
ਅਮਿਤ ਸ਼ਾਹ ਨੇ ਮੁੱਖ ਮੰਤਰੀ ਅਤੇ ਰਾਜਪਾਲ ਤੋਂ ਲਿਆ ਸਥਿਤੀ ਦਾ ਜਾਇਜ਼ਾ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਪਣੇ ਚੀਨ ਫੇਰੀ ਤੋਂ ਪਰਤਣ ਮਗਰੋਂ ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਨ ਕਰ ਕੇ ਸੂਬੇ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਮੁੱਖ ਮੰਤਰੀ ਨੂੰ ਹਰ ਤਰ੍ਹਾਂ ਦੀ ਮਦਦ ਅਤੇ ਸਮਰਥਨ ਦੇਣ ਦਾ ਭਰੋਸਾ ਦਿਤਾ।
ਸਰਕਾਰੀ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਨੂੰ ਸੰਕਟ ਨਾਲ ਨਜਿੱਠਣ ਲਈ ਕੇਂਦਰ ਦੇ ਪੂਰੇ ਸਮਰਥਨ ਦਾ ਭਰੋਸਾ ਦਿਤਾ ਅਤੇ ਵਾਅਦਾ ਕੀਤਾ ਕਿ ਪੰਜਾਬ ਨੂੰ ਹਰ ਲੋੜੀਂਦੀ ਸਹਾਇਤਾ ਦਿਤੀ ਜਾਵੇਗੀ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੇਰ ਸਮੇਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਫ਼ੋਨ ’ਤੇ ਗੱਲ ਕੀਤੀ ਸੀ ਅਤੇ ਸੂਬੇ ਅੰਦਰ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਸ਼ਾਹ ਨੇ ਦੋਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਤਾ।
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਸੋਮਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੁੱਝ ਪ੍ਰਭਾਵਤ ਇਲਾਕਿਆਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਭਾਰਤ ਸਰਕਾਰ ਕੋਲ ਫਸੇ 60,000 ਕਰੋੜ ਰੁਪਏ ਦੇ ਸਰਕਾਰੀ ਫੰਡ ਜਾਰੀ ਕਰਨ ਲਈ ਕਹਿ ਚੁਕੇ ਹਨ। ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਦੇ 1000 ਤੋਂ ਵੱਧ ਪਿੰਡਾਂ ਵਿਚ ਹੜ੍ਹਾਂ ਕਾਰਨ ਸੋਮਵਾਰ ਤਕ ਘੱਟੋ-ਘੱਟ 29 ਮੌਤਾਂ ਹੋ ਚੁਕੀਆਂ ਹਨ।