
ਚੋਣਾਂ ਤੋਂ ਬਾਅਦ ਹੋਵੇਗਾ ਪ੍ਰਧਾਨ ਮੰਤਰੀ ਅਹੁਦੇ ਦੇ ਚਿਹਰੇ ਦਾ ਫੈਸਲਾ : ਖੜਗੇ, ਜਨਵਰੀ ਦੇ ਅੱਧ ਤਕ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦਿਤਾ ਜਾਵੇਗਾ
INDIA Alliance Meeting : ਵਿਰੋਧੀ ਗੱਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਅਲਾਇੰਸ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਨੇ ਮੰਗਲਵਾਰ ਨੂੰ ਇੱਥੇ ਬੈਠਕ ਕੀਤੀ ਅਤੇ ਜਨਵਰੀ 2024 ਦੇ ਦੂਜੇ ਹਫ਼ਤੇ ਤਕ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦੇਣ ਦਾ ਫੈਸਲਾ ਕੀਤਾ | ਇਸ ਬੈਠਕ ’ਚ ਇਹ ਵੀ ਫੈਸਲਾ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਅਹੁਦੇ ਦੇ ਚਿਹਰੇ ਬਾਰੇ ਫੈਸਲਾ ਚੋਣ ਜਿੱਤਣ ਤੋਂ ਬਾਅਦ ਲਿਆ ਜਾਵੇਗਾ। ਹਾਲਾਂਕਿ, ਐਮ.ਡੀ.ਐਮ.ਕੇ. ਨੇਤਾ ਵਾਈਕੋ ਨੇ ਕਿਹਾ ਕਿ ਬੈਠਕ ’ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਗੱਠਜੋੜ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਦਲਿਤ ਚਿਹਰੇ ਦੇ ਤੌਰ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਾਂ ਦਾ ਪ੍ਰਸਤਾਵ ਰਖਿਆ। ਮੀਟਿੰਗ ’ਚ 28 ਪਾਰਟੀਆਂ ਦੇ ਨੇਤਾਵਾਂ ਨੇ ਹਿੱਸਾ ਲਿਆ।
ਬੈਠਕ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੱਤਰਕਾਰਾਂ ਨੂੰ ਕਿਹਾ, ‘‘ਅੱਜ ਗੱਠਜੋੜ ਦੀ ਚੌਥੀ ਬੈਠਕ ’ਚ 28 ਪਾਰਟੀਆਂ ਦੇ ਨੇਤਾਵਾਂ ਨੇ ਹਿੱਸਾ ਲਿਆ। ਖੁਸ਼ੀ ਦੀ ਗੱਲ ਹੈ ਕਿ ਸਾਰਿਆਂ ਨੇ ਇਕੱਠੇ ਹੋ ਕੇ ਫੈਸਲਾ ਕੀਤਾ ਕਿ ਇਕੱਠੇ ਕਿਵੇਂ ਕੰਮ ਕਰਨਾ ਹੈ।’’
ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ 8-10 ਰੈਲੀਆਂ ਕਰਨ ਦਾ ਫੈਸਲਾ ਕੀਤਾ ਹੈ। ਖੜਗੇ ਨੇ ਕਿਹਾ ਕਿ ਪਹਿਲਾਂ ਸੂਬਾ ਪੱਧਰ ’ਤੇ ਸੀਟਾਂ ਦੀ ਵੰਡ ’ਤੇ ਗੱਲਬਾਤ ਹੋਵੇਗੀ ਅਤੇ ਜੇਕਰ ਕੋਈ ਮੁੱਦਾ ਸਾਹਮਣੇ ਆਉਂਦਾ ਹੈ ਤਾਂ ਉਸ ’ਤੇ ਰਾਸ਼ਟਰੀ ਪੱਧਰ ’ਤੇ ਚਰਚਾ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਅਹੁਦੇ ਦੇ ਚਿਹਰੇ ਨਾਲ ਜੁੜੇ ਸਵਾਲ ’ਤੇ ਖੜਗੇ ਨੇ ਕਿਹਾ, ‘‘ਅਸੀਂ ਪਹਿਲਾਂ ਜਿੱਤਣ ਦੀ ਕੋਸ਼ਿਸ਼ ਕਰਾਂਗੇ, ਉਸ ਤੋਂ ਬਾਅਦ ਸੰਸਦ ਮੈਂਬਰ ਲੋਕਤਾਂਤਰਿਕ ਢੰਗ ਨਾਲ ਫੈਸਲਾ ਕਰਨਗੇ।’’ ਖੜਗੇ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ’ਚ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਮੁਅੱਤਲ ਕਰਨ ਦੀ ਨਿੰਦਾ ਕਰਦਿਆਂ ਇਕ ਮਤਾ ਪਾਸ ਕੀਤਾ ਗਿਆ ਕਿ ਇਹ ਗੈਰ-ਲੋਕਤੰਤਰੀ ਹੈ, ਇਸ ਵਿਰੁਧ ਲੜਨਾ ਹੋਵੇਗਾ।
ਉਨ੍ਹਾਂ ਕਿਹਾ, ‘‘ਅਸੀਂ ਸਿਰਫ ਇਹ ਕਹਿ ਰਹੇ ਹਾਂ ਕਿ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਨੂੰ ਸਦਨ ’ਚ ਆਉਣਾ ਚਾਹੀਦਾ ਹੈ ਅਤੇ ਸੁਰੱਖਿਆ ’ਚ ਸੰਨ੍ਹ ਦੀ ਘਟਨਾ ’ਤੇ ਬਿਆਨ ਦੇਣਾ ਚਾਹੀਦਾ ਹੈ। ਅਜਿਹਾ ਕਦੇ ਨਹੀਂ ਹੋਇਆ ਕਿ ਸੈਸ਼ਨ ਦੌਰਾਨ ਉਹ ਹੋਰ ਥਾਵਾਂ ’ਤੇ ਭਾਸ਼ਣ ਦੇਣ ਅਤੇ ਸਦਨ ’ਚ ਨਾ ਆਉਣ।’’
ਉਨ੍ਹਾਂ ਕਿਹਾ ਕਿ ਸੰਸਦ ਮੈਂਬਰਾਂ ਦੀ ਮੁਅੱਤਲੀ ਵਿਰੁਧ 22 ਦਸੰਬਰ ਨੂੰ ਆਲ ਇੰਡੀਆ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ‘ਇੰਡੀਆ’ ਗੱਠਜੋੜ ਦੇ ਭਾਈਵਾਲਾਂ ਨੇ ਫੈਸਲਾ ਕੀਤਾ ਹੈ ਕਿ ਜਨਵਰੀ ਦੇ ਦੂਜੇ ਹਫਤੇ ਤਕ ਉਹ ਸੀਟਾਂ ਦੀ ਵੰਡ ਨੂੰ ਅੰਤਮ ਰੂਪ ਦੇ ਦੇਣਗੇ।
ਦਿੱਲੀ ਦੇ ਅਸ਼ੋਕ ਹੋਟਲ ’ਚ ਹੋਈ ਬੈਠਕ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਪਾਰਟੀ ਨੇਤਾ ਰਾਹੁਲ ਗਾਂਧੀ ਅਤੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਪਾਰਟੀ ਪ੍ਰਧਾਨ ਰਾਜੀਵ ਰੰਜਨ ਸਿੰਘ ਉਰਫ ਲਲਨ ਸਿੰਘ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਪਾਰਟੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਬੈਠਕ ਵਿਚ ਸ਼ਾਮਲ ਹੋਏ। ਆਰ.ਜੇ.ਡੀ. ਦੇ ਲਾਲੂ ਪ੍ਰਸਾਦ ਯਾਦਵ ਅਤੇ ਤੇਜਸਵੀ ਯਾਦਵ, ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਅਤੇ ਸ਼ਿਵ ਸੈਨਾ ਦੇ ਊਧਵ ਠਾਕਰੇ ਅਤੇ ਆਦਿੱਤਿਆ ਠਾਕਰੇ ਮੀਟਿੰਗ ’ਚ ਸ਼ਾਮਲ ਹੋਏ।
ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਪਾਰਟੀ ਦੇ ਜਨਰਲ ਸਕੱਤਰ ਰਾਮ ਗੋਪਾਲ ਯਾਦਵ, ਡੀ.ਐਮ.ਕੇ. ਦੇ ਤਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਅਤੇ ਸੀਨੀਅਰ ਨੇਤਾ ਟੀ.ਆਰ. ਬਾਲੂ, ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ, ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਮੁਖੀ ਮਹਿਬੂਬਾ ਮੁਫਤੀ, ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਜਯੰਤ ਚੌਧਰੀ, ਅਪਨਾ ਦਲ (ਕੇ) ਦੇ ਕ੍ਰਿਸ਼ਨਾ ਪਟੇਲ ਅਤੇ ਪੱਲਵੀ ਪਟੇਲ ਅਤੇ ਕਈ ਹੋਰ ਨੇਤਾ ਬੈਠਕ ’ਚ ਸ਼ਾਮਲ ਹੋਏ।
‘ਇੰਡੀਆ’ ਗੱਠਜੋੜ ਦੀ ਬੈਠਕ ਤੋਂ ਪਹਿਲਾਂ ਕੇਜਰੀਵਾਲ ਨੇ ਸਟਾਲਿਨ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਗੱਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਦੀ ਬੈਠਕ ਤੋਂ ਪਹਿਲਾਂ ਮੰਗਲਵਾਰ ਨੂੰ ਤਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਨੇ ਸੋਮਵਾਰ ਨੂੰ ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਨਾਲ ਵੀ ਮੁਲਾਕਾਤ ਕੀਤੀ ਸੀ।
ਕੇਜਰੀਵਾਲ ਨੇ ਇਕ ਟਵੀਟ ਕਰਦਿਆਂ ਕਿਹਾ, ‘‘ਅੱਜ ਮੈਨੂੰ ਦਿੱਲੀ ’ਚ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਦਾ ਸੁਭਾਗ ਮਿਲਿਆ ਹੈ। ਅਸੀਂ ਦੇਸ਼ ਦੀ ਮੌਜੂਦਾ ਰਾਜਨੀਤਿਕ ਸਥਿਤੀ ’ਤੇ ਅਪਣੀ ਚਿੰਤਾ ਜ਼ਾਹਰ ਕੀਤੀ ਅਤੇ ਵਿਰੋਧੀ ਗੱਠਜੋੜ ‘ਇੰਡੀਆ’ ਵਲੋਂ ਸਹਿਯੋਗ ਦੀ ਜ਼ਰੂਰਤ ’ਤੇ ਜ਼ੋਰ ਦਿਤਾ।’’
‘ਆਪ’ ਆਗੂ ਰਾਘਵ ਚੱਢਾ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਹਾ, ‘‘ਇਸ ਦਾ ਮੁੱਖ ਉਦੇਸ਼ ਵਿਰੋਧੀ ਗੱਠਜੋੜ ‘ਇੰਡੀਆ’ ਨੂੰ ਮਜ਼ਬੂਤ ਕਰਨਾ ਹੈ। ਮੀਟਿੰਗ ’ਚ ਮੁੱਖ ਤੌਰ ’ਤੇ ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਹੱਲ ’ਤੇ ਵਿਚਾਰ-ਵਟਾਂਦਰੇ ਕੀਤੇ ਗਏ। ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ। ਦੇਸ਼ ਦੇ ਲੋਕ ਵਿਰੋਧੀ ਗੱਠਜੋੜ ‘ਇੰਡੀਆ’ ਨੂੰ ਉਮੀਦ ਭਰੀਆਂ ਨਜ਼ਰਾਂ ਨਾਲ ਵੇਖ ਰਹੇ ਹਨ। ਇਹ ਸਾਡੇ ’ਤੇ ਨਿਰਭਰ ਕਰਦਾ ਹੈ ਕਿ ਅਸੀਂ ਲੋਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਦਾ ਸਤਿਕਾਰ ਕਰਨ ਲਈ ਇਕ ਇਕਾਈ ਵਜੋਂ ਇਕਜੁਟ ਹੋਈਏ।’’
‘ਇੰਡੀਆ’ ਗੱਠਜੋੜ ਨੂੰ ‘ਸਾਰਥੀ’ ਦੀ ਲੋੜ: ਸ਼ਿਵ ਸੈਨਾ
ਪੁਣੇ, 19 ਦਸੰਬਰ: ਸ਼ਿਵ ਸੈਨਾ (ਯੂ.ਬੀ.ਟੀ.) ਨੇ ਮੰਗਲਵਾਰ ਨੂੰ ਕਾਂਗਰਸ ਨੂੰ ਸੁਝਾਅ ਦਿਤਾ ਕਿ ਜੇਕਰ ਉਹ ਵਿਰੋਧੀ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਸਾਰੇ ਸਹਿਯੋਗੀਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ ਅਤੇ 2024 ਦੀਆਂ ਲੋਕ ਸਭਾ ਚੋਣਾਂ ’ਚ ਲੀਡਰਸ਼ਿਪ ਲਈ ਇਕ ‘ਸਾਰਥੀ’ ਨਿਯੁਕਤ ਕਰਨਾ ਚਾਹੀਦਾ ਹੈ। ਸ਼ਿਵ ਸੈਨਾ ਦੇ ਅਖ਼ਬਾਰ ‘ਸਾਮਨਾ’ ਦੇ ਸੰਪਾਦਕੀ ’ਚ ਇਹ ਵੀ ਸੁਝਾਅ ਦਿਤਾ ਗਿਆ ਹੈ ਕਿ ਕਾਂਗਰਸ ਨੂੰ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਚ ਘੱਟੋ-ਘੱਟ 150 ਸੀਟਾਂ (ਅਪਣੇ ਦਮ ’ਤੇ) ਜਿੱਤਣ ਦਾ ਅਹਿਦ ਲੈਣਾ ਚਾਹੀਦਾ ਹੈ।
(For more news apart from INDIA Alliance Meeting, stay tuned to Rozana Spokesman)