
ਪ੍ਰਧਾਨ ਮੰਤਰੀ ਰਿਹਾਇਸ਼ ਦੇ ਘਿਰਾਓ ਦਾ ਕੀਤਾ ਸੀ ਐਲਾਨ
AAP Protest News: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪ੍ਰਧਾਨ ਮੰਤਰੀ ਰਿਹਾਇਸ਼ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਰਿਹਾਇਸ਼ ਵੱਲ ਵਧ ਰਹੇ ‘ਆਪ’ ਦੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲਿਆ ਹੈ। ਇਨ੍ਹਾਂ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਸਣੇ ਕਈ ਸੀਨੀਅਰ ਆਗੂ ਸ਼ਾਮਲ ਹਨ।
ਪਾਰਟੀ ਹੈੱਡਕੁਆਰਟਰ 'ਤੇ ਇਕੱਠੇ ਹੋਏ 'ਆਪ' ਵਰਕਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਪੁਲਿਸ ਵਲੋਂ ਕਈਆਂ ਨੂੰ ਬੱਸਾਂ ਵਿਚ ਲਿਜਾਂਦੇ ਦੇਖਿਆ ਗਿਆ। ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿਤੀ ਹੈ। ਇੰਨਾ ਹੀ ਨਹੀਂ ਇਸ ਕਾਰਨ ਕਈ ਮੈਟਰੋ ਸਟੇਸ਼ਨ ਵੀ ਬੰਦ ਕਰ ਦਿਤੇ ਗਏ ਹਨ। ਇਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ।
‘ਇਨਕਲਾਬ ਜ਼ਿੰਦਾਬਾਦ’ ਅਤੇ ‘ਕੇਜਰੀਵਾਲ ਜ਼ਿੰਦਾਬਾਦ’ ਦੇ ਨਾਅਰੇ ਲਾਉਂਦੇ ਹੋਏ ‘ਆਪ’ ਦੇ ਵਰਕਰ ਅਤੇ ਆਗੂ ਗਰੁੱਪਾਂ ਵਿਚ ਇਲਾਕੇ ਦੇ ਮੈਟਰੋ ਸਟੇਸ਼ਨ ’ਤੇ ਪੁੱਜੇ ਸਨ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜ਼ਾਬਤਾ ਫੌਜਦਾਰੀ ਪ੍ਰਕਿਰਿਆ (ਸੀਆਰਪੀਸੀ) ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ ਖੇਤਰ ਵਿਚ ਲਾਗੂ ਹਨ ਅਤੇ ਪੁਲਿਸ ਕਿਸੇ ਨੂੰ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਾਨੂੰ ਇਹ ਇਲਾਕਾ ਖਾਲੀ ਕਰਨਾ ਪਵੇਗਾ। ਉਨ੍ਹਾਂ ਕਿਹਾ, 'ਅਸੀਂ ਇਥੇ ਕਿਸੇ ਨੂੰ ਵੀ ਇਕੱਠੇ ਨਹੀਂ ਹੋਣ ਦੇਵਾਂਗੇ।'
(For more Punjabi news apart from AAP Protest against arvind kejriwal arrest News, stay tuned to Rozana Spokesman)