
ਜਸਪ੍ਰੀਤ ਸਿੰਘ 'ਤੇ ਉਸ ਵੇਲੇ ਹਮਲਾ ਕਰ ਦਿੱਤਾ ਜਦ ਉਹ ਕਾਰ ਵਿਚ ਐਮਰਜੈਂਸੀ ਵਾਰਡ ਦੇ ਬਾਹਰ ਬੈਠਾ ਸੀ।
Punjab News: ਕਪੂਰਥਲਾ - ਕਪੂਰਥਲਾ ਵਿਚ ਸਿਵਲ ਹਸਪਤਾਲ ਵਿਚ ਐਮਰਜੈਂਸੀ ਵਾਰਡ ਦੇ ਬਾਹਰ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਇਕ ਜਖ਼ਮੀ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮਹਿਮਾ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੇਰ ਸ਼ਾਮ ਦੋ ਧਿਰਾਂ ਵਿਚ ਲੜਾਈ ਹੋ ਗਈ ਸੀ, ਜਿਸ ਵਿਚ ਰਾਜਕੁਮਾਰ ਦੇ ਸਿਰ 'ਤੇ ਸੱਟਾਂ ਲੱਗਣ ਕਾਰਨ ਉਸ ਦਾ ਮੁੰਡਾ ਜਸਪ੍ਰੀਤ ਸਿੰਘ ਆਪਣੇ ਪਿਤਾ ਦੇ ਸਿਵਲ ਹਸਪਤਾਲ ਕਪੂਰਥਲਾ ਐਮਰਜੈਂਸੀ ਵਾਰਡ ਵਿਚ ਪੱਟੀਆਂ ਕਰਵਾਉਣ ਆਇਆ ਸੀ।
ਇਸ ਦੌਰਾਨ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਜਸਪ੍ਰੀਤ ਸਿੰਘ 'ਤੇ ਉਸ ਵੇਲੇ ਹਮਲਾ ਕਰ ਦਿੱਤਾ ਜਦ ਉਹ ਕਾਰ ਵਿਚ ਐਮਰਜੈਂਸੀ ਵਾਰਡ ਦੇ ਬਾਹਰ ਬੈਠਾ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਗਰਦਨ 'ਤੇ ਵਾਰ ਕੀਤੇ, ਜਿਸ ਕਾਰਨ ਜਸਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਅਰਬਨ ਸਟੇਟ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਸਨ।
ਜ਼ਿਕਰਯੋਗ ਹੈ ਕਿ ਪੁਲਿਸ ਪ੍ਰਸ਼ਾਸਨ ਤੋਂ ਕਈ ਵਾਰ ਸਿਹਤ ਵਿਭਾਗ ਦੇ ਅਧਿਕਾਰੀਆਂ, ਰਾਜਨੀਤਿਕ ਆਗੂਆਂ ਅਤੇ ਆਮ ਲੋਕ ਮੰਗ ਕਰਦੇ ਆ ਰਹੇ ਹਨ ਕਿ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ 24 ਘੰਟੇ ਪੁਲਿਸ ਤਾਇਨਾਤ ਕੀਤੀ ਜਾਵੇ ਪਰ ਇਥੇ ਪੁਲਸ ਦੀ ਨਲਾਇਕੀ ਕਾਰਨ ਇਕ ਨੌਜਵਾਨ ਦਾ ਕਤਲ ਹੋ ਗਿਆ। ਜੇਕਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਪੁਲਸ ਤਾਇਨਾਤ ਹੁੰਦੀ ਤਾਂ ਇਹ ਘਟਨਾ ਸ਼ਾਇਦ ਨਾ ਵਾਪਰਦੀ।