
Ferozepur News : ਮੁਲਜ਼ਮ ਕੋਲੋਂ 3.5 ਕਿਲੋਗ੍ਰਾਮ ਹੈਰੋਇਨ ਹੋਈ ਬਰਾਮਦ
Ferozepur News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਉਰਫ ਸੁੱਖੀ ਵਾਸੀ ਮੋਹਨ ਕੇ ਉਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-05-ਏਐਮ-5620) ਜਿਸ 'ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸੁੱਖੀ ਦੇ ਤਸਕਰੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀਆਂ ਪੁਲੀਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਲੱਖੋ ਕੇ ਬਹਿਰਾਮ ਖੇਤਰ ਵਿੱਚ ਖੁਫੀਆ ਆਪਰੇਸ਼ਨ ਚਲਾਇਆ ਅਤੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ ਪਲਾਸਟਿਕ ਬੈਗ ਵਿੱਚ ਰੱਖੇ 500-500 ਗ੍ਰਾਮ ਦੇ ਹੈਰੋਇਨ ਦੇ 7 ਪੈਕਟ ਬਰਾਮਦ ਕੀਤੇ।
ਉਨ੍ਹਾਂ ਦੱਸਿਆ ਕਿ ਜਦੋਂ ਪੁਲੀਸ ਟੀਮਾਂ ਨੇ ਮੁਲਜ਼ਮ ਨੂੰ ਕਾਬੂ ਕੀਤਾ, ਉਸ ਸਮੇਂ ਉਹ ਕਿਸੇ ਵਿਅਕਤੀ ਨੂੰ ਇਹ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਮੁਲਜ਼ਮ ਸੁਖਦੇਵ ਸੁੱਖੀ ਨੇ ਜਿਸ ਵਿਅਕਤੀ ਨੂੰ ਨਸ਼ੇ ਦੀ ਖੇਪ ਪਹੁੰਚਾਉਣੀ ਸੀ, ਦੀ ਪਛਾਣ ਕਰਨ ਲਈ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।
In an intelligence-led operation, Counter Intelligence Ferozepur busts a cross-border drug cartel by arresting Sukhdev Singh @ Sukhi, a resident of #Ferozepur, and recovering 3.5 Kg #Heroin.
— DGP Punjab Police (@DGPPunjabPolice) April 1, 2025
Preliminary investigation reveals the consignment was sent by #Pakistan-based drug… pic.twitter.com/s1eRLwA7PQ
ਇਸ ਸਬੰਧੀ ਐਫਆਈਆਰ ਨੰ. 10 ਮਿਤੀ 31.03.2025 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਉਸ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।
(For more news apart from Counter Intelligence Ferozepur busts cross-border drug cartel News in Punjabi, stay tuned to Rozana Spokesman)