ਮੁੱਖ ਮੰਤਰੀ ਦੀ ਵਾਇਰਲ ਵੀਡੀਓ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ 'ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ- ਭਾਜਪਾ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਮੁੱਖ ਮੰਤਰੀ ਦੀ ਵਾਇਰਲ ਵੀਡੀਓ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ |
ਅੱਜ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ 'ਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਜਿਸ ਮਾਮਲੇ ਨੇ ਪੂਰੇ ਪੰਜਾਬ 'ਚ ਚਰਚਾ ਪੈਦਾ ਕਰ ਦਿੱਤੀ ਹੈ, ਉਸ ਦੀ ਜਾਂਚ ਜੇਕਰ ਪੰਜਾਬ ਪੁਲਿਸ ਕਰੇਗੀ ਤਾਂ ਨਿਰਪੱਖ ਨਤੀਜੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ |
ਪੰਜਾਬ ਭਾਜਪਾ ਦੇ ਸੁਬਾ ਮੀਡਿਆ ਮੁਖੀ ਵਿਨੀਤ ਜੋਸ਼ੀ ਦੀ ਹਾਜ਼ਰੀ ਚ ਬਰਾੜ ਨੇ ਸਾਫ਼ ਸ਼ਬਦਾਂ 'ਚ ਕਿਹਾ ਕਿ ਪੰਜਾਬ ਪੁਲਿਸ ਗ੍ਰਹਿ ਵਿਭਾਗ ਦੇ ਅਧੀਨ ਹੈ ਅਤੇ ਇਹ ਵਿਭਾਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥ 'ਚ ਹੈ | ਇਸ ਹਾਲਤ 'ਚ ਨਿਆਂਸੰਗਤ ਜਾਂਚ ਹੋਣ ਦੀ ਸੰਭਾਵਨਾ ਘੱਟ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਜਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਿਸੇ ਸਿਟਿੰਗ ਜਜ ਨੂੰ ਸੌਂਪੀ ਜਾਵੇ ਤਾਂ ਜੋ ਪੂਰਾ ਸੱਚ ਸਾਹਮਣੇ ਆ ਸਕੇ ਤੇ ਲੋਕਾਂ ਦਾ ਵਿਸ਼ਵਾਸ ਦੁਬਾਰਾ ਬਣ ਸਕੇ |
ਉਨ੍ਹਾਂ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਦੇਸ਼ ਦੌਰੇ ਦੌਰਾਨ ਜਗਮਨ ਸਮਰਾ ਸਰਗਰਮ ਭੂਮਿਕਾ ਅਦਾ ਕਰਦਾ ਸੀ |
ਬਰਾੜ ਨੇ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇ ਮੁੱਖ ਮੰਤਰੀ ਨੂੰ ਖੁਦ 'ਤੇ ਪੂਰਾ ਭਰੋਸਾ ਹੈ ਤਾਂ ਉਨਾਂ ਨੂੰ ਖੁਦ ਅੱਗੇ ਆ ਕੇ ਪੋਲੀਗ੍ਰਾਫੀ ਟੈਸਟ (ਝੂਠ ਫ਼ੜਨ ਵਾਲਾ ਟੈਸਟ) ਲਈ ਤਿਆਰ ਹੋਣਾ ਚਾਹੀਦਾ ਹੈ | ਇਹ ਕਦਮ ਉਹਨਾਂ ਦੀ ਸਾਫ਼ ਨੀਅਤ ਅਤੇ ਪਾਰਦਰਸ਼ਤਾ ਨੂੰ ਦਰਸਾਏਗਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਭਿ੍ਸ਼ਟਾਚਾਰ ਅਤੇ ਰਾਜਨੀਤਿਕ ਦਬਾਅ ਕਾਰਨ ਕਈ ਮਾਮਲੇ ਦਬਾ ਦਿੱਤੇ ਜਾਂਦੇ ਹਨ |
ਮੌਜੂਦਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਹੁਣ ਪ੍ਰਸ਼ਾਸਨਿਕ ਪ੍ਰਣਾਲੀ ਵੀ ਪਾਰਦਰਸ਼ਤਾ ਗੁਆ ਚੁੱਕੀ ਹੈ |
ਪੰਜਾਬ ਦੇ ਲੋਕ ਹੁਣ ਸੱਚਾਈ ਜਾਣਨਾ ਚਾਹੁੰਦੇ ਹਨ ਤੇ ਜੇ ਸਰਕਾਰ ਇਮਾਨਦਾਰ ਹੈ ਤਾਂ ਉਹ ਕਿਸੇ ਵੀ ਤਰ੍ਹਾਂ ਦੀ ਨਿਰਪੱਖ ਜਾਂਚ ਤੋਂ ਨਹੀਂ ਡਰੇਗੀ |
ਬਰਾੜ ਨੇ ਕਿਹਾ ਕਿ ਇਹ ਮਾਮਲਾ ਇੱਕ ਸੂਬੇ ਦੇ ਮੁੱਖ ਮੰਤਰੀ ਨਾਲ ਜੁੜਿਆ ਹੋਇਆ ਹੈ ਇਸ ਲਈ ਜੇਕਰ ਮਾਮਲੇ ਦੀ ਜਾਂਚ ਨਿਰਪੱਖ ਤਰੀਕੇ ਨਾਲ ਹੋਵੇ ਤਾਂ ਸੱਚ ਆਪਣੇ ਆਪ ਸਾਹਮਣੇ ਆ ਜਾਵੇਗਾ |
