
ਕਿਹਾ, ਕਿਸਾਨਾਂ ਦਾ ਅੰਦੋਲਨ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ
ਚੰਡੀਗੜ੍ਹ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੁਕਰਵਾਰ ਨੂੰ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਵਲ ਧਿਆਨ ਨਹੀਂ ਦੇ ਰਹੀ ਕਿਉਂਕਿ ਉਸ ਦਾ ਪੂਰਾ ਧਿਆਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਜਿੱਤਣ ’ਤੇ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਦੇਣੀ ਚਾਹੀਦੀ ਹੈ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਕਿਸਾਨਾਂ ’ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ ਉਨ੍ਹਾਂ ਦਾ ਧਿਆਨ ਇਸ ਗੱਲ ’ਤੇ ਹੈ ਕਿ ਚੋਣਾਂ ਕਿਵੇਂ ਜਿੱਤੀਆਂ ਜਾਣ।’’ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ.ਐਮ.ਐਮ.) ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਅਤੇ ਖੇਤੀ ਕਰਜ਼ਾ ਮੁਆਫੀ ਸਮੇਤ ਅਪਣੀਆਂ ਮੰਗਾਂ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ ਲਈ ‘ਦਿੱਲੀ ਚਲੋ’ ਮਾਰਚ ਦੀ ਅਗਵਾਈ ਕਰ ਰਹੇ ਹਨ। ਪੰਧੇਰ ਨੇ ਕਿਹਾ ਕਿ ਕਿਸਾਨ ਆਗੂ ਆਪਸ ’ਚ ਵਿਚਾਰ-ਵਟਾਂਦਰੇ ਤੋਂ ਬਾਅਦ ਅਪਣੇ ਭਵਿੱਖ ਦੀ ਰਣਨੀਤੀ ਤੈਅ ਕਰਨਗੇ।
ਜ਼ਿਕਰਯੋਗ ਹੈ ਕਿ 21 ਫ਼ਰਵਰੀ ਨੂੰ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ ਹੋਈ ਝੜਪ ’ਚ 21 ਸਾਲਾ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ ਅਤੇ 12 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ। ਦੋ ਦਿਨ ਬਾਅਦ ਕਿਸਾਨ ਨੇਤਾਵਾਂ ਨੇ ਕਿਹਾ ਕਿ ਪ੍ਰਦਰਸ਼ਨਕਾਰੀ 29 ਫ਼ਰਵਰੀ ਤਕ ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦੀ ਇਲਾਕਿਆਂ ’ਚ ਅਪਣਾ ਡੇਰਾ ਜਾਰੀ ਰਖਣਗੇ।
ਵੀਰਵਾਰ ਨੂੰ ਭਵਿੱਖ ਦੀ ਰਣਨੀਤੀ ਤੈਅ ਕਰਨ ਦੀ ਗੱਲ ਚੱਲ ਰਹੀ ਸੀ, ਹਾਲਾਂਕਿ ਕਿਸਾਨ ਯੂਨੀਅਨਾਂ ਨੇ ਅਜੇ ਤਕ ਕੋਈ ਐਲਾਨ ਨਹੀਂ ਕੀਤਾ ਹੈ। ਪੰਧੇਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ 3 ਮਾਰਚ ਨੂੰ ਬਠਿੰਡਾ ਦੇ ਪਿੰਡ ਬਲੋਹ ਵਿਖੇ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਇਸ ’ਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਤੋਂ ਵੱਡੀ ਗਿਣਤੀ ’ਚ ਕਿਸਾਨ ਹਿੱਸਾ ਲੈਣਗੇ। ਕਿਸਾਨ ਆਗੂ ਨੇ ਕਿਹਾ ਕਿ ਸ਼ੁਭਕਰਨ ਦੇ ਜੱਦੀ ਪਿੰਡ ’ਚ ਸ਼ੁਕਰਵਾਰ ਨੂੰ ਅਖੰਡ ਪਾਠ ਸ਼ੁਰੂ ਹੋਣਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸ਼ੁਭਕਰਨ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਬਲੋਹ ਲਿਜਾਇਆ ਗਿਆ ਸੀ।
ਪੰਜਾਬ ਦੇ ਕਿਸਾਨ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ’ਚ ਕੋਈ ਵਾਧਾ ਨਾ ਕਰਨ, ਪੁਲਿਸ ਕੇਸ ਵਾਪਸ ਲੈਣ, 2021 ਦੀ ਲਖੀਮਪੁਰ ਖੇੜੀ ਹਿੰਸਾ ਦੇ ਪੀੜਤਾਂ ਲਈ ‘ਨਿਆਂ’, ਭੂਮੀ ਪ੍ਰਾਪਤੀ ਐਕਟ 2013 ਨੂੰ ਬਹਾਲ ਕਰਨ ਅਤੇ 2020-21 ਦੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਵਾਰਾਂ ਨੂੰ ਮੁਆਵਜ਼ਾ ਦੇਣ ਦੀ ਵੀ ਮੰਗ ਕਰ ਰਹੇ ਹਨ।