸ਼ਾਇਦ ਐਨ.ਡੀ.ਏ. ਸਰਕਾਰ ਅਪਣਾ ਕਾਰਜਕਾਲ ਪੂਰਾ ਨਾ ਕਰ ਸਕੇ
ਮੁੰਬਈ: ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁਕਰਵਾਰ ਨੂੰ ਕਿਹਾ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਕੌਮੀ ਲੋਕਤੰਤਰੀ ਗਠਜੋੜ (ਐੱਨ.ਡੀ.ਏ.) ਸਰਕਾਰ ਅਸਥਿਰ ਹੈ ਅਤੇ ਸ਼ਾਇਦ ਅਪਣਾ ਕਾਰਜਕਾਲ ਪੂਰਾ ਨਾ ਕਰ ਸਕੇ।
ਮਮਤਾ ਬੈਨਰਜੀ ਨੇ ਸ਼ੁਕਰਵਾਰ ਨੂੰ ਸ਼ਿਵ ਸੈਨਾ ਪ੍ਰਧਾਨ ਊਧਵ ਠਾਕਰੇ ਨਾਲ ਮੁੰਬਈ ਦੇ ਬਾਂਦਰਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਮਾਤੋਸ਼੍ਰੀ’ ’ਚ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਮੁੰਬਈ ’ਚ ਰਹਿਣ ਦੌਰਾਨ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੇ ਪ੍ਰਧਾਨ ਸ਼ਰਦ ਪਵਾਰ ਨਾਲ ਵੀ ਮੁਲਾਕਾਤ ਕਰਨਗੇ।
ਠਾਕਰੇ ਦੇ ਨਾਲ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੈਨਰਜੀ ਨੇ ਕਿਹਾ, ‘‘ਇਹ ਸਰਕਾਰ ਅਪਣਾ ਕਾਰਜਕਾਲ ਪੂਰਾ ਨਹੀਂ ਕਰ ਸਕੇਗੀ। ਇਹ ਸਰਕਾਰ ਸਥਿਰ ਨਹੀਂ ਹੈ।’’
ਬਿਆਨ ’ਤੇ ਸਪੱਸ਼ਟੀਕਰਨ ਦੇਣ ਲਈ ਪੁੱਛੇ ਜਾਣ ’ਤੇ ਪਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਕਿਹਾ, ‘‘ਖੇਲਾ ਸ਼ੁਰੂ ਹੋ ਗਿਆ ਹੈ, ਇਹ ਜਾਰੀ ਰਹੇਗੀ।’’
ਕੇਂਦਰ ਸਰਕਾਰ ਨੇ 25 ਜੂਨ 1975 ਨੂੰ ਐਮਰਜੈਂਸੀ ਲਾਗੂ ਕਰਨ ਦੀ ਯਾਦ ’ਚ ਹਰ ਸਾਲ ਇਸ ਦਿਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਸ ਬਾਰੇ ਪੁੱਛੇ ਜਾਣ ’ਤੇ ਮਮਤਾ ਬੈਨਰਜੀ ਨੇ ਕਿਹਾ ਕਿ ਐਮਰਜੈਂਸੀ ਵਰਗਾ ਜ਼ਿਆਦਾਤਰ ਸਮਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਵੇਖਿਆ ਜਾ ਰਿਹਾ ਹੈ।
ਪਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਦੰਡਾਵਲੀ (ਆਈ.ਪੀ.ਸੀ.), ਅਪਰਾਧਕ ਪ੍ਰਕਿਰਿਆ ਜ਼ਾਬਤਾ (ਸੀ.ਆਰ.ਪੀ.ਸੀ.) ਅਤੇ ਭਾਰਤੀ ਸਬੂਤ ਐਕਟ ਨੂੰ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.), ਭਾਰਤੀ ਨਾਗਰਿਕ ਸੁਰਖਿਆ ਸੰਹਿਤਾ (ਬੀ.ਐਨ.ਐਸ.ਐਸ.) ਅਤੇ ਭਾਰਤੀ ਸਬੂਤ ਐਕਟ (ਬੀ.ਐਸ.ਏ.) ਨਾਲ ਬਦਲਣ ਲਈ ਸੰਸਦ ’ਚ ਬਿਲ ਪੇਸ਼ ਕਰਨ ਤੋਂ ਪਹਿਲਾਂ ਕਿਸੇ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਹ ਤਿੰਨੋਂ ਬਿਲ ਉਦੋਂ ਪਾਸ ਕੀਤੇ ਗਏ ਸਨ ਜਦੋਂ ਵੱਡੀ ਗਿਣਤੀ ਵਿਚ ਸੰਸਦ ਮੈਂਬਰ ਮੁਅੱਤਲ ਸਨ ਅਤੇ ਬਹੁਤ ਸਾਰੇ ਲੋਕ ਇਨ੍ਹਾਂ ਕਾਨੂੰਨਾਂ ਤੋਂ ਡਰਦੇ ਸਨ। ਉਨ੍ਹਾਂ ਕਿਹਾ, ‘‘ਅਸੀਂ ਐਮਰਜੈਂਸੀ ਦਾ ਸਮਰਥਨ ਨਹੀਂ ਕਰਦੇ। ਪਰ ਚੈਰੀਟੇਬਲ ਕੰਮ ਘਰ ਤੋਂ ਸ਼ੁਰੂ ਹੁੰਦਾ ਹੈ।’’
ਮੁੰਬਈ ਉੱਤਰ-ਪਛਮੀ ਲੋਕ ਸਭਾ ਸੀਟ ਤੋਂ ਸ਼ਿਵ ਸੈਨਾ ਉਮੀਦਵਾਰ ਦੀ ਸਿਰਫ 48 ਵੋਟਾਂ ਨਾਲ ਹਾਰ ਦਾ ਜ਼ਿਕਰ ਕਰਦਿਆਂ ਬੈਨਰਜੀ ਨੇ ਕਿਹਾ ਕਿ ਇਸੇ ਤਰ੍ਹਾਂ ਦੀ ਜਿੱਤ ਕਈ ਹੋਰ ਹਲਕਿਆਂ ’ਚ ਵੀ ਦਰਜ ਕੀਤੀ ਗਈ ਹੈ।
ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (‘ਇੰਡੀਆ’) ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤ੍ਰਿਣਮੂਲ ਕਾਂਗਰਸ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀ.ਪੀ.ਆਈ.-ਐਮ) ਨਾਲ ਸਮਝੌਤਾ ਨਹੀਂ ਕਰ ਸਕਦੀ ਕਿਉਂਕਿ ਉਨ੍ਹਾਂ ਦੀ ਪਾਰਟੀ ਖੱਬੇ ਪੱਖੀ ਮੋਰਚੇ ਨੂੰ ਹਰਾ ਕੇ ਸੱਤਾ ’ਚ ਆਈ ਸੀ।
ਬੈਨਰਜੀ ਨੇ ਕਿਹਾ, ‘‘ਠਾਕਰੇ ਧੜੇ ਤੋਂ ਨਾਮ ਅਤੇ ਚੋਣ ਨਿਸ਼ਾਨ ਖੋਹਣਾ ਬਿਲਕੁਲ ਅਨੈਤਿਕ ਹੈ ਪਰ ਠਾਕਰੇ ਧੜੇ ਨੇ ਸ਼ੇਰ ਵਾਂਗ ਲੜਾਈ ਲੜੀ।’’ ਸ਼ਿਵ ਸੈਨਾ ਜੂਨ 2022 ਵਿਚ ਵੰਡੀ ਗਈ ਸੀ ਅਤੇ ਪਾਰਟੀ ਦਾ ਨਾਮ ਅਤੇ ਚੋਣ ਨਿਸ਼ਾਨ ‘ਤੀਰ ਅਤੇ ਧੁਨਸ਼’ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਦਿਤਾ ਗਿਆ ਸੀ।’’
ਪਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਸਾਲ ਅਕਤੂਬਰ-ਨਵੰਬਰ ’ਚ ਹੋਣ ਵਾਲੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੌਰਾਨ ਠਾਕਰੇ ਦੀ ਸ਼ਿਵ ਸੈਨਾ (ਯੂ.ਬੀ.ਟੀ.) ਲਈ ਪ੍ਰਚਾਰ ਕਰੇਗੀ। ਸ਼ਿਵ ਸੈਨਾ (ਯੂ.ਬੀ.ਟੀ.) ਅਤੇ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (‘ਇੰਡੀਆ’) ਦਾ ਹਿੱਸਾ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਦੋਹਾਂ ਨੇਤਾਵਾਂ ਵਿਚਾਲੇ ਚੰਗੇ ਸਬੰਧ ਹਨ।
ਉਧਵ ਤੋਂ ਬਾਅਦ ਮੁੰਬਈ ਦੌਰੇ ਦੌਰਾਨ ਮਮਤਾ ਨੇ ਸ਼ਰਦ ਪਵਾਰ ਨਾਲ ਕੀਤੀ ਮੁਲਾਕਾਤ
ਮੁੰਬਈ: ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁਕਰਵਾਰ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੇ ਪ੍ਰਧਾਨ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ। ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਦੇ ਇਕ ਮਹੀਨੇ ਤੋਂ ਵੱਧ ਸਮੇਂ ਬਾਅਦ ਬੈਨਰਜੀ ਦਾ ਇਹ ਪਹਿਲਾ ਮੁੰਬਈ ਦੌਰਾ ਹੈ। ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਦਖਣੀ ਮੁੰਬਈ ’ਚ ਪਵਾਰ ਨਾਲ ਉਨ੍ਹਾਂ ਦੀ ਰਿਹਾਇਸ਼ ‘ਸਿਲਵਰ ਓਕ’ ’ਚ ਮੁਲਾਕਾਤ ਕੀਤੀ।