
ਸੰਵਿਧਾਨ ਦਿਵਸ ਉੱਤੇ ਕਿਸਾਨਾਂ ਤੋਂ ਸੰਵਿਧਾਨਿਕ ਤਰੀਕੇ ਨਾਲ ਪ੍ਰਦਰਸ਼ਨ ਕਰਨ ਦਾ ਹੱਕ ਖੋਹਣਾ ਅਤਿ ਨਿੰਦਣਯੋਗ
ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਮੋਦੀ ਅਤੇ ਖੱਟੜ ਵਲੋਂ ਕਿਸਾਨਾਂ ਉੱਤੇ ਕੀਤੇ ਜ਼ੁਲਮ ਦੀ ਸਖਤ ਨਿਖੇਧੀ ਕੀਤੀ ਗਈ। ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਅਤਿ ਨਿੰਦਣ ਯੋਗ ਹੈ ਅਤੇ ਆਮ ਆਦਮੀ ਪਾਰਟੀ ਇਸ ਦਾ ਸਖ਼ਤ ਵਿਰੋਧ ਕਰਦੀ ਹੈ।
Bhagwant Mann
ਮਾਨ ਨੇ ਕਿਹਾ ਕਿ ਸਾਡਾ ਸੰਵਿਧਾਨ ਲੋਕਤੰਤਰਿਕ ਢੰਗ ਨਾਲ ਰੋਸ ਪ੍ਰਗਟਾਉਣ ਦਾ ਅਧਿਕਾਰ ਦਿੰਦਾ ਹੈ, ਪਰ ਅੱਜ ਦੁੱਖ ਦੀ ਗੱਲ ਹੈ ਕਿ ਸੰਵਿਧਾਨ ਦਿਵਸ ਵਾਲੇ ਦਿਨ ਹੀ ਭਾਜਪਾ ਇਹ ਅਧਿਕਾਰ ਖੋਹਣ ਦੀ ਕੋਸ਼ਿਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਕਿਸਾਨਾਂ ਦਾ ਲੋਕਤੰਤਰਿਕ ਅਧਿਕਾਰ ਹੈ ਅਤੇ ਕੋਈ ਵੀ ਇਸ ਅਧਿਕਾਰ ਨੂੰ ਖੋਹ ਨਹੀਂ ਸਕਦਾ।
Farmer Protest
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰੇਗੀ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ। ਉਨ੍ਹਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਉੱਤੇ ਫ਼ਸਲਾਂ ਦੀ ਖ਼ਰੀਦ ਕਿਸਾਨਾਂ ਦਾ ਹੱਕ ਹੈ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਐੱਮਐੱਸਪੀ ਦੀ ਗਰੰਟੀ ਦਿਵਾਉਣ ਲਈ ਹਰ ਪੱਧਰ ਉਤੇ ਅੰਦੋਲਨਾਂ ਲਈ ਮੈਦਾਨ ਵਿਚ ਡਟੇਗੀ।
Manohar Lal Khattar
ਉਨ੍ਹਾਂ ਕਿਹਾ ਕਿ ਮੋਦੀ ਅਤੇ ਕੈਪਟਨ ਵਰਗੇ ਮਾੜੇ ਸ਼ਾਸਨ ਕਾਰਨ ਹੀ ਅੱਜ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਹ ਦਿਨ ਵੇਖਣੇ ਪੈ ਰਹੇ ਹਨ। ਪੰਜਾਬ ਦੇ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਬੇਹੱਦ ਕਮਜ਼ੋਰ ਸ਼ਾਸਕ ਹਨ ਅਤੇ ਜੇਕਰ ਉਹ ਲੋਕਾਂ ਦੀ ਆਵਾਜ਼ ਸਹੀ ਢੰਗ ਨਾਲ ਚੁੱਕਦੇ ਤਾਂ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਹ ਦਿਨ ਦੇਖਣੇ ਨਾ ਪੈਂਦੇ।
Captian Amrinder singh
ਮਾਨ ਨੇ ਕਿਹਾ ਕਿ ਮੋਦੀ ਨੇ ਸਰਕਾਰ ਸਥਾਪਤੀ ਤੋਂ ਬਾਅਦ ਸਾਰੇ ਹੀ ਫ਼ੈਸਲੇ ਗ਼ਲਤ ਲਏ ਹਨ ਅਤੇ ਹੁਣ ਕਿਸਾਨਾਂ ਨੂੰ ਐੱਮਐੱਸਪੀ ਦੇਣ ਤੋਂ ਵੀ ਭੱਜ ਰਿਹਾ ਹੈ ਅਜਿਹੇ ਹਾਲਾਤਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਦੇ ਹੋਏ ਐੱਮਐੱਸਪੀ ਦੀ ਗਾਰੰਟੀ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਮਜ਼ਦੂਰ ਅਤੇ ਵਪਾਰੀ ਸੂਬੇ ਦੀ ਰੀੜ੍ਹ ਦੀ ਹੱਡੀ ਹਨ ਇਨ੍ਹਾਂ ਤੋਂ ਬਿਨਾਂ ਪੰਜਾਬ ਦਾ ਗੁਜ਼ਾਰਾ ਨਾਮੁਮਕਿਨ ਹੈ ਸੋ ਇਸ ਸਮੇਂ ਲੋੜ ਹੈ ਕਿ ਇਨ੍ਹਾਂ ਤਿੰਨਾਂ ਨੂੰ ਬਚਾਇਆ ਜਾਵੇ।
PM Modi
ਮਾਨ ਨੇ ਕਿਹਾ ਕਿ ਪਹਿਲਾ ਕੋਰੋਨਾ ਕਾਰਨ ਅਤੇ ਬਾਅਦ ਵਿਚ ਮੋਦੀ ਸਰਕਾਰ ਦੀ ਅੜੀ ਅਤੇ ਕੈਪਟਨ ਦੀ ਕਮਜ਼ੋਰੀ ਕਰਕੇ ਹੀ ਸੂਬੇ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਨਾਲ ਪੰਜਾਬ ਦਾ ਬੁਰਾ ਹਾਲ ਹੋਇਆ ਹੈ ਵਪਾਰੀਆਂ ਦਾ ਸਾਰਾ ਧੰਦਾ ਚੌਪਟ ਹੋ ਗਿਆ ਹੈ ਤੇ ਮਜ਼ਦੂਰ ਦੋ ਵਕਤ ਦੀ ਰੋਟੀ ਲਈ ਲੜ ਰਹੇ ਹਨ।
Farmer protest
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋ ਰਹੇ ਕਿਸਾਨ ਮਜ਼ਦੂਰ ਸੰਘਰਸ਼ ਅਤੇ ਵਪਾਰੀਆਂ ਦੀ ਦੁਰਦਸ਼ਾ ਲਈ ਮੋਦੀ ਅਤੇ ਕੈਪਟਨ ਬਰਾਬਰ ਦੇ ਜ਼ਿੰਮੇਵਾਰ ਹਨ। ਜੇਕਰ ਮੋਦੀ ਕਿਸਾਨਾਂ ਦੀ ਆਵਾਜ਼ ਨੂੰ ਸੁਣ ਕੇ ਉਨ੍ਹਾਂ ਦੀ ਮੁਸ਼ਕਿਲ ਦਾ ਹੱਲ ਲੱਭ ਲੈਂਦੇ ਅਤੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਮੋਦੀ ਤੱਕ ਸਹੀ ਢੰਗ ਨਾਲ ਪਹੁੰਚਾਉਣ ਵਿੱਚ ਸਫ਼ਲ ਹੁੰਦੇ ਤਾਂ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਹ ਦਿਨ ਨਾ ਵੇਖਣੇ ਪੈਂਦੇ ਅਤੇ ਸੂਬੇ ਦਾ ਵਪਾਰੀ ਬੇਹਾਲ ਨਾ ਹੁੰਦਾ।