ਸਮੁੱਚੀ ਕਾਂਗਰਸ 'ਆਪ' ਦੀ ਬਦਲਾਖ਼ੋਰੀ ਦੀ ਰਾਜਨੀਤੀ ਦੇ ਵਿਰੁੱਧ ਚਰਨਜੀਤ ਸਿੰਘ ਚੰਨੀ ਦੇ ਨਾਲ ਡੱਟ ਕੇ ਖੜ੍ਹੀ ਹੈ : ਵੜਿੰਗ
ਆਮ ਆਦਮੀ ਪਾਰਟੀ ਦੀਆਂ ਧਮਕੀਆਂ, ਝੂਠੇ ਕੇਸ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀਆਂ ਚਾਲਾਂ ਹਨ ਪਰ ਕਾਂਗਰਸ ਪਾਰਟੀ ਇਨ੍ਹਾਂ ਤੋਂ ਡਰਨ ਵਾਲੀ ਨਹੀਂ ਹੈ: ਵੜਿੰਗ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੂੜ ਪ੍ਰਚਾਰ ਅਤੇ ਕੋਝੀਆਂ ਨੀਤੀਆਂ ਦਾ ਪਰਦਾਫਾਸ਼ ਕਰਨ ਲਈ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਲੀਡਰਸ਼ਿਪ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋਸ਼ੀ ਠਹਿਰਾਉਣ ਲਈ ਵਿਜੀਲੈਂਸ ਦੀ ਕਾਰਵਾਈ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਹਉਮੈ ਦੀ ਪੂਰਤੀ ਲਈ ਦਲਿਤ ਆਗੂਆਂ ਨੂੰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ।
ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਫਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ। ਵਿਰੋਧੀ ਧਿਰ ਦੀ ਤਾਕਤ ਅਤੇ ਏਕਤਾ ਤੋਂ ਘਬਰਾ ਕੇ 'ਆਪ' ਸਰਕਾਰ ਆਪਣੀ ਨਾਕਾਮੀ ਅਤੇ ਅਸਫਲਤਾ ਨੂੰ ਛੁਪਾਉਣ ਲਈ ਫੁੱਟ ਪਾਓ ਤੇ ਰਾਜ ਕਰੋ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਭਾਰਤੀ ਨਿਆਂ ਪ੍ਰਣਾਲੀ ਵਿੱਚ ਪੂਰਾ ਵਿਸ਼ਵਾਸ ਹੈ ਅਤੇ ਉਹ ਕਾਨੂੰਨੀ ਕਾਰਵਾਈ ਵਿੱਚ ਪੂਰੀ ਸਹਾਇਤਾ ਕਰਨਗੇ। ਉਨ੍ਹਾਂ ਕਿਹਾ ਮੈਂ ਮੌਜੂਦਾ ਸਰਕਾਰ ਨੂੰ ਮੇਰੇ ਵਿਰੁੱਧ ਲਗਾਏ ਗਏ ਕਿਸੇ ਵੀ ਦੋਸ਼ ਨੂੰ ਸਾਬਿਤ ਕਰਨ ਦੀ ਚੁਣੌਤੀ ਦਿੰਦਾ ਹਾਂ।
ਗੈਰ ਜ਼ਿੰਮੇਵਾਰ ਸਰਕਾਰ ਨਸ਼ਿਆਂ ਨੂੰ ਰੋਕਣ, ਗੈਂਗਸਟਰ ਕਲਚਰ ਨੂੰ ਖਤਮ ਕਰਨ, ਜਨਤਕ ਸ਼ਿਕਾਇਤਾਂ ਦਾ ਹੱਲ ਕਰਨ ਅਤੇ ਬੇਅਦਬੀ ਕਾਂਡ ਦਾ ਇਨਸਾਫ਼ ਦਿਵਾਉਣ ਵਿੱਚ ਅਸਫਲ ਰਹੀ ਹੈ। ਸਰਕਾਰ ਆਪਣੇ ਵਾਅਦੇ ਪੂਰੇ ਕਰਨ ਦੀ ਬਜਾਏ ਆਪਣੇ ਵਿਰੁੱਧ ਆਵਾਜ਼ ਉਠਾਉਣ ਵਾਲਿਆਂ 'ਤੇ ਝੂਠੇ ਕੇਸ ਦਰਜ ਕਰਨ ਵਿੱਚ ਰੁੱਝੀ ਹੋਈ ਹੈ। ਮੈਂ ਸਿਰਫ ਐਨਾ ਜਾਣਦਾ ਹਾਂ ਕਿ ਭਗਵੰਤ ਮਾਨ ਸੱਤਾਧਾਰੀ ਸਰਕਾਰ ਦੇ ਖਿਲਾਫ ਦਲੇਰੀ ਨਾਲ ਬੋਲਣ ਵਾਲਿਆਂ ਦੀ ਜਾਨ ਨੂੰ ਜੋਖਮ ਵਿੱਚ ਪਾ ਕੇ ਜਨਤਾ ਦੇ ਪੈਸੇ ਦੀ ਬਰਬਾਦੀ ਕਰਕੇ ਆਪਣੇ ਝੂਠੇ ਪ੍ਰਚਾਰ ਨੂੰ ਪ੍ਰਮਾਣਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਸਿੱਧੂ ਮੂਸੇ ਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ, ਮੈਨੂੰ ਲੱਗਦਾ ਹੈ ਕਿ ਉਹ ਮੈਨੂੰ ਵੀ ਖਤਮ ਕਰ ਦੇਣਗੇ।
ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ 'ਆਪ' ਪੰਜਾਬ ਸਿਆਸਤ 'ਚ ਬਹੁਤ ਨੀਵੇਂ ਪੱਧਰ 'ਤੇ ਜਾ ਰਹੀ ਹੈ। ਭਗਵੰਤ ਮਾਨ ਆਪ ਦੀ ਸੰਗਰੂਰ ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਹੁਣ ਜਲੰਧਰ ਦੀ ਜ਼ਿਮਨੀ ਚੋਣ ‘ਚ ਹਾਰ ਦੇ ਡਰੋੰ ਲੋਕਾਂ ਦਾ ਧਿਆਨ ਭਟਕਾ ਰਿਹਾ ਹੈ।
ਸਾਬਕਾ ਮੁੱਖ ਮੰਤਰੀ ਨਾਲ ਏਕਤਾ ਦਾ ਪ੍ਰਗਟਾਵਾ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਇਸ ਪ੍ਰੀਖਿਆ ਦੇ ਦੌਰ ਵਿੱਚ ਚੰਨੀ ਦੇ ਨਾਲ ਖੜ੍ਹੀ ਹੈ। ਅਸੀਂ ਸਾਰੇ ਕਾਂਗਰਸ ਪਰਿਵਾਰ ਦਾ ਹਿੱਸਾ ਹਾਂ ਅਤੇ ਅਸੀਂ ਸਾਰੇ ਉਸ ਦੇ ਨਾਲ ਹਾਂ। ਚੰਨੀ 'ਤੇ ਲੱਗੇ ਸਾਰੇ ਦੋਸ਼ ਝੂਠੇ ਹਨ। ਜੇਕਰ ਸਰਕਾਰ ਕੋਲ ਸਾਬਕਾ ਮੁੱਖ ਮੰਤਰੀ ਖਿਲਾਫ ਠੋਸ ਸਬੂਤ ਹੁੰਦਾ ਤਾਂ ਉਹ ਸਿੱਧੀ ਕਾਰਵਾਈ ਕਰਦੇ। ਇਹ ਸਿਰਫ਼ ਮੁੱਖ ਮੁੱਦਿਆਂ ਤੋਂ ਧਿਆਨ ਭਟਕਾਉਣ ਅਤੇ ਸੀਨੀਅਰ ਲੀਡਰਸ਼ਿਪ ਨੂੰ ਪ੍ਰੇਸ਼ਾਨ ਕਰਨ ਲਈ ਹੈ। ਹੁਣ ਭਗਵੰਤ ਮਾਨ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ ਅਤੇ ਉਸ ਨੂੰ ਹਾਰ ਦਾ ਸੁਆਦ ਚੱਖਣ ਲਈ ਤਿਆਰ ਰਹਿਣਾ ਚਾਹੀਦਾ ਹੈ।
ਸਾਬਕਾ ਮੁੱਖ ਮੰਤਰੀ ਦੇ ਹੱਕ ਵਿੱਚ ਹਮਾਇਤ ਦਾ ਪ੍ਰਗਟਾਵਾ ਕਰਦਿਆਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ 'ਚ ਕਾਂਗਰਸ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ 'ਆਪ' ਪਹਿਲਾਂ ਹੀ ਆਪਣੀ ਹਾਰ ਸਵੀਕਾਰ ਕਰ ਚੁੱਕੀ ਹੈ। ਵਿਧਾਨ ਸਭਾ ਚੋਣਾਂ ਤੋਂ ਬਾਅਦ ਇੱਕ ਹੋਰ ਜ਼ਿਮਨੀ ਚੋਣ ਹਾਰਨ ਦੇ ਡਰੋਂ ਸਰਕਾਰ ਵੋਟਰਾਂ ਨੂੰ ਭਟਕਾਉਣ ਲਈ ਵਿਰੋਧੀ ਲੀਡਰਸ਼ਿਪ ਨੂੰ ਪ੍ਰੇਸ਼ਾਨ ਕਰਨ ਲਈ ਕੋਝੇ ਹੱਥਕੰਡੇ ਅਜ਼ਮਾ ਰਹੀ ਹੈ।
ਸੂਬਾ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਲੀਡਰਸ਼ਿਪ ਨੂੰ ਸਾਬਕਾ ਮੁੱਖ ਮੰਤਰੀ ਦੀ ਇਮਾਨਦਾਰੀ ਅਤੇ ਸਮਰਪਣ 'ਤੇ ਪੂਰਾ ਭਰੋਸਾ ਹੈ ਅਤੇ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ। 'ਆਪ' ਦੇ ਦਿਖਾਈ ਦੇਣ ਵਾਲੇ ਕੁਸ਼ਾਸਨ ਤੋਂ ਨਿਰਾਸ਼ ਲੋਕ ਆਉਣ ਵਾਲੀ ਲੋਕ ਸਭਾ ਜ਼ਿਮਨੀ ਚੋਣ ‘ਚ ਉਨ੍ਹਾਂ ਨੂੰ ਸਬਕ ਸਿਖਾਉਣਗੇ।
ਕਾਨਫਰੰਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਇੰਚਾਰਜ ਹਰੀਸ਼ ਚੌਧਰੀ, ਸਾਬਕਾ ਵਿਧਾਇਕ ਬ੍ਰਹਮ ਮਹਿੰਦਰਾ, ਰਾਜ ਕੁਮਾਰ ਚੱਬੇਵਾਲ, ਜਲੰਧਰ (ਕੈਂਟ) ਦੇ ਵਿਧਾਇਕ ਪਰਗਟ ਸਿੰਘ, ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਕਰਮਜੀਤ ਕੌਰ ਚੌਧਰੀ, ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਹਰਦੇਵ ਸਿੰਘ ਲਾਡੀ ਤੇ ਹੋਰ ਹਾਜ਼ਿਰ ਸਨ।