
ਸਿਸੋਦੀਆ ਨੇ ਦਾਖਾਂ ਅਤੇ ਰਾਏਕੋਟ ਤੋਂ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਪ੍ਰਚਾਰ
ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਲਈ ਕਾਂਗਰਸ ਜ਼ਿੰਮੇਵਾਰ : ਮਨੀਸ਼ ਸਿਸੋਦੀਆ
'ਆਪ' ਦੀ ਸਰਕਾਰ ਕਾਨੂੰਨ ਵਿਵਸਥਾ ਨੂੰ ਸੁਧਾਰੇਗੀ, ਡਰੱਗ ਮਾਫੀਆ ਨੂੰ ਜੜ੍ਹ ਤੋਂ ਖ਼ਤਮ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਦੇਵੇਗੀ : ਮਨੀਸ਼ ਸਿਸੋਦੀਆ
ਦਾਖਾਂ, ਰਾਏਕੋਟ (ਲੁਧਿਆਣਾ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਰਾਏਕੋਟ ਤੋਂ ਪਾਰਟੀ ਦੇ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਅਤੇ ਹਲਕਾ ਦਾਖਾਂ ਤੋਂ ਉਮੀਦਵਾਰ ਕੇ.ਐਨ.ਐਸ. ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਤੋਂ ਜਾਣੂ ਕਰਵਾਉਂਦੇ ਹੋਏ ਸਿਸੋਦੀਆ ਨੇ ਪਾਰਟੀ ਦੇ ਦੋਵੇਂ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
manish sisodia
ਐਤਵਾਰ ਨੂੰ ਮਨੀਸ਼ ਸਿਸੋਦੀਆ ਪੰਜਾਬ ਦੇ ਚੋਣ ਦੌਰੇ 'ਤੇ ਸਨ। ਉਨ੍ਹਾਂ ਲੁਧਿਆਣਾ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਵਾਰ-ਵਾਰ ਅਕਾਲੀ ਦਲ ਅਤੇ ਕਾਂਗਰਸ ਨੂੰ ਮੌਕੇ ਦਿੱਤੇ, ਪਰ ਕੋਈ ਵੀ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ ਮੌਕਾ ਆਦਮੀ ਪਾਰਟੀ ਨੂੰ ਦੇਕੇ ਦੇਖੋ । ਅਸੀਂ ਦਿੱਲੀ ਵਿੱਚ ਕੰਮ ਕੀਤਾ ਹੈ, ਪੰਜਾਬ ਵਿੱਚ ਹੋਰ ਵੀ ਵਧੀਆ ਕੰਮ ਕਰਕੇ ਦਿਖਾਵਾਂਗੇ।
ਸਿਸੋਦੀਆ ਨੇ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਲਈ ਕਾਂਗਰਸ ਨੂੰ ਜ਼ਿਮੇਵਾਰ ਠਹਿਰਾਇਆ ਅਤੇ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਢੇਰੀ ਹੋ ਚੁੱਕੀ ਹੈ। ਪੰਜਾਬ ਦੀ ਨੌਜਵਾਨ ਡਰੱਗ ਮਾਫੀਆ ਦੀ ਜਕੜ 'ਚ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿੱਚ ਸੁਧਾਰ ਕਰੇਗੀ ਅਤੇ ਡਰੱਗ ਮਾਫੀਆ ਨੂੰ ਜੜ੍ਹ ਤੋਂ ਖ਼ਤਮ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗੀ।
manish sisodia
‘ਆਪ’ ਆਗੂ ਨੇ ਕਿਹਾ ਕਿ ਲੋਕ ਮੈਨੂੰ ਕਹਿ ਰਹੇ ਹਨ ਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਨੇਤਾ ਲੋਕਾਂ ਨੂੰ ਮੋਟਾ ਪੈਸਾ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰਾ ਪੈਸਾ ਜਨਤਾ ਦੇ ਟੈਕਸ ਦਾ ਲੁੱਟਿਆ ਹੋਇਆ ਪੈਸੇ ਹੈ। ਦੋਵਾਂ ਪਾਰਟੀਆਂ ਨੇ ਬਾਰੀ ਬਾਰੀ ਨਾਲ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਲੁੱਟ ਕੇ ਆਪਣੀਆਂ ਤਿਜੋਰੀਆਂ ਭਰੀਆਂ ਹਨ। ਸਿਸੋਦੀਆ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਕਾਂਗਰਸ ਅਤੇ ਅਕਾਲੀ ਦਲ ਪੈਸੇ ਦੇਣ ਤਾਂ ਨਾਂਹ ਨਾ ਕਰਨਾ, ਲੈ ਲਓ, ਪਰ ਵੋਟ ਆਮ ਆਦਮੀ ਪਾਰਟੀ ਨੂੰ ਹੀ ਦੇਣਾ।
manish sisodia
ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਲੋਕ 20 ਫਰਵਰੀ ਨੂੰ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਨੂੰ ਜਿਤਾਉਣਗੇ ਅਤੇ ‘ਆਪ’ ਦੀ ਇਮਾਨਦਾਰ ਸਰਕਾਰ ਬਣਾਉਣਗੇ। ‘ਆਪ’ ਦੀ ਸਰਕਾਰ ਇਨ੍ਹਾਂ ਭ੍ਰਿਸ਼ਟ ਪਾਰਟੀਆਂ ਦੇ ਭ੍ਰਿਸ਼ਟ ਨੇਤਾਵਾਂ ਵੱਲੋਂ ਲੁੱਟਿਆ ਗਿਆ ਜਨਤਾ ਦਾ ਪੈਸਾ ਵਾਪਸ ਲਿਆਵੇਗੀ ਅਤੇ ਸਰਕਾਰੀ ਖਜ਼ਾਨਾ ਭਰ ਕੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਵਿਕਾਸ ਲਈ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣ। ਜੇਕਰ ਅਸੀਂ ਪੰਜ ਸਾਲ ਵਿੱਚ ਕੰਮ ਨਹੀਂ ਕੀਤਾ ਤਾਂ ਅਗਲੀ ਵਾਰ ਵੋਟ ਨਾ ਦੇਣਾ।