
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ
ਅਹਿਮਦਾਬਾਦ, 13 ਅਕਤੂਬਰ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਪਾਰਟੀ ਰੋਹਿੰਗਿਆ ਮੁਸਲਮਾਨਾਂ ਦੇ ਮੁੱਦੇ 'ਤੇ ਅਪਣਾ ਰੁਖ ਸਪੱਸ਼ਟ ਕਰਨ। ਸ਼ਾਹ ਨੇ ਇਕ ਟੀ.ਵੀ. ਚੈਨਲ ਵਲੋਂ ਕਰਵਾਈ ਇਕ ਪ੍ਰੋਗਰਾਮ 'ਚ ਕਿਹਾ ਕਿ ਕਾਂਗਰਸ ਆਗੂ ਪੀ. ਚਿਦੰਬਰਮ ਅਤੇ ਸ਼ਸ਼ੀ ਥਰੂਰ ਨੇ ਰੋਹਿੰਗਿਆ ਮੁਸਲਮਾਨਾਂ ਦੇ ਮੁੱਦੇ 'ਤੇ ਕਲ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਭਾਰਤ 'ਚ ਉਨ੍ਹਾਂ ਦੇ ਦਾਖ਼ਲੇ ਦਾ ਪੱਖ ਲਿਆ ਸੀ। ਉਨ੍ਹਾਂ ਕਿਹਾ, ''ਮੈਂ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਮੁੱਦੇ 'ਤੇ ਅਪਣਾ ਰੁਖ ਸਪੱਸ਼ਟ ਕਰਨ। ਰੋਹਿੰਗਿਆ ਮੁਸਲਮਾਨਾਂ ਦੇ ਮਾਮਲੇ ਦੀ ਪੈਰਵੀ ਕਾਂਗਰਸ ਦੇ ਇਕ ਸੀਨੀਅਰ ਆਗੂ ਕਪਿਲ ਸਿੱਬਲ ਕਰ ਰਹੇ ਹਨ।''
ਇਹ ਪੁੱਛੇ ਜਾਣ 'ਤੇ ਕਿ ਕੀ ਕੁੱਝ ਕੱਟੜਪੰਥੀ ਲੋਕਾਂ ਕਰ ਕੇ ਪੂਰੇ ਭਾਈਚਾਰੇ ਨੂੰ ਦੋਸ਼ ਦੇਣਾ ਸਹੀ ਹੈ, ਤਾਂ ਸ਼ਾਹ ਨੇ ਕਿਹਾ ਕਿ ਕੇਂਦਰ ਨੇ ਸਾਰੇ ਤੱਥਾਂ 'ਤੇ ਵਿਚਾਰ ਕੀਤਾ ਹੈ ਅਤੇ ਸੁਪਰੀਮ ਕੋਰਟ ਸਾਹਮਣੇ ਅਪਣਾ ਪੱਖ ਗੰਭੀਰਤਾ ਨਾਲ ਰਖਿਆ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦਾ ਮੁੱਦਾ ਨਹੀਂ ਬਲਕਿ ਦੇਸ਼ ਦੀ ਸੁਰੱਖਿਆ ਦਾ ਸਵਾਲ ਹੈ।ਉਨ੍ਹਾਂ ਕਿਹਾ, ''ਅਸੀ ਉਨ੍ਹਾਂ ਨੂੰ ਮਿਆਂਮਾਰ 'ਚ ਭੋਜਨ ਮੁਹਈਆ ਕਰਵਾ ਸਕਦੇ ਹਨ। ਅਸੀਂ ਉਨ੍ਹਾਂ ਨੂੰ ਕਪੜੇ, ਦਵਾਈਆਂ ਮੁਹਈਆ ਕਰਵਾ ਸਕਦੇ ਹਾਂ, ਅਸੀਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਆਰਥਕ ਮਦਦ ਦੇ ਸਕਦੇ ਹਾਂ ਪਰ ਦੇਸ਼ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਇਕ ਫ਼ੌਜੀ ਕਾਰਵਾਈ ਤੋਂ ਬਾਅਦ ਮਿਆਂਮਾਰ ਦੇ ਰਖਾਇਨ ਸੂਬੇ 'ਚੋਂ ਲੱਖਾਂ ਰੋਹਿੰਗਿਆ ਮੁਸਲਮਾਨ ਭੱਜੇ ਹਨ। (ਪੀਟੀਆਈ)