
ਭਾਜਪਾ ਵਲੋਂ ਨਵਾਂ ਅਹੁਦਾ ਮਿਲਣ ਦੀ ਚਰਚਾ ਤੇਜ਼
ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ, ਭਾਜਪਾ ਕਾਰਜਕਾਰਨੀ 'ਚ ਵੀ ਹੋਏ ਸ਼ਾਮਲ
ਮੋਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣ ਸਕਦੇ ਹਨ। ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਵਿੱਚ ਸਹਿਮਤੀ ਬਣ ਗਈ ਹੈ। ਕੈਪਟਨ ਨੂੰ ਨਵੀਂ ਜ਼ਿੰਮੇਵਾਰੀ ਸੌਂਪਣ ਦੀ ਚਰਚਾ ਇਸ ਲਈ ਵੀ ਤੇਜ਼ ਹੋ ਗਈ ਹੈ ਕਿਉਂਕਿ ਕੈਪਟਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੇ ਸਬੰਧ ਹਨ। ਇਸ ਦੇ ਨਾਲ ਹੀ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪਹਿਲਾਂ ਹੀ 83 ਮੈਂਬਰੀ ਕੌਮੀ ਕਾਰਜਕਾਰਨੀ ਵਿੱਚ ਸ਼ਾਮਲ ਕਰ ਲਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੂੰ ਰਾਜਪਾਲ ਬਣਾਏ ਜਾਣ ਬਾਰੇ ਪੁੱਛੇ ਜਾਣ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਇੱਥੇ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਭੂਮਿਕਾ ਦੀ ਚਰਚਾ ਉਸ ਸਮੇਂ ਤੇਜ਼ ਹੋ ਗਈ ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 29 ਜਨਵਰੀ ਦੀ ਪਟਿਆਲਾ ਰੈਲੀ ਰੱਦ ਕਰ ਦਿੱਤੀ। ਇਸ ਰੈਲੀ ਨਾਲ ਪੰਜਾਬ ਵਿੱਚ ਭਾਜਪਾ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਹੋਣ ਵਾਲੀ ਸੀ। ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਇਸ ਦੀ ਕਮਾਨ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਗਈ ਸੀ।
ਇਹ ਵੀ ਪੜ੍ਹੋ: ਕਰਜ਼ੇ ਦੀ ਰਿਪੋਰਟ ਤੋਂ ਬਾਅਦ ਡਿੱਗੇ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰ
ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਹੋਏ ਹਨ। ਪਿਛਲੇ ਹਫ਼ਤੇ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ ਸੀ। ਇਸ ਤੋਂ ਬਾਅਦ ਮਹਾਰਾਸ਼ਟਰ ਵਿੱਚ ਨਵੇਂ ਰਾਜਪਾਲ ਦੀ ਨਿਯੁਕਤੀ ਤੈਅ ਮੰਨੀ ਜਾ ਰਹੀ ਹੈ। ਫੌਜ ਤੋਂ ਸੇਵਾਮੁਕਤ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਭਾਜਪਾ ਵਿੱਚ ਰਲੇਵਾਂ ਕਰ ਲਿਆ ਹੈ।
ਰਾਸ਼ਟਰਪਤੀ ਦੇ ਅਹੁਦੇ ਲਈ ਵੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਚਰਚਾ 'ਚ ਰਿਹਾ ਸੀ। ਹਾਲਾਂਕਿ ਬਾਅਦ ਵਿੱਚ ਭਾਜਪਾ ਨੇ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਦਾ ਵਿਦੇਸ਼ 'ਚ ਇਲਾਜ ਚੱਲ ਰਿਹਾ ਸੀ। ਉਦੋਂ ਤੱਕ ਕੈਪਟਨ ਨੇ ਆਪਣੀ ਪਾਰਟੀ ਵੀ ਵੱਖਰੀ ਰੱਖੀ ਹੋਈ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਕੈਪਟਨ ਨੇ ਕਾਂਗਰਸ ਛੱਡ ਕੇ ਭਾਜਪਾ ਨਾਲ ਹੱਥ ਮਿਲਾ ਲਿਆ। ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਸਿੱਧੇ ਤੌਰ ’ਤੇ ਕੋਈ ਸਫ਼ਲਤਾ ਹਾਸਲ ਨਹੀਂ ਕਰ ਸਕੇ। ਭਾਜਪਾ ਵੀ ਜ਼ਿਆਦਾ ਸੀਟਾਂ ਨਹੀਂ ਜਿੱਤ ਸਕੀ। ਕੈਪਟਨ ਆਪ ਤਾਂ ਪਟਿਆਲਾ ਤੋਂ ਚੋਣ ਹਾਰ ਗਏ, ਪਰ ਭਾਜਪਾ ਪੰਜਾਬ ਵਿੱਚ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਵਿੱਚ ਕਾਮਯਾਬ ਰਹੀ।
ਇਹ ਵੀ ਪੜ੍ਹੋ: ਹੈਲੀਕਾਪਟਰ 'ਤੇ ਲਾੜੀ ਵਿਆਹੁਣ ਆਏ ਲਾੜੇ ਨੇ ਪੂਰੀ ਕੀਤੀ ਮਾਪਿਆਂ ਦੀ ਇੱਛਾ
ਜੇਕਰ ਉਨ੍ਹਾਂ ਦੇ ਸਿਆਸੀ ਸਫ਼ਰ ਬਾਰੇ ਗੱਲ ਕਰੀਏ ਤਾਂ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਉਹ ਇਸ ਤੋਂ ਪਹਿਲਾਂ 2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ। ਕੈਪਟਨ ਅਮਰਿੰਦਰ ਸਿੰਘ 1963 ਤੋਂ 1966 ਤੱਕ ਭਾਰਤੀ ਫੌਜ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ।
2014 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਸੀਟ ਤੋਂ ਉਮੀਦਵਾਰ ਬਣਾਇਆ ਸੀ। ਉਨ੍ਹਾਂ ਦੇ ਸਾਹਮਣੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਸਨ। ਉਨ੍ਹਾਂ ਨੂੰ ਹਰਾ ਕੇ ਕੈਪਟਨ ਅਮਰਿੰਦਰ ਸਿੰਘ ਸੰਸਦ ਮੈਂਬਰ ਬਣ ਗਏ, ਪਰ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ। ਉਹ 2017 ਵਿੱਚ ਕਾਂਗਰਸ ਦੀ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚੁਣੇ ਗਏ ਸਨ।