
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਨਾਲ ਮਿਲ ਕੇ ਜ਼ਿਲ੍ਹਾ ਬਠਿੰਡਾ ਅਤੇ ਮਾਨਸਾ ਅੰਦਰਲ
ਬਠਿੰਡਾ (ਦਿਹਾਤੀ), 27 ਅਗੱਸਤ (ਲੁਭਾਸ਼ ਸਿੰਗਲਾ/ਸੁੱਖੀ ਮਾਨ/ਗੁਰਪ੍ਰੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਨਾਲ ਮਿਲ ਕੇ ਜ਼ਿਲ੍ਹਾ ਬਠਿੰਡਾ ਅਤੇ ਮਾਨਸਾ ਅੰਦਰਲੇ ਉਨ੍ਹਾਂ ਪ੍ਰਭਾਵਤ ਥਾਵਾਂ ਦਾ ਦੌਰਾ ਕੀਤਾ, ਜੋ ਡੇਰਾ ਸਿਰਸਾ ਮੁਖੀ ਨੂੰ ਪੰਚਕੂਲਾ ਦੀ ਵਿਸ਼ੇਸ ਸੀ.ਬੀ.ਆਈ ਅਦਾਲਤ ਵਲੋਂ ਦੋਸ਼ੀ ਕਰਾਰ ਦਿਤੇ ਜਾਣ ਤੋਂ ਬਾਅਦ ਡੇਰਾ ਪ੍ਰੇਮੀਆਂ ਵਲੋਂ ਨਿਸ਼ਾਨਾ ਬਣਾਇਆ ਗਿਆ ਸੀ।
ਦੌਰੇ ਦੌਰਾਨ ਹੀ ਮੁੱਖ ਮੰਤਰੀ ਨੇ ਸ਼ਹਿਰ ਮੌੜ ਵਿਖੇ ਪੰਜਾਬ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਵਿਚਕਾਰ ਮਠਿਆਈਆਂ ਅਤੇ ਫੱਲ ਵੰਡੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਮੌਜੂਦ ਸਨ। ਮੁੱਖ ਮੰਤਰੀ ਦਾ ਭਰਵਾਂ ਸਵਾਗਤ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਅਤੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਨਰਿੰਦਰ ਭੁਲੇਰੀਆ ਸਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀਪਰਵ ਲਾਕਰਾ, ਆਈ.ਜੀ ਮੁਖਵਿੰਦਰ ਸਿੰਘ ਛੀਨਾ, ਜ਼ਿਲ੍ਹਾ ਪੁਲਿਸ ਮੁਖੀ ਨਵੀਨ ਸਿੰਗਲਾ ਅਤੇ ਐਸ.ਡੀ.ਐਮ ਵਰਿੰਦਰ ਸਿੰਘ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਕੀਤਾ।
ਮੁੱਖ ਮੰਤਰੀ ਨੇ ਪੰਜਾਬ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨਾਲ ਹੱਥ ਮਿਲਾਉਂਦਿਆਂ ਕਿਹਾ ਕਿ ਪੰਜਾਬ ਅੰਦਰ ਅਜਿਹੇ ਨਾਜ਼ੁਕ ਮੋੜ ਉਪਰ ਵੀ ਤੁਹਾਡੀ ਬਦੌਲਤ ਅਮਨ-ਸ਼ਾਂਤੀ ਰਹੀ ਹੈ ਜਿਸ ਲਈ ਤੁਹਾਡੀ ਜਿੰਨੀ ਤਾਰੀਫ਼ ਕੀਤੀ ਜਾਵੇ ਥੋੜੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਖੇਪ ਵਿਚ ਬੋਲਦਿਆਂ ਕਿਹਾ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿਤੀ ਜਾਵੇਗੀ ਜਦਕਿ ਅਜਿਹੇ ਮਾਮਲੇ ਵਿਚ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ, ਜਦਕਿ ਹਿੰਸਾ ਦੌਰਾਨ ਹੋਏ ਨੁਕਸਾਨ ਦੀ ਜਿਥੇ ਭਰਪਾਈ ਡੇਰੇ ਤੋ ਕੀਤੇ ਜਾਵੇਗੀ, ਉਥੇ ਉਨ੍ਹਾਂ ਮੌੜ ਬੰਬ ਕਾਂਡ ਵਿਚਲੀ ਪੀੜਤ ਸਘੰਰਸ਼ ਕਮੇਟੀ ਨੂੰ ਵੀ ਇਨਸਾਫ਼ ਦਿਵਾਉਣ ਦਾ ਭਰੋਸਾ ਵੀ ਦਿਵਾਇਆ।