
ਅਜੇ ਤੱਕ ਨਹੀਂ ਚੁਣੇ ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਪਿਛਲੀਆਂ ਬਾਦਲ ਸਰਕਾਰ ਦੇ ਰਾਹ 'ਤੇ ਚਲਦਿਆਂ ਸੱਤਾਧਾਰੀ ਕਾਂਗਰਸੀਆਂ ਅਤੇ ਭ੍ਰਿਸ਼ਟ ਅਫ਼ਸਰਾਂ ਦੀ ਤਾਨਾਸਾਹੀ ਨੇ ਲੋਕਤੰਤਰ ਦੀ ਨੀਂਹ ਮੰਨੀ ਜਾਂਦੀ ਪੰਚਾਇਤੀ ਰਾਜ ਪ੍ਰਣਾਲੀ ਨੂੰ ਤਬਾਹ ਕਰ ਕੇ ਰੱਖ ਦਿਤਾ ਹੈ। 'ਆਪ' ਹੈਡਕੁਆਟਰ ਵਲੋਂ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੁਲੀਟੀਕਲ ਰੀਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ,
Harchand Singh
ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ ਅਤੇ ਦਲਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਸਤੰਬਰ 2018 'ਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਹੋਈਆਂ ਸਨ, 9 ਮਹੀਨੇ ਲੰਘ ਜਾਣ ਦੇ ਬਾਵਜੂਦ ਅਜੇ ਤੱਕ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਦੀ ਚੋਣ ਨਹੀਂ ਕਰਵਾਈ ਗਈ, ਇਥੋਂ ਤੱਕ ਕਿ ਅਹੁਦੇ ਦੀ ਸਹੁੰ ਚੁਕਾਉਣ ਦੀ ਪ੍ਰੀਕਿਰਿਆ ਵੀ ਪੂਰੀ ਨਹੀਂ ਕੀਤੀ ਗਈ। ਜੋ ਸਿੱਧੇ ਰੂਪ 'ਚ ਖੁਦ ਸਰਕਾਰ ਲੋਕਤੰਤਰਿਕ ਸੰਸਥਾਵਾਂ ਨੂੰ ਕਤਲ ਕਰ ਰਹੀ ਹੈ।
Kuldeep Singh Dhaliwal
'ਆਪ' ਆਗੂਆਂ ਨੇ ਦੋਸ਼ ਲਗਾਇਆ ਕਿ ਕਾਂਗਰਸ ਦੇ ਵਿਧਾਇਕ ਅਤੇ ਲੋਕਾਂ ਵਲੋਂ ਰੱਦ ਕੀਤੇ ਹੋਏ ਕਥਿਤ ਹਲਕਾ ਇੰਚਾਰਜ ਅਫ਼ਸਰਾਂ ਨਾਲ ਮਿਲਕੇ ਤਾਨਾਸ਼ਾਹੀ 'ਤੇ ਉਤਰੇ ਹੋਏ ਹਨ। ਜੂਨ ਮਹੀਨੇ ਹੋਣ ਵਾਲੇ ਛਿਮਾਹੀ ਗ੍ਰਾਮ ਸਭਾ ਇਜਲਾਸ ਸਿਰਫ਼ ਕਾਗਜਾਂ 'ਚ ਹੀ ਦਿਖਾਏ ਜਾ ਰਹੇ ਹਨ। ਤਾਜਾ ਰਿਪੋਰਟਾਂ ਮੁਤਾਬਕ ਗ੍ਰਾਮ ਸਭਾ ਇਜਲਾਸਾਂ ਦੀ ਕਾਗਜ਼ੀ ਖਾਨਾਪੂਰਤੀ ਦੌਰਾਨ 'ਮ੍ਰਿਤਕ' ਵਿਅਕਤੀਆਂ ਨੂੰ ਵੀ ਇਜਲਾਸਾਂ 'ਚ ਹਾਜ਼ਰ ਦਿਖਾਇਆ ਜਾ ਰਿਹਾ ਹੈ, ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ 'ਚ ਅਜਿਹੀਆਂ ਮਿਸਾਲਾਂ ਪ੍ਰਤੱਖ ਦੇਖਣ ਨੂੰ ਮਿਲੀਆਂ ਹਨ।
Dalbir Singh
ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਚਾਇਤਾਂ ਦੇ ਕੰਮਾਂ-ਕਾਰਾਂ 'ਚ ਸੱਤਾਧਾਰੀ ਧਿਰ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਸਿੱਧੀ ਦਖਲਅੰਦਾਜੀ ਨੇ ਨਾ ਕੇਵਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਠੱਪ ਕਰ ਛੱਡਿਆ ਹੈ, ਸਗੋਂ ਪਿੰਡਾਂ 'ਚ ਧੜੇਬਾਜੀ ਵਧਾ ਦਿਤੀ ਹੈ, ਜਿਸ ਦੀ ਸਭ ਤੋਂ ਵੱਧ ਕੀਮਤ ਗਰੀਬ, ਦਲਿਤ ਅਤੇ ਮਨਰੇਗਾ 'ਤੇ ਨਿਰਭਰ ਟੱਬਰਾਂ ਨੂੰ ਚੁਕਾਉਣੀ ਪੈ ਰਹੀ ਹੈ।
'ਆਪ' ਆਗੂ ਕੁਲਦੀਪ ਸਿੰਘ ਧਾਲੀਵਾਲ ਅਤੇ ਦਲਬੀਰ ਸਿੰਘ ਢਿੱਲੋਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਮਨ 'ਚ ਲੋਕਤੰਤਰ ਪ੍ਰਤੀ ਥੋੜੀ ਬਹੁਤੀ ਵੀ ਸ਼ਰਧਾ ਬਚੀ ਹੈ ਜਾਂ ਉਹ ਪੰਚਾਇਤੀ ਰਾਜ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਕਰਕੇ ਬਹੁਭਾਂਤੀ ਵਿਕਾਸ ਅਤੇ ਕਲਿਆਣਕਾਰੀ ਬਣਾਉਣਾ ਚਾਹੁੰਦੇ ਹਨ ਤਾਂ ਪੰਚਾਇਤੀ ਰਾਜ ਪ੍ਰਣਾਲੀ ਨੂੰ ਸਿਆਸਤਦਾਨਾਂ ਅਤੇ ਭ੍ਰਿਸ਼ਟਾਚਾਰੀ ਅਫਸਰਾਂ ਦੇ ਚੁੰਗਲ 'ਚੋਂ ਕੱਢਣ।