
ਪੰਜਾਬ ਸਰਕਾਰ ਨੂੰ ਵੀ ਕੀਤੇ ਸਵਾਲ
Post-matric Scholarship Scam: ਚੰਡੀਗੜ੍ਹ - ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਬੀਤੇ ਦਿਨ ਸਵਾਲ ਚੁੱਕੇ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਅਤੇ ਨਕਲੀ ਸ਼ਰਾਬ ਬਣਾਉਣ ਵਾਲੇ ਮੁਲਜ਼ਮਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਹੋਈ। ਉਹਨਾਂ ਨੇ ਇਸ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵੀ ਹਮਲਾ ਕੀਤਾ ਹੈ।
ਉਨ੍ਹਾਂ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਨੂੰ ਵੀ ਸਵਾਲ ਕੀਤੇ ਹਨ। ਦੂਲੋ ਨੇ ਕਿਹਾ ਕਿ ਚਰਨਜੀਤ ਚੰਨੀ ਨੇ ਵੀ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਬਲਕਿ ਕਾਰਵਾਈ ਕਰਨ ਦੀ ਥਾਂ ਦਲਿਤ ਵਿਦਿਆਰਥੀਆਂ ਦੇ ਪੈਸੇ ਖੁਰਦ-ਬੁਰਦ ਕਰਨ ਵਾਲੀਆਂ ਵਿਦਿਆਕ ਸੰਸਥਾਵਾਂ ਨੂੰ ਰਾਹਤ ਦਿੱਤੀ।
ਸ਼ਮਸ਼ੇਰ ਦੂਲੋ ਨੇ ਸਰਕਟ ਹਾਊਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਚੰਨੀ ਤੋਂ ਬਹੁਤ ਉਮੀਦਾਂ ਸਨ ਪਰ ਉਹਨਾਂ ਨੇ ਕੰਮ ਨਹੀਂ ਕੀਤਾ।
ਜ਼ਿਕਰਯੋਗ ਹੈ ਸ਼ਮਸ਼ੇਰ ਸਿੰਘ ਦੂਲੋ ਨੇ ਜਲੰਧਰ ਆ ਕੇ ਕੇ ਚੰਨੀ ’ਤੇ ਉਸ ਵੇਲੇ ਦੋਸ਼ ਲਾਏ ਹਨ ਜਦੋਂ ਲੋਕ ਸਭਾ ਚੋਣਾਂ ਲਈ ਚੰਨੀ ਜਲੰਧਰ ਹਲਕੇ ਤੋਂ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ। ਦੂਲੋ ਨੇ ਕਿਹਾ ਕਿ ਪੰਜਾਬ ਵਿਚ ਚੰਨੀ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ।
ਹੁਣ ਪੰਜਾਬ ਦੀ ‘ਆਪ’ ਸਰਕਾਰ ਵੀ ਇਸ ਮੁੱਦੇ ’ਤੇ ਕੋਈ ਕਾਰਵਾਈ ਨਹੀਂ ਕਰ ਰਹੀ। ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਲਿਤ ਵਿਦਿਆਰਥੀਆਂ ਦੇ ਹਿੱਤ ਸੁਰੱਖਿਅਤ ਰੱਖਣ ਵਿਚ ਫੇਲ ਸਾਬਤ ਹੋਏ ਹਨ।