
ਪੰਜਾਬ ਵਿਧਾਨ ਸਭਾ ਦੇ ਵਿਧਾਨਕਾਰਾਂ ਦੀ ਇਕ ਕਮੇਟੀ ਦੇ ਚੇਅਰਮੈਨ ਸ: ਸੁਖਬਿੰਦਰ ਸਿੰਘ ਸਰਕਾਰੀਆ
ਫ਼ਿਰੋਜ਼ਪੁਰ, 16 ਸਤੰਬਰ (ਬਲਬੀਰ ਸਿੰਘ) : ਪੰਜਾਬ ਵਿਧਾਨ ਸਭਾ ਦੇ ਵਿਧਾਨਕਾਰਾਂ ਦੀ ਇਕ ਕਮੇਟੀ ਦੇ ਚੇਅਰਮੈਨ ਸ: ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਸ੍ਰੀ ਨੱਥੂ ਰਾਮ ਅਤੇ ਸ: ਨਾਜ਼ਰ ਸਿੰਘ ਮਾਨਸ਼ਾਹੀਆ ਨੇ ਫ਼ਿਰੋਜ਼ਪੁਰ ਦੇ ਪਿੰਡ ਕੜਮਾਂ ਪਿੰਡ ਬਾਲੇ ਵਾਲਾ ,ਅਤੇ ਪਿੰਡ ਭੜਾਨਾ ਦਾ ਦੌਰਾ ਕਰ ਕੇ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਖੇਤ ਮਜ਼ਦੂਰਾਂ ਦੇ ਪਰਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਲੋਕਾਂ ਤੋਂ ਕਿਸਾਨ ਅਤੇ ਖੇਤ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਰੋਕਣ ਸਬੰਧੀ ਸੁਝਾਅ ਲਏ।
ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਵਿਧਾਨਕਾਰਾਂ ਨੇ ਦਸਿਆ ਕਿ ਇਸ ਕਮੇਟੀ ਦਾ ਗਠਨ ਵਿਧਾਨ ਸਭਾ ਵਲੋਂ ਕਿਸਾਨ ਖੁਦਕੁਸ਼ੀਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਸੁਝਾਅ ਦੇਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮੇਟੀ ਵਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਕਰ ਕੇ ਉਨ੍ਹਾਂ ਕਿਸਾਨ ਅਤੇ ਖੇਤ ਮਜ਼ਦੂਰਾਂ ਪਰਵਾਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਜਿਨ੍ਹਾਂ ਪਰਵਾਰਾਂ ਵਿਚ ਪਰਵਾਰ ਦਾ ਕੋਈ ਜੀਅ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰ ਗਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਵਾਰਾਂ ਨਾਲ ਮੁਲਾਕਾਤ ਕਰ ਕੇ ਖ਼ੁਦਕੁਸ਼ੀਆਂ ਦੇ ਕਾਰਨਾਂ ਅਤੇ ਉਨ੍ਹਾਂ ਹਾਲਾਤਾਂ ਦੀ ਪੜਤਾਲ ਕੀਤੀ ਜਾ ਰਹੀ ਹੈ
ਜਿਨ੍ਹਾਂ ਵਿਚ ਕੋਈ ਬੰਦਾ ਅਜਿਹਾ ਕਦਮ ਚੁੱਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰੇ ਦਾ ਮੁੱਖ ਮੰਤਵ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੇ ਘਰਾਂ ਵਿਚ ਜੋ ਖੁਦਕੁਸ਼ੀਆਂ ਹੋਈਆਂ ਹਨ ਅਤੇ ਜੋ ਆਰਥਿਕ ਤੰਗੀ ਹੈ, ਉਸ ਦਾ ਕਾਰਨ ਜਾਣਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਜੋ ਇਸ ਸਬੰਧੀ ਰੀਪੋਰਟ ਤਿਆਰ ਕਰ ਕੇ ਸਦਨ ਵਿਚ ਪੇਸ਼ ਕੀਤੀ ਜਾ ਸਕੇ। ਇਸ ਮੌਕੇ ਕਮਿਸ਼ਨਰ ਸ੍ਰੀ. ਸੁਮੇਰ ਸਿੰਘ ਗੁਰਜਰ, ਸ੍ਰੀ. ਰਾਮਵੀਰ ਡਿਪਟੀ ਕਮਿਸ਼ਨਰ, ਸ੍ਰ: ਭੁਪਿੰਦਰ ਸਿੰਘ ਐਸ.ਐਸ.ਪੀ., ਸ੍ਰ: ਰਣਜੀਤ ਸਿੰਘ ਸੰਧੂ ਐਸ.ਡੀ.ਐਮ. ਫ਼ਿਰੋਜ਼ਪੁਰ, ਸ੍ਰ: ਚਰਨਦੀਪ ਸਿੰਘ ਐਸ.ਡੀ.ਐਮ. ਗੁਰੂਹਰਸਹਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।