
ਹੁਣ ਤੱਕ ਦੇ ਆਜ਼ਾਦ ਉਮੀਦਵਾਰਾਂ ਦੇ ਅੰਕੜਿਆਂ ’ਤੇ ਇਕ ਨਜ਼ਰ
ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਦੇ ਚਲਦਿਆਂ ਆਗੂਆਂ ਵਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਪਾਰਟੀ ਵਲੋਂ ਟਿਕਟ ਨਾ ਦੇਣ ਕਾਰਨ ਨਾਰਾਜ਼ ਹੋਏ ਆਗੂ ਅਕਸਰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕਰਦੇ ਹਨ ਪਰ ਜੇਕਰ ਅਸੀਂ ਪਿਛਲੇ ਸਾਲਾਂ ਦੇ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ ਪੰਜਾਬ ਵਿਚ ਆਜ਼ਾਦ ਉਮੀਦਵਾਰਾਂ ਦਾ ਰੁਝਾਨ ਫਿੱਕਾ ਪੈਂਦਾ ਜਾ ਰਿਹਾ ਹੈ। ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟ ਦੇਣ ਨੂੰ ਪਹਿਲ ਦਿੰਦੇ ਹਨ।
ਜੇਕਰ ਪੰਜਾਬ ਚੋਣਾਂ ਦਾ ਇਤਿਹਾਸ ਦੇਖਿਆ ਜਾਵੇ ਤਾਂ ਆਜ਼ਾਦ ਉਮੀਦਵਾਰਾਂ ਨੂੰ ਹੁਣ ਜ਼ਮਾਨਤ ਬਚਾਉਣ ਦੇ ਲਾਲੇ ਪੈ ਗਏ ਹਨ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਅੰਕੜੇ ਨਜ਼ਰ ਮਾਰੀਏ ਤਾਂ 2017 ਵਿਚ ਕੁੱਲ 303 ਆਜ਼ਾਦ ਉਮੀਦਵਾਰ ਚੋਣਾਂ ਲਈ ਮੈਦਾਨ ਵਿਚ ਉਤਰੇ ਸਨ ਪਰ ਇਹਨਾਂ ਵਿਚੋਂ ਸਿਰਫ 3 ਉਮੀਦਵਾਰ ਹੀ ਅਪਣੀ ਜ਼ਮਾਨਤ ਬਚਾ ਸਕੇ ਅਤੇ 300 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ। ਇਹਨਾਂ 3 ਉਮੀਦਵਾਰਾਂ ਵਿਚੋਂ ਕੋਈ ਵੀ ਆਜ਼ਾਦ ਉਮੀਦਵਾਰ ਚੋਣਾਂ ਵਿਚ ਜਿੱਤ ਹਾਸਲ ਨਹੀਂ ਕਰ ਸਕਿਆ।
1962 ਦੀਆਂ ਸੰਯੁਕਤ ਪੰਜਾਬ ਦੀਆਂ ਚੋਣਾਂ ਵਿਚ ਕੁੱਲ 154 ਸੀਟਾਂ ਵਿਚੋਂ 18 ਸੀਟਾਂ ’ਤੇ ਆਜ਼ਾਦ ਉਮੀਦਵਾਰ ਚੋਣਾਂ ਜਿੱਤ ਕੇ ਵਿਧਾਨ ਸਭਾ ਵਿਚ ਪਹੁੰਚੇ ਸਨ। ਇਸ ਦੌਰਾਨ ਕੁੱਲ 330 ਆਜ਼ਾਦ ਉਮੀਦਵਾਰ ਮੈਦਾਨ ਵਿਚ ਉਤਰੇ ਸਨ। ਇਹ ਹੁਣ ਤੱਕ ਆਜ਼ਾਦ ਉਮੀਦਵਾਰਾਂ ਦੀ ਜਿੱਤ ਦੀ ਸਭ ਤੋਂ ਵੱਡੀ ਗਿਣਤੀ ਹੈ।
ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਨਾ ਸਿਰਫ ਆਜ਼ਾਦ ਉਮੀਦਵਾਰਾਂ ਨੂੰ ਮਿਲਣ ਵਾਲੀ ਵੋਟ ਫੀਸਦ ਅਪਣੇ ਹੇਠਲੇ ਪੱਧਰ ’ਤੇ ਆ ਗਈ ਸਗੋਂ ਉਹਨਾਂ ਦੀਆਂ ਸੀਟਾਂ ਵੀ ਘਟਦੀਆਂ ਗਈਆਂ। ਇਸ ਦੇ ਪਿੱਛੇ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਆਜ਼ਾਦ ਚੋਣ ਲੜਨ ਵਾਲੇ ਜ਼ਿਆਦਾਤਰ ਉਮੀਦਵਾਰਾਂ ਦਾ ਪਿਛੋਕੜ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜਿਆ ਹੁੰਦਾ ਹੈ। ਇਸ ਲਈ ਵੋਟਰ ਉਹਨਾਂ ’ਤੇ ਭਰੋਸਾ ਨਹੀਂ ਕਰਦੇ।