
ਅੱਜ ਹੋਵੇਗੀ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
Lok Sabha Elections: ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੇ ਕੋਰ ਗਰੁੱਪ ਦੀ ਮੀਟਿੰਗ ਬੁੱਧਵਾਰ (28 ਫਰਵਰੀ) ਸ਼ਾਮ ਨੂੰ ਹੋਈ। ਪਾਰਟੀ ਪ੍ਰਧਾਨ ਜੇਪੀ ਨੱਡਾ ਦੀ ਪ੍ਰਧਾਨਗੀ ਹੇਠ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਹੋਈ। ਮੀਟਿੰਗ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਏ। ਦੋਵਾਂ ਆਗੂਆਂ ਨੇ ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ ਅਤੇ ਉੱਤਰਾਖੰਡ ਸਮੇਤ ਕਈ ਸੂਬਿਆਂ ਦੇ ਪਾਰਟੀ ਨੇਤਾਵਾਂ ਨਾਲ ਵੱਖ-ਵੱਖ ਗੱਲਬਾਤ ਕੀਤੀ ਹੈ। ਇਸ ਦੇ ਨਾਲ ਹੀ ਯੂਪੀ, ਛੱਤੀਸਗੜ੍ਹ ਅਤੇ ਤੇਲੰਗਾਨਾ ਦੇ ਪਾਰਟੀ ਆਗੂਆਂ ਨਾਲ ਪਹਿਲਾਂ ਹੀ ਮੀਟਿੰਗਾਂ ਹੋ ਚੁੱਕੀਆਂ ਹਨ।
ਪਾਰਟੀ ਸੂਤਰਾਂ ਮੁਤਾਬਕ ਭਾਜਪਾ ਦੀ ਪਹਿਲੀ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ਸ਼ਾਮਲ ਹੋ ਸਕਦੇ ਹਨ। ਇਸ ਤੋਂ ਇਲਾਵਾ 2019 ਦੀਆਂ ਲੋਕ ਸਭਾ ਚੋਣਾਂ 'ਚ ਹਾਰਨ ਵਾਲੇ ਨੇਤਾਵਾਂ ਦੇ ਨਾਂ ਵੀ ਸੂਚੀ 'ਚ ਸ਼ਾਮਲ ਕੀਤੇ ਜਾ ਸਕਦੇ ਹਨ। ਸੂਤਰਾਂ ਮੁਤਾਬਕ ਮੀਟਿੰਗ ਵਿਚ ਨੌਜਵਾਨ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਟਿਕਟਾਂ ਦੇਣ ਬਾਰੇ ਵਿਚਾਰ ਕੀਤਾ ਗਿਆ ਹੈ।
2019 ਦੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਦੀ ਪਹਿਲੀ ਸੂਚੀ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ਵੀ ਸ਼ਾਮਲ ਸਨ। ਉਸ ਸਮੇਂ ਦੌਰਾਨ ਅਮਿਤ ਸ਼ਾਹ ਪਾਰਟੀ ਦੇ ਕੌਮੀ ਪ੍ਰਧਾਨ ਸਨ। ਉਨ੍ਹਾਂ ਗਾਂਧੀਨਗਰ ਤੋਂ ਚੋਣ ਲੜੀ ਸੀ। ਭਾਜਪਾ ਪਾਰਟੀ ਲਈ 370 ਅਤੇ ਐਨਡੀਏ ਨੂੰ 400 ਤੋਂ ਵੱਧ ਸੀਟਾਂ ਜਿੱਤਣ ਦੇ ਟੀਚੇ ਨਾਲ ਚੋਣਾਂ ਦੀ ਤਿਆਰੀ ਕਰ ਰਹੀ ਹੈ।
ਇਸ ਦੇ ਨਾਲ ਹੀ ਦਿੱਲੀ ਭਾਜਪਾ ਨੇ ਦਿੱਲੀ ਦੀਆਂ 7 ਲੋਕ ਸਭਾ ਸੀਟਾਂ ਲਈ 25-30 ਉਮੀਦਵਾਰਾਂ ਦੀ ਸੂਚੀ ਕੌਮੀ ਲੀਡਰਸ਼ਿਪ ਨੂੰ ਸੌਂਪ ਦਿਤੀ ਹੈ। ਪਾਰਟੀ ਸੂਤਰਾਂ ਮੁਤਾਬਕ ਇਸ ਸੂਚੀ 'ਚ ਮੌਜੂਦਾ ਸੰਸਦ ਮੈਂਬਰ ਮੀਨਾਕਸ਼ੀ ਲੇਖੀ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਬੰਸੂਰੀ ਸਵਰਾਜ ਦੇ ਨਾਂ ਸ਼ਾਮਲ ਹਨ। ਇਹ ਸੂਚੀ ਪਾਰਟੀ ਹੈੱਡਕੁਆਰਟਰ ਵਿਚ ਹੋਈ ਮੀਟਿੰਗ ਵਿੱਚ ਸੌਂਪੀ ਗਈ। ਕਿਆਸ ਲਗਾਏ ਜਾ ਰਹੇ ਹਨ ਕਿ ਦਿੱਲੀ ਦੇ ਤਿੰਨ ਤੋਂ ਚਾਰ ਮੌਜੂਦਾ ਸੰਸਦ ਮੈਂਬਰਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ।
ਉਧਰ ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਪਹਿਲੀ ਮੀਟਿੰਗ ਵੀਰਵਾਰ (29 ਫਰਵਰੀ) ਨੂੰ ਦਿੱਲੀ ਵਿਚ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਜੇਪੀ ਨੱਡਾ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਚੋਟੀ ਦੇ ਨੇਤਾ ਇਸ 'ਚ ਹਿੱਸਾ ਲੈਣਗੇ। ਸੂਤਰਾਂ ਮੁਤਾਬਕ ਇਸ ਬੈਠਕ 'ਚ ਪਾਰਟੀ ਲੋਕ ਸਭਾ ਚੋਣਾਂ ਲਈ 100 ਤੋਂ 120 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਮੀਟਿੰਗ ਦੌਰਾਨ ਆਗੂਆਂ ਵਲੋਂ 2014 ਦੀਆਂ ਲੋਕ ਸਭਾ ਚੋਣਾਂ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਵਲੋਂ ਹਾਰੀਆਂ ਸੀਟਾਂ ਬਾਰੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।
(For more Punjabi news apart from BJP core group meeting held in Delhi amid lok sabha elections, stay tuned to Rozana Spokesman)