
ਕਿਹਾ- ਪੁਲਿਸ ਅਤੇ ਏਜੰਸੀਆਂ ਗੈਂਗਸਟਰਾਂ ਦਾ ਸਫਾਇਆ ਜ਼ਰੂਰ ਕਰਨਗੀਆਂ
ਲੁਧਿਆਣਾ: ਬਿਕਰਮ ਮਜੀਠੀਆ ਨੂੰ ਨਿਸ਼ਾਨੇ ’ਤੇ ਲੈਂਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਇਹ ਪਰਿਵਾਰ ਪੰਜਾਬ ਅਤੇ ਦੇਸ਼ ਦਾ ਗੱਦਾਰ ਹੈ। ਉਹਨਾਂ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਉਸ ਨੂੰ ਬਾਦਲ ਪਰਿਵਾਰ ਕਰਕੇ ਹੀ ਲੋਕ ਜਾਣਦੇ ਹਨ। ਇਹਨਾਂ ਕਰਕੇ ਹੀ ਸਾਡੇ ਨੌਜਵਾਨ ਚਿੱਟੇ ਦੀ ਭੇਟ ਚੜ ਰਹੇ ਹਨ। ਬਿੱਟੂ ਨੇ ਕਿਹਾ ਕਿ ਅਕਾਲੀ ਦਲ ਦਾ ਕੋਈ ਸਟੈਂਡ ਨਹੀਂ ਹੈ।
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਬਾਰੇ ਗੱਲ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹਨਾਂ ਚੋਣਾਂ ਨੂੰ 11 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਸਭ ਤੋਂ ਵੱਡੇ ਲੁਟੇਰੇ ਅਕਾਲੀ ਉੱਤੇ ਕਾਬਜ ਹਨ। ਜੇਕਰ ਭਾਜਪਾ ਅਤੇ ਆਮ ਆਦਮੀ ਪਾਰਟੀ ਪੰਜਾਬ ਵਿਚ ਗੁਰਦੁਆਰਾ ਸਾਹਿਬਾਨਾਂ ਦਾ ਚੰਗਾ ਪ੍ਰਬੰਧ ਚਾਹੁੰਦੀ ਹੈ ਤਾਂ ਇਹ ਚੋਣਾਂ ਹੋਣੀਆਂ ਬਹੁਤ ਜ਼ਰੂਰੀ ਹਨ। ਇਸ ਤੋਂ ਬਾਅਦ ਹੀ ਧਰਮ ਪਰਿਵਰਤਨ ਨੂੰ ਰੋਕਿਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਉਹਨਾਂ ਨੂੰ ਜੱਗੂ ਭਗਵਾਨਪੁਰੀਆ ਗੈਂਗ ਵੱਲੋਂ ਧਮਕੀਆਂ ਮਿਲ ਰਹੀਆਂ ਹਨ ਪਰ ਸਾਨੂੰ ਇਸ ਦੀ ਕੋਈ ਪਰਵਾਹ ਨਹੀਂ ਹੈ। ਉਹਨਾਂ ਕਿਹਾ ਕਿ ਸਾਡੀਆਂ ਏਜੰਸੀਆਂ ਅਤੇ ਪੁਲਿਸ ਇਹਨਾਂ ਗੈਂਗਸਟਰਾਂ ਦਾ ਸਫਾਇਆ ਜ਼ਰੂਰ ਕਰੇਗੀ।
ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਤੇ ਉਹਨਾਂ ਕਿਹਾ ਕਿ ਉਹ ਕੇਂਦਰ ਨੂੰ ਅਪੀਲ ਕਰਨਗੇ ਕਿ ਉਹਨਾਂ ਨੂੰ ਰਾਹਤ ਨਾ ਦਿੱਤੀ ਜਾਵੇ। ਕੇਂਦਰ ਸਰਕਾਰ ਨੂੰ ਇਸ ’ਤੇ ਸਟੈਂਡ ਲੈਣਾ ਚਾਹੀਦਾ ਹੈ। ਜੇਕਰ ਅਜਿਹੇ ਲੋਕ ਬਾਹਰ ਆਉਂਦੇ ਹਨ ਤਾਂ ਪਤਾ ਨਹੀਂ ਕਿੰਨੇ ਲੋਕਾਂ ਦੀਆਂ ਜਾਨਾਂ ਲੈਣਗੇ। ਅੰਮ੍ਰਿਤਪਾਲ ਸਿੰਘ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਉਹਨਾਂ ਬਾਰੇ ਜ਼ਿਆਦਾ ਨਹੀਂ ਜਾਣਦੇ, ਇਸ ਲਈ ਕੋਈ ਬਿਆਨ ਨਹੀਂ ਦੇ ਸਕਦੇ। ਪਠਾਨਕੋਟ ਡਿਲੀਵਰੀ ਮਾਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕ ਦਾ ਨਮੂਨਾ ਹੈ। ਇਹ ਮਾਮਲਾ ਬਹੁਤ ਹੀ ਸ਼ਰਮਸਾਰ ਕਰਨ ਵਾਲਾ ਹੈ।