ਸਿਹਤ ਮੰਤਰੀ ਵਲੋਂ ਨਸ਼ਾ ਛੁਡਾਊ ਕੇਂਦਰਾਂ ਤੋਂ ਮਿਲਦੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਨਿਰਦੇਸ਼
Published : Apr 1, 2022, 12:41 am IST
Updated : Apr 1, 2022, 12:41 am IST
SHARE ARTICLE
image
image

ਸਿਹਤ ਮੰਤਰੀ ਵਲੋਂ ਨਸ਼ਾ ਛੁਡਾਊ ਕੇਂਦਰਾਂ ਤੋਂ ਮਿਲਦੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਨਿਰਦੇਸ਼

ਚੰਡੀਗੜ੍ਹ, 31 ਮਾਰਚ (ਭੁੱਲਰ) : ਸੂਬੇ ਨੂੰ ਨਸ਼ਾ ਮੁਕਤ ਕਰਨ ਵੱਲ ਵੱਡੀ ਪਹਿਲ ਕਰਦਿਆਂ ਸਿਹਤ ਤੇ ਪਰਵਾਰ ਭਲਾਈ ਅਤੇ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਡਾ. ਵਿਜੈ ਸਿੰਗਲਾ ਨੇ ਅੱਜ ਸਮੂਹ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਸਖ਼ਤ ਲਹਿਜ਼ੇ ’ਚ ਕਿਹਾ ਕਿ ਇਨ੍ਹਾਂ ਕੇਂਦਰਾਂ ਤੋਂ ਮਿਲਦੀਆਂ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਈ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿਚ ਊਣਤਾਈਆਂ ਵਾਲੇ ਕੇਂਦਰਾਂ ਦਾ ਲਾਇਸੈਂਸ ਰੱਦ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਰਵਾਈ ਕੀਤੀ ਜਾਵੇਗੀ।
ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਲੰਬੀ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਪੁਰਾਣਾ ਸਮਾਂ ਨਿਕਲ ਚੁੱਕਾ ਹੈ ਜਦੋਂ ਨਸ਼ਾ ਬੰਦ ਕਰਨ ਦੇ ਸਿਰਫ਼ ਦਮਗਜੇ ਮਾਰੇ ਜਾਂਦੇ ਸਨ। ਹੁਣ ਜੋ ਕਿਹਾ ਜਾਵੇਗਾ, ਉਹ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਨਸ਼ੇ ਦੇ ਧੰਦੇ ਵਿਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਸ਼ਾਮਲ ਵਿਅਕਤੀਆਂ ਨੂੰ ਭਾਰੀ ਨਤੀਜੇ ਭੁਗਤਣੇ ਪੈਣਗੇ।’’
ਡਾ. ਸਿੰਗਲਾ ਨੇ ਕਿਹਾ ਕਿ ਸੂਬੇ ਵਿਚ 186 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਚਲ ਰਹੇ ਹਨ ਅਤੇ ਉਨ੍ਹਾਂ ਨੂੰ ਕਈ ਕੇਂਦਰਾਂ ਵਿਚ ਦਵਾਈਆਂ ਦੀ ਦੁਰਵਰਤੋਂ ਦੀਆਂ ਨਿਰੰਤਰ ਖ਼ਬਰਾਂ ਮਿਲ ਰਹੀਆਂ ਹਨ। ਉਨ੍ਹਾਂ ਸਿੱਧੇ ਤੌਰ ’ਤੇ ਕਿਹਾ, “ਇਨ੍ਹਾਂ ਕੇਂਦਰਾਂ ਵਿਚ ਨਸ਼ੇ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਵਾਲੇ ਬਾਜ਼ ਆਉਣ। ਨਹੀਂ ਤਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿਠਿਆ ਜਾਵੇਗਾ।’’ ਇਸ ਦੇ ਨਾਲ-ਨਾਲ ਸਿਹਤ ਮੰਤਰੀ ਨੇ ਸਮੂਹ ਕੈਮਿਸਟਾਂ ਨੂੰ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਲੈਣ ਵਾਲੇ ਵਿਅਕਤੀਆਂ ਨੂੰ ਸਿਰਫ਼ ਡਾਕਟਰ ਦੀ ਪਰਚੀ ਵੇਖਣ ਉਪਰੰਤ ਹੀ ਦਵਾਈਆਂ ਦੇਣ।
ਖਾਣ ਵਾਲੀਆਂ ਵਸਤਾਂ ਵਿਚ ਮਿਲਾਵਟ ਦੇ ਰੁਝਾਨ ਨੂੰ ਸਖ਼ਤੀ ਨਾਲ ਲੈਂਦਿਆਂ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਅਧਿਕਾਰੀਆਂ ਨੂੰ ਵਿਭਾਗ ਦੇ ਉੱਡਣ ਦਸਤੇ ਐਕਟਿਵ ਕਰਨ ਦੇ ਨਿਰਦੇਸ਼ ਦਿਤੇ ਅਤੇ ਕਿਹਾ ਕਿ ਮਿਲਾਵਟੀ ਵਸਤਾਂ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਨਾਲ ਬਣੀਆਂ ਵਸਤਾਂ ਜਿਵੇਂ ਘਿਉ, ਪਨੀਰ ਤੇ ਮਠਿਆਈਆਂ ਆਦਿ ਵਿਚ ਮਿਲਾਵਟ ਕਰਨ ਅਤੇ ਫਲਾਂ ਨੂੰ ਗ਼ੈਰ-ਕੁਦਰਤੀ ਤਰੀਕੇ ਨਾਲ ਪਕਾਉਣ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ, ਐਮ.ਡੀ.-ਐਨ.ਐਚ.ਐਮ-ਕਮ-ਕਮਿਸ਼ਨਰ ਫ਼ੂਡ ਤੇ ਡਰੱਗ ਐਡਮਿਨੀਸਟ੍ਰੇਸ਼ਨ ਸ੍ਰੀ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਜੀ.ਬੀ. ਸਿੰਘ, ਸ੍ਰੀ ਸੰਜੀਵ ਗਰਗ ਜੁਆਇੰਟ ਕਮਿਸ਼ਨਰ ਡਰੱਗਜ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਫੋਟੋ ਕੈਪਸ਼ਨ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੈ ਸਿੰਗਲਾ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫਤਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement