
ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਬਣਾਉਣ ਦੇ ਸਵਾਲ 'ਤੇ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਅਜੇ ਤੱਕ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਿਸ਼ੇਸ਼ ਸਿਖਲਾਈ ਕੈਂਪ ਵਿਚ ਅੱਜ ਨੂੰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਭਾਜਪਾ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਜਲ ਸ਼ਕਤੀ ਮੰਤਰੀ ਨੇ ਕਿਹਾ ਕਿ ਸੰਗਰੂਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ ਸਬੰਧੀ ਰਣਨੀਤੀ ਬਾਰੇ ਜਲਦੀ ਹੀ ਸਾਰੇ ਪਾਰਟੀ ਆਗੂ ਵਿਚਾਰ ਵਟਾਂਦਰਾ ਕਰਨਗੇ।
ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਬਣਾਉਣ ਦੇ ਸਵਾਲ 'ਤੇ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਅਜੇ ਤੱਕ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਸੰਧੀ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਗਠਜੋੜ ਕਾਇਮ ਰਹੇਗਾ ਅਤੇ ਅਗਲੀਆਂ ਚੋਣਾਂ ਵੀ ਗਠਜੋੜ ਵਿਚ ਹੀ ਲੜੀਆਂ ਜਾਣਗੀਆਂ।
ਇਸ ਦੇ ਨਾਲ ਦਿੱਲੀ ਸਰਕਾਰ ਵੱਲੋਂ ਹਰਿਆਣਾ ’ਤੇ ਘੱਟ ਪਾਣੀ ਦੇਣ ਦੇ ਇਲਜ਼ਾਮ ਸਬੰਧੀ ਉਹਨਾਂ ਕਿਹਾ ਕਿ ਦਿੱਲੀ ਸਰਕਾਰ ਝੂਠ ਬੋਲ ਰਹੀ ਹੈ ਕਿ ਹਰਿਆਣਾ ਸਰਕਾਰ ਦਿੱਲੀ ਨੂੰ ਪਾਣੀ ਨਹੀਂ ਦੇ ਰਹੀ। ਦਿੱਲੀ ਨੂੰ ਉਸ ਦੇ ਹਿੱਸੇ ਦਾ ਪਾਣੀ ਮਿਲ ਰਿਹਾ ਹੈ, ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਦਿੱਲੀ ਨੂੰ ਵਾਧੂ ਪਾਣੀ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਸਾਬ੍ਹ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਅਜਿਹੇ ਮੁੱਦੇ ਉਠਾਉਂਦੇ ਹਨ। ਕੇਜਰੀਵਾਲ ਨੂੰ ਆਪਣੇ ਸਿਸਟਮ ਨੂੰ ਸੁਧਾਰਨ 'ਤੇ ਧਿਆਨ ਦੇਣਾ ਚਾਹੀਦਾ ਹੈ ਨਾ ਕਿ ਦੂਜਿਆਂ 'ਤੇ ਦੋਸ਼ ਲਗਾਉਣਾ ਚਾਹੀਦਾ ਹੈ।