
ਮੁੱਖ ਮੰਤਰੀ ਨੇ ਹਰਿਆਣਾ ‘ਚ ਵੱਖਰੀ ਗੁਰਦੁਆਰਾ ਕਮੇਟੀ ਦਾ ਕੀਤਾ ਸਮਰਥਨ, ਅਕਾਲੀ ਦਲ ਨੇ ਕੀਤੀ ਨਿਖੇਧੀ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਅਪਣਾ ਸਟੈਂਡ ਬਦਲਦਿਆਂ ਹਰਿਆਣਾ ਵੱਲੋਂ ਇਕ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਇਮ ਕੀਤੇ ਜਾਣ ਦੇ ਯਤਨਾਂ ਦਾ ਸਮਰਥਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਿੱਤਾ ਸੀ।
Photo
ਪੰਜਾਬ ਸਰਕਾਰ ਵੱਲੋਂ ਅਜਿਹਾ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦੀ ਨਿਖੇਧੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਸਿੱਖ ਪੰਥ ਅਤੇ ਪੰਜਾਬ ਦੇ ਹਿੱਤਾਂ ਖਿਲਾਫ ਭੁਗਤਣ ਦੀ ਕੋਝੀ ਹਰਕਤ ਕੀਤੀ ਹੈ।
Photo
ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੇ ਅਜਿਹੇ ਸਟੈਂਡ ਨੂੰ ਕਮੇਟੀ ਨੂੰ ਕਮਜ਼ੋਰ ਕਰਨ ਦੀ ਚਾਲ ਦੱਸਿਆ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦਾ ਅਜਿਹਾ ਹਲਫੀਆ ਬਿਆਨ ‘ਸਿੱਖ-ਵਿਰੋਧੀ’ ਹੈ। ਅਤੇ ਇਹ ਸ਼੍ਰੋਮਣੀ ਕਮੇਟੀ ਵਿਚ ਵੰਡੀਆ ਪਾਉਣ ਦੀ ਸਾਜ਼ਿਸ਼ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਅਜੀਬ ਗੱਲ ਹੈ ਕਿ ਮੁੱਖ ਮੰਤਰੀ ਸਿਰਫ਼ ਸਿਆਸੀ ਕਾਰਨਾਂ ਕਰਕੇ ਇਸ ਮੁੱਦੇ ‘ਤੇ ਸੂਬੇ ਦਾ ਸਟੈਂਡ ਬਦਲ ਕੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰ ਰਹੇ ਹਨ।
SGPC
ਉਹਨਾਂ ਨੇ ਮੁੱਖ ਮੰਤਰੀ ‘ਤੇ ਸਿੱਖਾਂ ਵਿਚ ਫੁੱਟ ਪਾਉਣ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਬੇਹੱਦ ਨਿੰਦਣਯੋਗ ਹਨ ਅਤੇ ਇਹ ਗਾਂਧੀ ਪਰਿਵਾਰ ਦੀ ਪਾੜੋ ਅਤੇ ਰਾਜ ਕਰੋ ਦੀ ਨੀਤੀ ਨਾਲ ਮੇਲ ਖਾਂਦੀਆਂ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸਿੱਖ ਸੰਗਤ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇਵੇਗੀ।