
ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਸਰਪ੍ਰਸਤ ਦੀ ਥਾਂ ਸਰਪਲਸ ਦੱਸਿਆ
Punjab News : ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਉਤੇ ਵੱਡੀ ਕਾਰਵਾਈ ਕੀਤੀ ਗਈ ਹੈ। ਸੁਖਦੇਵ ਸਿੰਘ ਢੀਂਡਸਾ ਨੂੰ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਕਾਬਿਲੇਗੌਰ ਹੈ ਕਿ ਸੁਖਦੇਵ ਸਿੰਘ ਢੀਂਡਸਾ ਪਾਰਟੀ ਦੇ ਸਰਪ੍ਰਸਤ ਸਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਕ ਦਿੱਤਾ ਗਿਆ ਹੈ ਕਿ ਸੁਖਦੇਵ ਢੀਂਡਸਾ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ, ਜਿਸ ਕਰਕੇ ਉਨ੍ਹਾਂ ਨੂੰ ਪਾਰਟੀ ਚੋਂ ਬਾਹਰ ਕੱਢਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਸਰਪ੍ਰਸਤ ਦੀ ਥਾਂ ਸਰਪਲਸ ਦੱਸਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਸੁਖਦੇਵ ਢੀਂਡਸਾ 'ਤੇ ਨਿਸ਼ਾਨੇ ਸਾਧੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਗਰੇਵਾਲ ਅਤੇ ਬਲਵਿੰਦਰ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਸੁਧਾਰ ਲਹਿਰ ਚਲਾਉਣ ਵਾਲੇ ਪਹਿਲਾਂ ਆਪਣੇ ਆਪ ਨੂੰ ਸੁਧਾਰ ਲੈਣ। ਸੁਖਦੇਵ ਢੀਂਡਸਾ ਕੋਲ ਇੰਨਾ ਅਧਿਕਾਰ ਨਹੀਂ ਹੈ ਕਿ ਉਹ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਫ਼ੈਸਲੇ ਨੂੰ ਰੱਦ ਕਰ ਸਕਣ।
ਉਨ੍ਹਾਂ ਕਿਹਾ ਕਿ ਅੱਜ ਢੀਂਡਸਾ ਪਰਿਵਾਰਵਾਦ ਦੀ ਗੱਲ ਕਰ ਰਹੇ ਹਨ ਪਰ ਸਭ ਤੋਂ ਵੱਧ ਪਰਿਵਾਰਵਾਦ ਢੀਂਡਸਾ ਨੇ ਕੀਤਾ ਹੈ। ਸੁਖਦੇਵ ਢੀਂਡਸਾ ਸੈਂਟਰ 'ਚ ਅਤੇ ਪੁੱਤਰ ਪਰਮਿੰਦਰ ਢੀਂਡਸਾ ਪੰਜਾਬ 'ਚ ਮੰਤਰੀ ਸੀ। ਚਾਹੀਦਾ ਤਾਂ ਇਹ ਹੈ ਕਿ ਢੀਂਡਸਾ ਸਾਹਿਬ ਸਨਮਾਨ ਨੂੰ ਪਾਰਟੀ ਹਿੱਤਾਂ ਲਈ ਵਰਤਣ ਜੇ ਕੋਈ ਸਨਮਾਨ ਕਰਵਾਉਣਾ ਚਾਹੁੰਦਾ ਹੈ ਤਾਂ ਕਰਵਾ ਸਕਦਾ ਹੈ।
ਇਹ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਸਮਾਗਮ ਕਰਵਾ ਰਹੇ ਹਨ ਪਰ ਕਿਸੇ ਸਮੇਂ ਸੁਖਦੇਵ ਢੀਂਡਸਾ ਨੇ ਅਨੁਸ਼ਾਸਨੀ ਕਮੇਟੀ ਦੇ ਅਹੁਦੇਦਾਰ ਹੁੰਦਿਆਂ ਹੀ ਟੌਹੜਾ ਨੂੰ ਪਾਰਟੀ ’ਚੋਂ ਕੱਢਿਆ ਸੀֺ। ਟੌਹੜਾ ਨੂੰ ਬੁਰਾ ਭਲਾ ਬੋਲਦੇ ਸਨ। ਅਕਾਲੀ ਦਲ ਦੇ ਨੇਤਾਵਾਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਕੋਈ ਇਹ ਨਾ ਸੋਚੇ ਕਿ ਅਕਾਲੀ ਦਲ ਦੇ ਦਫਤਰ ਜਾਂ ਸਿੰਬਲ 'ਤੇ ਕਬਜ਼ਾ ਕਰ ਸਕਦਾ ਹੈ।