
ਮੀਟਿੰਗ ਵਿਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਪਾਰਟੀ ਦੇ ਚੋਟੀ ਦੇ ਨੇਤਾ ਰਹੇ ਹਾਜ਼ਰ
ਨਵੀਂ ਦਿੱਲੀ : ਪੰਜ ਸੂਬਿਆਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਐਤਵਾਰ ਨੂੰ ਸੋਨੀਆ ਗਾਂਧੀ ਦੀ ਪ੍ਰਧਾਨਗੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ। ਚਾਰ ਘੰਟੇ ਤੱਕ ਚੱਲੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਸੋਨੀਆ ਗਾਂਧੀ ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਅਤੇ ਪਾਰਟੀ ਦਾ ਕੋਈ ਵੀ ਮੈਂਬਰ ਅਸਤੀਫ਼ਾ ਨਹੀਂ ਦੇਵੇਗਾ। ਬੈਠਕ 'ਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਪਾਰਟੀ ਦੇ ਚੋਟੀ ਦੇ ਨੇਤਾਵਾਂ ਨੇ ਹਿੱਸਾ ਲਿਆ।
Sonia Gandhi chairs meeting of top Congress leaders
ਸੂਤਰਾਂ ਅਨੁਸਾਰ ਮੀਟਿੰਗ ਵਿੱਚ ਸੋਨੀਆ ਗਾਂਧੀ ਨੇ ਕਿਹਾ ਕਿ ਕੁਝ ਲੋਕਾਂ ਨੂੰ ਲੱਗਦਾ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਲਈ ਗਾਂਧੀ ਪਰਿਵਾਰ ਜ਼ਿੰਮੇਵਾਰ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਪਾਰਟੀ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਕੋਈ ਵੀ ‘ਕੁਰਬਾਨੀ’ ਦੇਣ ਲਈ ਤਿਆਰ ਹਨ। ਸੂਤਰਾਂ ਨੇ ਦੱਸਿਆ ਕਿ ਬੈਠਕ 'ਚ ਸ਼ਾਮਲ ਹੋਣ ਵਾਲੇ ਲਗਭਗ ਸਾਰੇ ਨੇਤਾ ਇਸ ਗੱਲ 'ਤੇ ਸਹਿਮਤ ਸਨ ਕਿ ਸੋਨੀਆ ਨੂੰ ਹੀ ਕਮਾਨ ਸੰਭਾਲੀ ਰੱਖਣੀ ਚਾਹੀਦੀ ਹੈ।
Ashok Gehlot
ਸੀਡਬਲਯੂਸੀ ਦੀ ਮੀਟਿੰਗ ਤੋਂ ਪਹਿਲਾਂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਕਿਹਾ ਕਿ ਰਾਹੁਲ ਨੂੰ ਪਾਰਟੀ ਦੀ ਵਾਗਡੋਰ ਸੰਭਾਲਣੀ ਚਾਹੀਦੀ ਹੈ ਅਤੇ ਪੰਜਾਬ ਵਿੱਚ ਨੁਕਸਾਨ "ਅੰਦਰੂਨੀ ਲੋਕਾਂ" ਦੁਆਰਾ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਦੀ ਅਗਵਾਈ 'ਤੇ ਸਵਾਲ ਨਹੀਂ ਉਠਾਏ ਜਾ ਸਕਦੇ। ਗਹਿਲੋਤ ਨੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਗਾਂਧੀ ਪਰਿਵਾਰ ਦਾ ਕੋਈ ਵੀ ਪ੍ਰਧਾਨ ਮੰਤਰੀ ਜਾਂ ਮੰਤਰੀ ਨਹੀਂ ਬਣਿਆ, ਕਾਂਗਰਸ ਦੀ ਏਕਤਾ ਲਈ ਗਾਂਧੀ ਪਰਿਵਾਰ ਬਹੁਤ ਜ਼ਰੂਰੀ ਹੈ।