
ਪੰਜਾਬ ਲਈ ਤੁਰੰਤ ਹੜ੍ਹ ਰਾਹਤ ਪੈਕੇਜ ਜਾਰੀ ਕਰਨ ਦੀ ਕੀਤੀ ਮੰਗ
Raja Warring letter news : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਗਿਆ ਹੈ। ਪੱਤਰ ਰਾਹੀਂ ਉਨ੍ਹਾਂ ਪ੍ਰਧਾਨ ਮੰਤਰੀ ਕੋਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ ਤੁਰੰਤ ਹੜ੍ਹ ਰਾਹਤ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਹੱਦੀ ਰਾਜ ਹੋਣ ਦੇ ਬਾਵਜੂਦ ਕਦੇ ਵੀ ਕੋਈ ਵਿਸ਼ੇਸ਼ ਦਰਜਾ ਨਹੀਂ ਮੰਗਿਆ ਜਦਕਿ ਅਸੀਂ ਪੂਰੇ ਦੇਸ਼ ਲਈ ਹਮੇਸ਼ਾ ਦਲੇਰੀ ਨਾਲ ਸਰਹੱਦਾਂ ਦੀ ਪਹਿਰੇਦਾਰੀ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਨੇ ਪੂਰੇ ਦੇਸ਼ ਲਈ ਭੋਜਨ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਹੈ ਅਤੇ ਹੁਣ ਪੂਰੇ ਦੇਸ਼ ਲਈ ਪੰਜਾਬ ਤੇ ਪੰਜਾਬੀ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਸਮਾਂ ਹੈ।
ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਸਮੁੱਚਾ ਪੰਜਾਬ ਇਸ ਸਮੇਂ ਹੜ੍ਹ ਨਾਲ ਪ੍ਰਭਾਵਿਤ ਹੈ। ਉਹੀ ਝੋਨੇ ਦੀਆਂ ਫਸਲਾਂ ਜਿਨ੍ਹਾਂ ਦੇਸ਼ ਦੇ ਕਰੋੜਾਂ ਲੋਕਾਂ ਨੂੰ ਭੋਜਨ ਦਿੱਤਾ ਅੱਜ ਤਬਾਹੀ ਦੇ ਕੰਢੇ ’ਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਕ ਅਜਿਹੀ ਬਿਪਤਾ ’ਚ ਘਿਰਿਆ ਹੋਇਆ ਜਿਸ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ, ਜਿਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੂੰ ਪੰਜਾਬ ਲਈ ਤੁਰੰਤ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਜਾਰੀ ਕਰਨਾ ਚਾਹੀਦਾ ਹੈ।