
ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਿਆ ਕਿ ਮੋਹਾਲੀ...
ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਿਆ ਕਿ ਮੋਹਾਲੀ ਸੀਬੀਆਈ ਕੋਰਟ ਵਿਚ 2 ਡੇਰਾ ਪ੍ਰੇਮੀਆਂ ਵਿਰੁੱਧ ਦਰਜ ਕੀਤੇ ਗਏ ਬੇਅਦਬੀ ਮਾਮਲਿਆਂ ਵਿਚ ਸੀਬੀਆਈ ਨੇ ਅਕਾਲੀ ਦਲ ਅਤੇ ਭਾਜਪਾ ਦੇ ਦਬਾਅ ਹੇਠ ਕਲੋਜ਼ਰ ਰਿਪੋਰਟ ਦਾਇਰ ਕੀਤੀ ਹੈ। ਖਹਿਰਾ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਇਸ ਸਾਲ ਦੇ ਅੰਤ ਵਿਚ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਡੇਰਾ ਪ੍ਰੇਮੀਆਂ ਦੀ ਹਮਾਇਤ ਲੈਣ ਦੇ ਮੱਦੇਨਜ਼ਰ ਭਾਜਪਾ ਡੇਰਾ ਆਗੂਆਂ ਨੂੰ ਖੁਸ਼ ਕਰਨ ਲਈ ਪੂਰੀ ਵਾਹ ਲਾ ਰਹੀ ਹੈ।
Narendra Modi - Parkash Singh Badal
ਉਨ੍ਹਾਂ ਕਿਹਾ ਕਿ ਡੀਆਈਜੀ ਰਣਜੀਤ ਸਿੰਘ ਖੱਟੜਾ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਬੇਅਦਬੀ ਮਾਮਲਿਆਂ ਵਿਚ ਡੇਰਾ ਪ੍ਰੇਮੀਆਂ ਦੀ ਸ਼ਮੂਲੀਅਤ ਪਾਈ ਸੀ ਪਰ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੋਸ਼ੀਆਂ ਨੂੰ ਬਚਾਉਣ ਖਾਤਰ 2 ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ। ਬਾਦਲ ਜਾਣਦੇ ਸਨ ਕਿ ਪਾਰਟੀ ਸੱਤਾ ਵਿਚ ਨਹੀਂ ਆਵੇਗੀ ਅਤੇ ਵਿਧਾਨ ਸਭਾ ਚੋਣਾਂ ਦੇ ਨੇੜੇ ਜਾ ਕੇ ਇਹ ਫ਼ੈਸਲਾ ਲਿਆ। ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਮਹਿੰਦਰ ਸਿੰਘ ਬਿੱਟੂ ਦਾ ਨਾਭਾ ਜੇਲ ਵਿਚ ਕਤਲ ਅਤੇ ਬਾਕੀ 5 ਦੋਸ਼ੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣਾ ਇਕ ਸਿਆਸੀ ਸਾਜਿਸ਼ ਦਾ ਨਤੀਜਾ ਹਨ।
Sukhbir Badal
ਉਨ੍ਹਾਂ ਇਲਜ਼ਾਮ ਲਾਇਆ ਕਿ ਬਿੱਟੂ ਦੇ ਕਤਲ ਨਾਲ ਬੇਅਦਬੀ ਮਾਮਲਿਆਂ ਵਿਚ ਬਾਦਲਾਂ ਦੀ ਸ਼ਮੂਲੀਅਤ ਦਾ ਸਬੂਤ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਤੇ ਬੇਅਦਬੀ ਮਾਮਲਿਆਂ ਵਿਚ ਅਕਾਲੀ ਆਗੂਆਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਐਸਆਈਟੀ ਵੀ ਅਪਣੇ ਰਸਤੇ ਤੋਂ ਭਟਕ ਗਈ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਵਿਚ ਗੁੰਮਰਾਹ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਕੌਮ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਕੋਲੋਂ ਵਾਪਿਸ ਲੈਣ ਲਈ ਮਤਾ ਪਾਸ ਕੀਤਾ ਸੀ।
SIT
ਇਸ ਮਤੇ ਨੂੰ ਲਾਗੂ ਕਰਨ ਲਈ ਕੈਪਟਨ ਨੇ ਸਰਕਾਰੀ ਜਾਂ ਕਾਨੂਨੀ ਕਾਰਵਾਈ ਨਹੀਂ ਕੀਤੀ ਤੇ ਮਾਮਲਿਆਂ ਨੂੰ ਖ਼ਤਮ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਦੇ ਘਟਨਾਕ੍ਰਮ ਇਹ ਸਾਬਿਤ ਕਰਦੇ ਹਿਨ ਕਿ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਮਾਮਲਿਆਂ ਵਿਚ ਬਾਦਲ ਪਰਵਾਰ ਨੂੰ ਬਚਾਉਣ ਅਤੇ ਭਾਜਪਾ ਦੇ ਬੁਲਾਰੇ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਐਸਵਾਈਐਲ ਮੁੱਦੇ ‘ਤੇ ਵੀ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਲਾਹਾ ਪਹੁੰਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਪਾਲੇ ਵਿਚ ਖੜ੍ਹੇ ਦਿਖਾਈ ਦੇ ਰਹੇ ਹਨ।