
ਸਰਕਾਰ 'ਤੇ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਦਾ ਦੋਸ਼
ਫ਼ਤਿਹਗੜ੍ਹ ਸਾਹਿਬ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਰੰਧਾਵਾ ਮਾਮਲੇ 'ਚ ਪੰਜਾਬ ਸਰਕਾਰ ਨੂੰ ਘੇਰਦਿਆਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰੰਧਾਵਾ ਵਿਵਾਦ 'ਤੇ ਕੋਈ ਬਿਆਨ ਨਾ ਦੇਣ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੂੰ ਰੰਧਾਵਾ ਖਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਸ ਮਾਮਲੇ 'ਚ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ।
Photo
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਰੰਧਾਵਾ ਖਿਲਾਫ਼ ਕਾਰਵਾਈ ਕਰਦਿਆਂ ਰੰਧਾਵਾ ਦਾ ਅਸਤੀਫ਼ਾ ਲੈ ਲੈਣਾ ਚਾਹੀਦਾ ਸੀ। ਮੁੱਖ ਮੰਤਰੀ ਜਾਂਚ ਕਮੇਟੀ ਦਾ ਗਠਨ ਕਰਦੇ ਅਤੇ ਜੇਕਰ ਜਾਂਚ ਦੌਰਾਨ ਵਿਵਾਦਤ ਵੀਡੀਓ ਫ਼ਰਜ਼ੀ ਨਿਕਲਦੀ ਤਾਂ ਰੰਧਾਵਾ ਨੂੰ ਮੁੜ ਬਹਾਲ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਇਸ ਮਾਮਲੇ ਦੀ ਚੁੱਪੀ ਸ਼ੱਕੀ ਜਾਪਦੀ ਹੈ।
Photo
ਸਰਕਾਰ 'ਤੇ ਹਮਲਾ ਜਾਰੀ ਰਖਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਪੰਚਾਇਤੀ ਜ਼ਮੀਨਾਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੈਂਡ ਬੈਂਕ ਐਕਟ ਪੰਚਾਇਤੀ ਜ਼ਮੀਨਾਂ 'ਤੇ ਕਬਜ਼ਾ ਕਰਨ ਦੇ ਮਕਸਦ ਨਾਲ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ।
Photo
ਸਿਆਸੀ ਵਿਰੋਧੀਆਂ 'ਤੇ ਹਮਲੇ ਜਾਰੀ ਰਖਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸੁੱਖ ਵਿਲਾਸ ਹੋਟਲ ਪੰਚਾਇਤੀ ਜ਼ਮੀਨ 'ਤੇ ਬਣਿਆ ਸੀ। ਹੁਣ ਕੈਪਟਨ ਸਰਕਾਰ ਵੀ ਉਸੇ ਰਸਤੇ 'ਤੇ ਚਲਦਿਆਂ ਪੰਚਾਇਤੀ ਜ਼ਮੀਨਾਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਬੈਂਸ ਨੇ ਕਿਹਾ ਕਿ ਉਹ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਸ ਦੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋਣ ਦਿਤਾ ਜਾਵੇਗਾ।