ਪਹਿਲੇ ਸਾਲ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸੂਬਾ ਸਰਕਾਰ ਨੇ ਨਵਾਂ ਕੀਰਤੀਮਾਨ ਸਥਾਪਤ ਕੀਤਾ-ਮੁੱਖ ਮੰਤਰੀ
Published : Apr 1, 2023, 6:15 pm IST
Updated : Apr 1, 2023, 6:15 pm IST
SHARE ARTICLE
photo
photo

ਪੀ.ਐਸ.ਪੀ.ਸੀ.ਐਲ. ਦੇ 1320 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਸੌਂਪੇ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।
ਇੱਥੇ ਟੈਗੋਰ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵੱਡੀ ਗਿਣਤੀ ਵਿਚ ਉਮੀਦਵਾਰਾਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਕਰੀ ਚੁਣੇ ਗਏ ਉਮੀਦਵਾਰਾਂ ਲਈ ਬਹੁਤ ਅਹਿਮ ਜ਼ਿੰਮੇਵਾਰੀ ਲੈ ਕੇ ਆਉਂਦੀ ਹੈ ਕਿਉਂਕਿ ਉਨ੍ਹਾਂ ਨੇ ਮਿਸ਼ਨਰੀ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਕੀਤੀ ਗਈ ਹੈ ਅਤੇ ਇਹ ਨੌਕਰੀ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦਾ ਪਰਿਵਾਰ ਦਾ ਹਿੱਸਾ ਬਣਨ ਉਤੇ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੁੰਦਾ ਤੇ ਸਿਰਫ਼ ਸਖ਼ਤ ਮਿਹਨਤ ਹੀ ਆਮ ਵਿਅਕਤੀ ਆਪਣੇ ਸੁਪਨੇ ਪੂਰੇ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀ ਉਨ੍ਹਾਂ ਦੀ ਆਖਰੀ ਮੰਜ਼ਿਲ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਜੀਵਨ ਵਿੱਚ ਅਜੇ ਬਹੁਤ ਪੜਾਅ ਪਾਰ ਕਰਨੇ ਹਨ। ਭਗਵੰਤ ਮਾਨ ਨੇ ਕਿਹਾ ਕਿ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੀ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਸਫਲਤਾ ਕਿਸੇ ਨਾ ਕਿਸੇ ਰੂਪ ਵਿੱਚ ਉਨ੍ਹਾਂ ਦੇ ਹੱਥ ਜ਼ਰੂਰ ਆਵੇਗੀ।

ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਨਕਾਰਾਤਮਕ ਸੋਚ ਰੱਖਣ ਵਾਲੇ ਲੋਕਾਂ ਦੀ ਸੰਗਤ ਤੋਂ ਦੂਰ ਲਈ ਵੀ ਕਿਹਾ ਕਿਉਂਕਿ ਇਹ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਬਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ‘ਆਪ’ ਦੀ ਸਰਕਾਰ ਬਣਾ ਕੇ ਸੂਬੇ ਦੀ ਸਿਆਸਤ ਵਿੱਚ ਨਵਾਂ ਬਦਲਾਅ ਲਿਆਂਦਾ ਹੈ।  ਭਗਵੰਤ ਮਾਨ ਨੇ ਕਿਹਾ, “ਜਿਹੜੇ ਲੋਕ ਸੱਤਾ ਵਿਚ ਹੁੰਦੇ ਹੋਏ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਕਿਸੇ ਵੀ ਸੂਬੇ ਦੇ ਵਿਕਾਸ ਲਈ ਸਭ ਤੋਂ ਵੱਧ ਮਹੱਤਵਪੂਰਨ ਹੁੰਦੀ ਹੈ, ਇਸ ਲਈ ਪੀ.ਐਸ.ਪੀ.ਸੀ.ਐਲ. ਸਹੀ ਮਾਅਨਿਆਂ ਵਿਚ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਬਿਜਲੀ ਸਪਲਾਈ ਨੂੰ ਪੂਰਾ ਕਰਨਾ ਕਿਸੇ ਵੀ ਸਰਕਾਰ ਲਈ ਵੱਡੀ ਚੁਣੌਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚੋਂ ਲੰਮੇ ਕੱਟ ਲੱਗਣ ਦੇ ਦਿਨ ਖਤਮ ਹੋ ਗਏ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਬਣਨ ਵੱਲ ਵਧ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਕਈ ਸਾਲਾਂ ਬਾਅਦ ਮੁੜ ਸ਼ੁਰੂ ਹੋਈ ਹੈ।  ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਕੋਲਾ ਖਾਣ ਤੋਂ 5 ਲੱਖ ਮੀਟ੍ਰਿਕ ਟਨ ਕੋਲਾ ਪ੍ਰਾਪਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੇ ਬਿਜਲੀ ਸਪਲਾਈ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਕੇਂਦਰ ਸਰਕਾਰ ਮਹਾਨਦੀ ਕੋਲਫੀਲਡਜ਼ ਲਿਮਟਿਡ (ਐਮ.ਸੀ.ਐਲ.) ਤੋਂ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐਸ.ਪੀ.ਐਲ.) ਨੂੰ ਕੋਲੇ ਦੀ ਸਪਲਾਈ ਲਈ ਆਰ.ਐਸ.ਆਰ. (ਰੇਲ-ਸਮੁੰਦਰ-ਰੇਲ) ਦੀ ਲਾਜ਼ਮੀ ਸ਼ਰਤ ਨੂੰ ਮੁਆਫ ਕਰਨ ਲਈ ਸਹਿਮਤ ਹੋਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਕੋਲ ਮਨਮਾਨੀ ਦਾ ਇਹ ਮੁੱਦਾ ਮੀਟਿੰਗ ਦੌਰਾਨ ਉਠਾਇਆ ਸੀ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀ.ਐਸ.ਪੀ.ਸੀ.ਐਲ. ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਆਪਣੇ ਬਕਾਇਆ ਬਿੱਲਾਂ ਨੂੰ ਪੀ.ਐਸ.ਪੀ.ਸੀ.ਐਲ. ਕੋਲ ਜਮ੍ਹਾਂ ਕਰਵਾਉਣ ਲਈ ਕਹਿ ਚੁੱਕੇ ਹਨ ਤਾਂ ਜੋ ਇਸ ਦੀ ਵਿੱਤੀ ਸਥਿਤੀ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਬਿਜਲੀ ਪੈਦਾ ਕਰਨ ਦੇ ਰਵਾਇਤੀ ਤਰੀਕਿਆਂ ਤੋਂ ਇਲਾਵਾ ਸੂਬੇ ਵਿੱਚ ਬਿਜਲੀ ਪੈਦਾ ਕਰਨ ਦੇ ਹੋਰ ਤਰੀਕਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਪਾਣੀ ਤੇ ਬਿਜਲੀ ਦੀ ਬੱਚਤ ਕਰਨ ਲਈ ਸੂਬਾ ਸਰਕਾਰ ਫਸਲੀ ਵਿਭਿੰਨਤਾ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਪੀ.ਐਸ.ਪੀ.ਸੀ.ਐਲ. 'ਤੇ ਬਿਜਲੀ ਉਤਪਾਦਨ ਦੇ ਦਬਾਅ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਵਾਧੂ ਬਿਜਲੀ ਦੀ ਵਰਤੋਂ ਹੋਰ ਸੈਕਟਰਾਂ ਦੇ ਵਿਕਾਸ ਲਈ ਵੀ ਕੀਤੀ ਜਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਬਦਲਵੀਆਂ ਫ਼ਸਲਾਂ ਦੇ ਢੁਕਵੇਂ ਮੰਡੀਕਰਨ ਨੂੰ ਯਕੀਨੀ ਬਣਾ ਕੇ ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਆਮ ਆਦਮੀ ਦਾ ਜੀਵਨ ਪੱਧਰ ਸੁਧਾਰਨ ਦੇ ਉਦੇਸ਼ ਨਾਲ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਰੁਜ਼ਗਾਰ, ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆ ਕਲਪ ਅਤੇ ਹੋਰ ਫੈਸਲੇ ਸੂਬੇ ਦਾ ਮੁਹਾਂਦਰਾ ਬਦਲਣ ਦਾ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਪ੍ਰਣ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਅਤੇ ਸੂਬੇ ਦੀ ਭਲਾਈ ਨੂੰ ਯਕੀਨੀ ਬਣਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਉਨ੍ਹਾਂ ਦੀ ਸਰਕਾਰ ਦੇ ਤਿੰਨ ਪ੍ਰਮੁੱਖ ਖੇਤਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿਚ ਇਨ੍ਹਾਂ ਤਿੰਨਾਂ ਖੇਤਰਾਂ ਵਿੱਚ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ ਕਿਉਂਕਿ ਸੂਬਾ ਸਰਕਾਰ ਇਸ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਇਨ੍ਹਾਂ ਸੈਕਟਰਾਂ ਵਿੱਚ ਠੋਸ ਬੁਨਿਆਦੀ ਢਾਂਚੇ ਅਤੇ ਮਨੁੱਖੀ ਸ਼ਕਤੀ ਰਾਹੀਂ ਸੂਬੇ ਵਿੱਚੋਂ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣਾ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ।

SHARE ARTICLE

ਏਜੰਸੀ

Advertisement

Raja Warring ਤੋਂ ਬਾਅਦ ਕੌਣ ਬਣ ਰਿਹਾ Congress ਦਾ ਪ੍ਰਧਾਨ?

17 Jan 2025 11:24 AM

Punjab ‘ਚ ‘Emergency’ ਲੱਗੀ ਤਾਂ ਅਸੀਂ ਵਿਰੋਧ ਕਰਾਂਗੇ, Kangana Ranaut ਦੀ ਫ਼ਿਲਮ ‘ਤੇ SGPC ਦੀ ਚਿਤਾਵਨੀ

17 Jan 2025 11:14 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

15 Jan 2025 12:29 PM

Lawrence Bishnoi Gang ਦੇ ਬਦਮਾਸ਼ਾਂ ਦਾ LIVE Jalandhar Encounter, ਪੁਲਿਸ ਨੇ ਪਾਇਆ ਹੋਇਆ ਘੇਰਾ, ਚੱਲੀਆਂ ਗੋਲੀਆਂ

15 Jan 2025 12:19 PM

ਦੋਵੇਂ SKM ਹੋਣ ਜਾ ਰਹੇ ਇਕੱਠੇ, 18 Jan ਨੂੰ ਹੋਵੇਗਾ ਵੱਡਾ ਐਲਾਨ ਕਿਸਾਨਾਂ ਨੇ ਦੱਸੀ ਬੈਠਕ ਚ ਕੀ ਹੋਈ ਗੱਲ 

14 Jan 2025 12:18 PM
Advertisement