
ਆਉਣ ਵਾਲੇ 2 ਹਫਤਿਆਂ 'ਚ ਸਾਰੀ ਤਸਵੀਰ ਸਪੱਸ਼ਟ ਹੋ ਜਾਵੇਗੀ।
Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਘਰ ਵਾਪਸੀ ਯਾਨੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਪਾਰਟੀ ਅਪਣੇ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਅਤੇ ਸਮਰਥਕਾਂ ਦੀ ਰਾਇ ਲਵੇਗੀ। ਇਸ ਦੇ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੰਸਥਾਪਕ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਕ ਕਮੇਟੀ ਬਣਾਈ ਗਈ ਹੈ, ਜੋ ਇਸ ਮੁੱਦੇ 'ਤੇ ਸਾਰੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰੇਗੀ। ਇਸ ਤੋਂ ਬਾਅਦ ਕਮੇਟੀ ਵਲੋਂ ਜੋ ਫੈਸਲਾ ਲਿਆ ਜਾਵੇਗਾ, ਉਹ ਸੱਭ ਨੂੰ ਪ੍ਰਵਾਨ ਹੋਵੇਗਾ। ਆਉਣ ਵਾਲੇ 2 ਹਫਤਿਆਂ 'ਚ ਸਾਰੀ ਤਸਵੀਰ ਸਪੱਸ਼ਟ ਹੋ ਜਾਵੇਗੀ।
ਇਸ ਮਾਮਲੇ ਨੂੰ ਲੈ ਕੇ ਸ਼ਨਿਚਰਵਾਰ ਨੂੰ ਮੁਹਾਲੀ ਵਿਖੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਵਿਚ ਪਾਰਟੀ ਦੇ ਹਰ ਆਗੂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਇਕ ਮੰਚ ’ਤੇ ਆਉਣ ਦੇ ਮੁੱਦੇ ’ਤੇ ਅਪਣੀ ਰਾਏ ਪ੍ਰਗਟਾਈ। ਉਨ੍ਹਾਂ ਇਸ ਕਾਰਨ ਪਾਰਟੀ ਨੂੰ ਹੋਣ ਵਾਲੇ ਨਫੇ-ਨੁਕਸਾਨ ਬਾਰੇ ਵਿਸਥਾਰ ਨਾਲ ਦਸਿਆ।
ਮੀਟਿੰਗ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਨੇ ਦਸਿਆ ਕਿ ਮੀਟਿੰਗ ਵਿਚ ਇਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ, ਜੋ ਪਾਰਟੀ ਦੇ ਅਗਲੇ ਫੈਸਲੇ ਸਬੰਧੀ ਲੀਡਰਸ਼ਿਪ ਤੋਂ ਸੁਝਾਅ ਲਵੇਗੀ। ਇਸ ਦੇ ਨਾਲ ਹੀ ਕਮੇਟੀ ਵਲੋਂ ਜੋ ਫੈਸਲਾ ਲਿਆ ਜਾਵੇਗਾ, ਉਹ ਸੱਭ ਨੂੰ ਪ੍ਰਵਾਨ ਹੋਵੇਗਾ।
ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਨਾਲ ਗਠਜੋੜ ਦੀ ਸੰਭਾਵਨਾ ਬਾਰੇ ਅਜੇ ਕੁੱਝ ਨਹੀਂ ਕਿਹਾ ਜਾ ਸਕਦਾ। ਸਾਰੀ ਲੀਡਰਸ਼ਿਪ ਤੋਂ ਫੀਡਬੈਕ ਲੈ ਕੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਵਲੋਂ ਦਿਤੇ ਬਿਆਨ ‘ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਬੰਦੀ ਸਿੱਖਾਂ ਦੀ ਰਿਹਾਈ ਲਈ ਕੋਈ ਵਿਚਕਾਰਲਾ ਰਸਤਾ ਕੱਢਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੁਖਬੀਰ ਬਾਦਲ ਨੇ ਨਾਰਾਜ਼ ਅਕਾਲੀ ਆਗੂਆਂ ਨੂੰ ਪਾਰਟੀ ਵਿਚ ਵਾਪਸ ਆਉਣ ਦੀ ਅਪੀਲ ਕੀਤੀ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।