
ਸਾਬਕਾ ਕੇਂਦਰੀ ਮੰਤਰੀ ਅਤੇ ਦਿੱਗਜ ਕਾਂਗਰਸ ਨੇਤਾ ਵੀਰੱਪਾ ਮੋਇਲੀ ਨੇ ਜੀ-23 ਦੇ ਨੇਤਾਵਾਂ ਨੂੰ ਨਾ ਘਬਰਾਉਣ ਦੀ ਗੱਲ ਕਹੀ ਹੈ।
ਨਵੀਂ ਦਿੱਲੀ: ਪੰਜ ਸੂਬਿਆਂ ਦੇ ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸ 'ਚ ਜੀ-23 ਦੇ ਨੇਤਾਵਾਂ 'ਚ ਅਸੰਤੁਸ਼ਟੀ ਦਾ ਮਾਹੌਲ ਹੈ। ਪਾਰਟੀ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਪਹਿਲਾਂ ਹੀ ‘ਘਰ ਦੀ ਕਾਂਗਰਸ’ ਦੀ ਬਜਾਏ ‘ਸਭ ਦੀ ਕਾਂਗਰਸ’ ਬਣਾਉਣ ਦੀ ਗੱਲ ਕਹਿ ਚੁੱਕੇ ਹਨ। ਅਜਿਹੇ 'ਚ ਸਾਬਕਾ ਕੇਂਦਰੀ ਮੰਤਰੀ ਅਤੇ ਦਿੱਗਜ ਕਾਂਗਰਸ ਨੇਤਾ ਵੀਰੱਪਾ ਮੋਇਲੀ ਨੇ ਜੀ-23 ਦੇ ਨੇਤਾਵਾਂ ਨੂੰ ਨਾ ਘਬਰਾਉਣ ਦੀ ਗੱਲ ਕਹੀ ਹੈ।
ਉਹਨਾਂ ਕਿਹਾ ਕਿ ਮੋਦੀ ਦੌਰ ਤੋਂ ਬਾਅਦ ਭਾਜਪਾ ਵੀ ਖਿੰਡ ਜਾਵੇਗੀ। ਜੀ-23 ਦੇ ਨੇਤਾਵਾਂ ਨੂੰ ਇਕਜੁੱਟ ਰਹਿਣ ਦੀ ਅਪੀਲ ਕਰਦੇ ਹੋਏ ਮੋਇਲੀ ਨੇ ਕਿਹਾ ਕਿ ਕਾਂਗਰਸੀ ਆਗੂ ਜਾਂ ਵਰਕਰ ਸੱਤਾ ਤੋਂ ਬਾਹਰ ਹੋਣ 'ਤੇ ਘਬਰਾਉਣ ਦੀ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਭਾਜਪਾ ਅਤੇ ਹੋਰ ਪਾਰਟੀਆਂ ਆਉਂਦੀਆਂ-ਜਾਂਦੀਆਂ ਰਹਿਣਗੀਆਂ। ਇੱਥੇ ਕਾਂਗਰਸ ਹੀ ਹੋਵੇਗੀ। ਉਹਨਾਂ ਇਹ ਵੀ ਕਿਹਾ ਕਿ ਸਾਨੂੰ ਆਪਣੀ ਉਮੀਦ ਨਹੀਂ ਛੱਡਣੀ ਚਾਹੀਦੀ।
ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਮੋਇਲੀ ਨੇ ਕਿਹਾ ਕਿ ਸੋਨੀਆ ਗਾਂਧੀ ਕਾਂਗਰਸ ਪਾਰਟੀ ਦੇ ਅੰਦਰ ਸੁਧਾਰ ਚਾਹੁੰਦੇ ਹਨ ਪਰ ਉਹਨਾਂ ਦੇ ਆਲੇ-ਦੁਆਲੇ ਦੇ ਲੋਕਾਂ ਨੇ ਇਸ ਨੂੰ ਕਮਜ਼ੋਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਜੀ-23 ਦੇ ਆਗੂ ਲਗਾਤਾਰ ਪਾਰਟੀ ਹਾਈਕਮਾਂਡ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਸ ਕਾਰਨ ਕਾਂਗਰਸ ਪਾਰਟੀ ਕਮਜ਼ੋਰ ਹੋ ਰਹੀ ਹੈ।