
ਕੁਮਾਰੀ ਸ਼ੈਲਜਾ ਨੇ ਪਿਛਲੇ ਹਫਤੇ ਹੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਅਤੇ ਉਹਨਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ
ਚੰਡੀਗੜ੍ਹ: ਸਾਬਕਾ ਵਿਧਾਇਕ ਉਦੈ ਭਾਨ ਨੂੰ ਹੁਣ ਹਰਿਆਣਾ ਕਾਂਗਰਸ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਨੇ ਕੁਮਾਰੀ ਸ਼ੈਲਜਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਅਤੇ ਸੂਬਾ ਪ੍ਰਧਾਨ ਵਜੋਂ ਉਦੈ ਭਾਨ ਦੇ ਨਾਂ ਦਾ ਐਲਾਨ ਕਰ ਦਿੱਤਾ। ਉਹਨਾਂ ਦੇ ਨਾਲ 4 ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ। ਸਾਬਕਾ ਸੰਸਦ ਮੈਂਬਰ ਸ਼ਰੂਤੀ ਚੌਧਰੀ, ਸਾਬਕਾ ਵਿਧਾਇਕ ਰਾਮ ਕਿਸ਼ਨ ਗੁਰਜਰ, ਜਤਿੰਦਰ ਭਾਰਦਵਾਜ ਅਤੇ ਸੁਰੇਸ਼ ਗੁਪਤਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਉਦੈ ਭਾਨ ਨੇ ਕਿਹਾ ਕਿ ਜਿਸ ਸੰਸਥਾ ਦੀ ਕਮੀ ਹੈ, ਉਸ ਨੂੰ ਦੂਰ ਕੀਤਾ ਜਾਵੇਗਾ। ਪੂਰੇ ਹਰਿਆਣਾ ਵਿਚ ਕਾਂਗਰਸ ਸਾਰਿਆਂ ਨੂੰ ਨਾਲ ਲੈ ਕੇ ਚੱਲੇਗੀ। ਸਾਬਕਾ ਸੀਐਮ ਹੁੱਡਾ ਨੇ ਕਿਹਾ ਕਿ ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਉਦੈ ਭਾਨ ਦੇ ਪ੍ਰਧਾਨ ਬਣਨ ਨਾਲ ਪਾਰਟੀ ਮਜ਼ਬੂਤ ਹੋਵੇਗੀ।
ਜਾਣਕਾਰੀ ਮੁਤਾਬਕ ਕੁਮਾਰੀ ਸ਼ੈਲਜਾ ਨੇ ਪਿਛਲੇ ਹਫਤੇ ਹੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਅਤੇ ਉਹਨਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਕੁਮਾਰੀ ਸ਼ੈਲਜਾ ਦਾ ਅਸਤੀਫਾ ਸਵੀਕਾਰ ਕਰ ਲਿਆ ਅਤੇ ਉਦੈ ਭਾਨ ਨੂੰ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।