
'ਜੇਕਰ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਚਲ ਰਹੇ ਮਾਫੀਆ ਰਾਜ ਬਾਰੇ ਜਾਣਦੇ ਹਨ ਤਾਂ ਉਨ੍ਹਾਂ ਦੇ ਨਾਮ ਵੀ ਜਨਤਕ ਕਰਨ। '
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿਚੋਂ ਮਾਫੀਆ ਰਾਜ ਖਤਮ ਕਰਨ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਜਿਸ 'ਤੇ ਵਿਰੋਧੀ ਧਿਰਾਂ ਵਲੋਂ ਲਗਾਤਾਰ ਸਵਾਲ ਚੁੱਕੇ ਜਾਂਦੇ ਹਨ।
Raja Warring
ਇਸ ਤਰ੍ਹਾਂ ਹੀ ਬੀਤੇ ਕੱਲ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੀ ਇੱਕ ਵੀਡੀਓ ਸ਼ੇਅਰ ਕਰ ਕੇ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਜੇਕਰ ਉਹ ਪੰਜਾਬ ਵਿਚ ਚਲ ਰਹੇ ਮਾਫੀਆ ਰਾਜ ਬਾਰੇ ਜਾਣਦੇ ਹਨ ਤਾਂ ਉਨ੍ਹਾਂ ਦੇ ਨਾਮ ਵੀ ਜਨਤਕ ਕਰਨ।
Arvind Kejriwal
ਹੁਣ ਇਸ ਮਾਮਲੇ 'ਤੇ ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਪ੍ਰਤੀਕਿਰਿਆ ਦਿਤੀ ਹੈ। ਖਹਿਰਾ ਨੇ ਕਿਹਾ ਹੈ ਕਿ ਉਹ ਵੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੰਗ ਨਾਲ ਸਹਿਮਤ ਹਨ। ਜੇਕਰ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਜਾਣਦੇ ਹਨ ਕਿ ਪੰਜਾਬ ਵਿਚ ਮਾਫੀਆ ਕੌਣ ਚਲਾ ਰਿਹਾ ਹੈ ਤਾਂ ਉਨ੍ਹਾਂ ਦੇ ਨਾਮ ਵੀ ਦੱਸਣ।
Sukhpal Singh Khaira
ਇਸ ਬਾਰੇ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕਰਦਿਆਂ ਲਿਖਿਆ, ''ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੰਗ ਦਾ ਸਮਰਥਨ ਕਰਦਾ ਹਾਂ ਕਿ ਪੰਜਾਬ ਨੂੰ ਲੁੱਟਣ ਵਾਲੇ ਜਿਹੜੇ ਮਾਫੀਆ ਦੀ ਗੱਲ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਉਨ੍ਹਾਂ ਦੇ ਨਾਮ ਉਜਾਗਰ ਕਰ ਕੇ ਬੇਨਕਾਬ ਕੀਤਾ ਜਾਵੇ। ਕੇਜਰੀਵਾਲ ਨੇ ਇਹ ਵੀ ਦਾਅਵਾ ਕੀਤਾ ਕਿ ਉਹ ਮਾਈਨਿੰਗ ਮਾਫੀਆ ਤੋਂ 20 ਹਜ਼ਾਰ ਕਰੋੜ ਰੁਪਏ ਵਸੂਲ ਕਰਨਗੇ ਅਤੇ ਇਸ ਪੈਸੇ ਦੀ ਵਰਤੋਂ ਆਪਣੀ ਗਾਰੰਟੀ ਲਈ ਕਰਨਗੇ!''