
ਉਤਰਾਖੰਡ ਸੂਬੇ ਦੇ ਦੇਹਰਾਦੂਨ ਵਿਖੇ ਇਕ ਮੰਦਿਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਮੌਜੂਦ ਹੋਣ ਦੇ ਬਾਵਜੂਦ
ਨਵੀਂ ਦਿੱਲੀ, 30 ਅਗੱਸਤ (ਸੁਖਰਾਜ ਸਿੰਘ): ਉਤਰਾਖੰਡ ਸੂਬੇ ਦੇ ਦੇਹਰਾਦੂਨ ਵਿਖੇ ਇਕ ਮੰਦਿਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਮੌਜੂਦ ਹੋਣ ਦੇ ਬਾਵਜੂਦ ਮੰਦਿਰ ਕੰਪਲੈਕਸ ਵਿੱਚ ਤੰਬਾਕੂ ਪਦਾਰਥਾਂ ਦੀ ਵਰਤੋਂ ਕਰਨੀ ਬਹੁਤ ਮੰਦਭਾਗੀ ਤੇ ਬੇਹੱਦ ਦੁੱਖਦਾਈ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਕੌਮੀ ਪ੍ਰਧਾਨ ਜਥੇਦਾਰ ਰਛਪਾਲ ਸਿੰਘ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸ. ਜਸਵਿੰਦਰ ਸਿੰਘ ਹਨੀ ਨੇ ਇਕ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਬੀਤੇ ਦਿਨੀਂ ਵੀਡੀਓ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਸਬੰਧੀ ਸਿੱਖ ਸੰਸਥਾਵਾਂ ਨੂੰ ਤੁਰਤ ਲੋੜੀਂਦੇ ਕਦਮ ਪੁੱਟਣੇ ਚਾਹੀਦੇ ਹਨ।ਜਥੇ. ਰਛਪਾਲ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਜਿੱਥੇ ਸਮੁੱਚੀ ਮਨੁੱਖਤਾ ਦੀ ਭਲਾਈ ਦੀ ਗੱਲ ਕੀਤੀ ਗਈ ਹੈ ਉੱਥੇ ਹੀ ਸਿਹਤ 'ਤੇ ਮਾੜੇ ਪ੍ਰਭਾਵ ਪਾਉਣ ਵਾਲੇ ਤੰਬਾਕੂ ਸਮੇਤ ਹਰ ਪ੍ਰਕਾਰ ਦੇ ਨਸ਼ਿਆਂ ਤੋਂ ਦੂਰ ਰਹਿਣ ਦੀ ਨਸੀਹਤ ਦਿਤੀ ਗਈ ਹੈ।
ਸ. ਜਸਵਿੰਦਰ ਸਿੰਘ ਹਨੀ ਨੇ ਸਭ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਵੇਖਦੇ ਹੋਏ ਲੋੜੀਂਦੀ ਕਾਰਵਾਈ ਕੀਤੀ ਜਾਵੇ ਅਤੇ ਅਜਿਹਾ ਪ੍ਰਬੰਧ ਕੀਤਾ ਜਾਵੇ ਜਿਸ ਨਾਲ ਸਬੰਧਤ ਧਾਰਮਕ ਸਥਾਨ 'ਚ ਤੰਬਾਕੂ ਜਾਂ ਹੋਰ ਕਿਸੀ ਨਸ਼ੇ ਦੀ ਵਰਤੋਂ ਨੂੰ ਦੂਰ ਰੱਖਿਆ ਜਾ ਸਕੇ। ਸ. ਹਨੀ ਨੇ ਦਿੱਲੀ ਦੇ ਜੰਤਰ ਮੰਤਰ ਵਿਖੇ ਪ੍ਰਦਰਸ਼ਨਕਾਰੀਆਂ ਲਈ ਬਿਨਾਂ ਕਿਸੇ ਵਿਤਕਰੇ ਤੋਂ ਰੋਜ਼ਾਨਾ ਲੰਗਰ ਦਾ ਪ੍ਰਬੰਧ ਕਰਨ ਵਾਲੀ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਦਿੱਲੀ ਕਮੇਟੀ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।