
ਚੰਡੀਗੜ੍ਹ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਖ਼ਿਲਾਫ਼ 4 ਕਾਂਗਰਸੀ ਵਿਧਾਇਕਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਵਿਧਾਇਕਾਂ ਨੇ ਰਾਣਾ ਗੁਰਜੀਤ ਸਿੰਘ ਨੂੰ ਪਾਰਟੀ 'ਚੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ। ਇਹ ਚਿੱਠੀ ਵਿਧਾਇਕ ਨਵਤੇਜ ਚੀਮਾ, ਸੁਖਪਾਲ ਖਹਿਰਾ, ਅਵਤਾਰ ਹੈਨਰੀ ਅਤੇ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਲਿਖੀ ਗਈ ਹੈ।
ਉਹਨਾਂ ਕਿਹਾ ਕਿ ਰਾਣਾ ਗੁਰਜੀਤ ਸਿੰਘ ਦੋਆਬਾ ਖੇਤਰ ਦੇ ਵੱਖ-ਵੱਖ ਹਲਕਿਆਂ ਜਿਵੇਂ ਸੁਲਤਾਨਪੁਰ ਲੋਧੀ, ਫਗਵਾੜਾ, ਭੁਲੱਥ, ਜਲੰਧਰ ਉੱਤਰੀ, ਬੰਗਾ ਆਦਿ ਵਿਚ ਜਾਣਬੁੱਝ ਕੇ ਦਖਲਅੰਦਾਜ਼ੀ ਕਰਕੇ ਕਾਂਗਰਸ ਨੂੰ ਕਮਜ਼ੋਰ ਕਰ ਰਹੇ ਹਨ ਪਰ ਪੰਜਾਬ ਮੰਤਰੀ ਮੰਡਲ ਨੇ ਉਸ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਮੁੜ ਮੰਤਰੀ ਬਣਾ ਦਿੱਤਾ।
ਉਹਨਾਂ ਲਿਖਿਆ ਕਿ ਮੁੜ ਮੰਤਰੀ ਬਣਨ ਤੋਂ ਬਾਅਦ ਰਾਣਾ ਗੁਰਜੀਤ ਸਿੰਘ ਨੇ ਸੁਲਤਾਨਪੁਰ ਲੋਧੀ ਤੋਂ ਦੋ ਵਾਰ ਕਾਂਗਰਸੀ ਵਿਧਾਇਕ ਰਹੇ ਨਵਤੇਜ ਸਿੰਘ ਚੀਮਾ ਦੇ ਮੁਕਾਬਲੇ ਆਪਣੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਆਜ਼ਾਦ ਉਮੀਦਵਾਰ ਐਲਾਨ ਦਿੱਤਾ ਹੈ। ਇਹ ਪਾਰਟੀ ਅਨੁਸ਼ਾਸਨ ਦੀ ਘੋਰ ਉਲੰਘਣਾ ਤੋਂ ਇਲਾਵਾ ਹੋਰ ਕੁਝ ਨਹੀਂ ਹੈ ਅਤੇ ਇਹ ਪਾਰਟੀ ਦੀ ਪਿੱਠ 'ਚ ਛੁਰਾ ਮਾਰਨ ਦੇ ਬਰਾਬਰ ਹੈ। ਉਹਨਾਂ ਕਿਹਾ ਕਿ ਦਾਗੀ ਰਾਣਾ ਗੁਰਜੀਤ ਸਿੰਘ ਵੱਲੋਂ ਪਾਰਟੀ ਅਨੁਸ਼ਾਸਨ ਦੀ ਘੋਰ ਉਲੰਘਣਾ ਅਤੇ ਇਸ ਦੇ ਮੱਦੇਨਜ਼ਰ ਅਸੀਂ ਅਪੀਲ ਕਰਦੇ ਹਾਂ ਕਿ ਕਪੂਰਥਲਾ ਹਲਕੇ ਤੋਂ ਉਹਨਾਂ ਦੀ ਨਾਮਜ਼ਦਗੀ ਤੁਰੰਤ ਵਾਪਸ ਲਈ ਜਾਵੇ ਅਤੇ ਪਾਰਟੀ ਨੂੰ ਕਮਜ਼ੋਰ ਕਰਨ ਵਾਲੇ ਅਜਿਹੇ ਆਗੂਆਂ ਨੂੰ ਸਖ਼ਤ ਸੁਨੇਹਾ ਦਿੱਤਾ ਜਾਵੇ।
ਪੱਤਰ ਵਿਚ ਇਹ ਵੀ ਲਿਖਿਆ ਗਿਆ ਕਿ ਰਾਣਾ ਗੁਰਜੀਤ ਸਿੰਘ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਹਨ ਅਤੇ ਉਹਨਾਂ ਨੇ ਹਾਲ ਹੀ ਵਿਚ ਗੋਰਾ ਗਿੱਲ ਨੂੰ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਕਰਵਾਇਆ ਹੈ। ਇਸ ਤੋਂ ਇਲਾਵਾ ਉਹਨਾਂ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ 'ਤੇ ਵੀ ਬੇਬੁਨਿਆਦ ਦੋਸ਼ ਲਾਏ ਹਨ। ਉਹਨਾਂ ਕਿਹਾ ਕਿ ਰਾਣਾ ਗੁਰਜੀਤ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਲਈ ਕੰਮ ਕਰ ਰਹੇ ਹਨ।