
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ, ਗੋਆ ਅਤੇ ਉੱਤਰ ਪ੍ਰਦੇਸ਼ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ। ਇਸ ਪੜਾਅ 'ਚ ਕੁੱਲ 9 ਜ਼ਿਲ੍ਹਿਆਂ ਦੀਆਂ 55 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਇਸ ਤੋਂ ਇਲਾਵਾ ਗੋਆ ਦੀਆਂ 40 ਸੀਟਾਂ 'ਤੇ ਵੀ ਵੋਟਿੰਗ ਹੋ ਰਹੀ ਹੈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਉੱਤਰਾਖੰਡ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ, ਗੋਆ ਅਤੇ ਉੱਤਰ ਪ੍ਰਦੇਸ਼ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ ਹੈ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰਕੇ ਕਿਹਾ ਹੈ ਕਿ 'ਦੰਗਾ ਮੁਕਤ ਅਤੇ ਡਰ ਮੁਕਤ ਨਵੇਂ ਉੱਤਰ ਪ੍ਰਦੇਸ਼' ਦੀ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਲਈ ਤੁਹਾਨੂੰ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਚੋਣਾਂ ਦੇ ਦੂਜੇ ਪੜਾਅ ਤੋਂ ਠੀਕ ਪਹਿਲਾਂ ਨਿਊਜ਼ ਏਜੰਸੀ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਕਿ ਭਾਜਪਾ ਇਸ ਵਾਰ ਵੀ 300 ਤੋਂ ਵੱਧ ਸੀਟਾਂ ਜਿੱਤੇਗੀ। ਉਹਨਾਂ ਕਿਹਾ ਕਿ ਇਹ ਚੋਣਾਂ 80 ਫੀਸਦੀ ਬਨਾਮ 20 ਫੀਸਦੀ ਹੈ।
ਉੱਤਰ ਪ੍ਰਦੇਸ਼ ਦੇ ਦੂਜੇ ਪੜਾਅ 'ਚ ਸੂਬੇ ਦੇ ਨੌਂ ਜ਼ਿਲ੍ਹਿਆਂ ਸਹਾਰਨਪੁਰ, ਬਿਜਨੌਰ, ਮੁਰਾਦਾਬਾਦ, ਸੰਭਲ, ਰਾਮਪੁਰ, ਅਮਰੋਹਾ, ਬਦਾਯੂੰ, ਬਰੇਲੀ ਅਤੇ ਸ਼ਾਹਜਹਾਂਪੁਰ ਦੀਆਂ 55 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਲੋਕ ਵੋਟ ਪਾਉਣ ਆ ਰਹੇ ਹਨ। ਗੋਆ ਵਿਧਾਨ ਸਭਾ ਦੀਆਂ 40 ਸੀਟਾਂ ਲਈ ਕੁੱਲ 301 ਉਮੀਦਵਾਰ ਮੈਦਾਨ ਵਿਚ ਹਨ। ਭਾਜਪਾ ਅਤੇ ਕਾਂਗਰਸ 'ਚ ਸੱਤਾ ਪਰਿਵਰਤਨ ਦੇਖਣ ਵਾਲੇ ਗੋਆ 'ਚ ਇਸ ਵਾਰ ਬਹੁਪੱਖੀ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਆਮ ਆਦਮੀ ਪਾਰਟੀ (ਆਪ), ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਅਤੇ ਹੋਰ ਛੋਟੀਆਂ ਪਾਰਟੀਆਂ ਮੁਕਾਬਲੇ ਵਿਚ ਹਨ।
Assembly Election in UP, Goa and Uttarakhand
ਮਹਿਲਾ ਵੋਟਰਾਂ ਦੀ ਸਹੂਲਤ ਲਈ ਸੂਬੇ ਵਿਚ 100 ਤੋਂ ਵੱਧ ਮਹਿਲਾ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸ ਪੜਾਅ ਵਿਚ ਜਿਨ੍ਹਾਂ ਦਿੱਗਜ਼ਾਂ ਦੀ ਕਿਸਮਤ ਈਵੀਐਮ ਵਿਚ ਕੈਦ ਹੋਣੀ ਹੈ, ਉਹਨਾਂ ਵਿਚ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਸ਼ਾਮਲ ਹਨ।