
ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਰਾਹਤ ਕਾਰਜਾਂ ’ਚ ਸ਼ਾਮਲ ਹੋਣ ਦੀ ਬੇਨਤੀ ਕੀਤੀ
ਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪੰਜਾਬ ’ਚ ਆਏ ਹੜ੍ਹਾਂ ’ਚ ਹੋਏ ਜਾਨੀ ਨੁਕਸਾਨ ਉਤੇ ਸੋਗ ਪ੍ਰਗਟ ਕੀਤਾ ਹੈ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਰਾਹਤ ਤੇ ਬਚਾਅ ਕਾਰਜਾਂ ’ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਹੈ।
ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕੈਚਮੈਂਟ ਖੇਤਰਾਂ ਵਿਚ ਭਾਰੀ ਮੀਂਹ ਤੋਂ ਬਾਅਦ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਅਤੇ ਮੌਸਮੀ ਨਦੀਆਂ ਵਿਚ ਹੜ੍ਹ ਆ ਗਿਆ ਹੈ। ਅਧਿਕਾਰੀਆਂ ਮੁਤਾਬਕ ਪੰਜਾਬ ’ਚ ਅਗੱਸਤ ਦੌਰਾਨ 253.7 ਮਿਲੀਮੀਟਰ ਮੀਂਹ ਪਿਆ, ਜੋ ਆਮ ਨਾਲੋਂ 74 ਫੀ ਸਦੀ ਜ਼ਿਆਦਾ ਹੈ ਅਤੇ ਪਿਛਲੇ 25 ਸਾਲਾਂ ’ਚ ਸੂਬੇ ਅੰਦਰ ਸੱਭ ਤੋਂ ਵੱਧ ਹੈ।
ਰਾਹੁਲ ਗਾਂਧੀ ਨੇ ਕਿਹਾ, ‘‘ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਹੋਈਆਂ ਜਾਨਾਂ ਦਾ ਨੁਕਸਾਨ ਅਤੇ ਵਿਆਪਕ ਤਬਾਹੀ ਬਹੁਤ ਹੀ ਦੁਖਦਾਈ ਅਤੇ ਦਰਦਨਾਕ ਹੈ। ਮੈਂ ਪੀੜਤ ਪਰਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਫਸੇ ਸਾਰੇ ਲੋਕਾਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।’’
ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ, ‘‘ਮੈਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਰਾਹਤ ਅਤੇ ਬਚਾਅ ਕਾਰਜਾਂ ਵਿਚ ਹੋਰ ਤੇਜ਼ੀ ਅਤੇ ਤਾਕਤ ਲਿਆਉਣ। ਤਬਾਹੀ ਦੀ ਗੰਭੀਰਤਾ ਨੂੰ ਵੇਖਦੇ ਹੋਏ ਸਰਕਾਰ ਨੂੰ ਮਿਸ਼ਨ ਮੋਡ ’ਚ ਕੰਮ ਕਰਨਾ ਹੋਵੇਗਾ।’’
ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਪਸ਼ੂ ਪਾਲਕਾਂ ਅਤੇ ਆਮ ਨਾਗਰਿਕਾਂ ਨੂੰ ਤੁਰਤ ਅਤੇ ਪ੍ਰਭਾਵਸ਼ਾਲੀ ਸਹਾਇਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਸਮੇਂ ਰਾਹਤ ਕਾਰਜਾਂ ਨੂੰ ਅਪਣੀ ਪਹਿਲੀ ਤਰਜੀਹ ਬਣਾਉਣ। ਉਨ੍ਹਾਂ ਕਿਹਾ, ‘‘ਇਹ ਤੁਹਾਡੀ ਇਕੋ ਇਕ ਜ਼ਿੰਮੇਵਾਰੀ ਹੈ। ਸਾਨੂੰ ਪੰਜਾਬ ਦੇ ਲੋਕਾਂ ਨਾਲ ਹੱਥ ਮਿਲਾਉਣਾ ਪਵੇਗਾ।’’
ਇਸ ਤੋਂ ਪਹਿਲਾਂ ਉਨ੍ਹਾਂ ਦੀ ਵੱਡੀ ਭੈਣ ਅਤੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਹੜ੍ਹ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਵੀ ਦੇਣ।
ਕਾਂਗਰਸ ਜਨਰਲ ਸਕੱਤਰ ਨੇ ਅਪਣੀ ਪਾਰਟੀ ਦੇ ਸਾਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਸਮੇਂ ਵਿਚ ਪ੍ਰਭਾਵਤ ਲੋਕਾਂ ਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਪਿਛਲੇ ਕਈ ਦਿਨਾਂ ਤੋਂ ਭਿਆਨਕ ਹੜ੍ਹਾਂ ਦੀ ਲਪੇਟ ’ਚ ਹੈ। ਪੰਜਾਬ ਦੇ ਲੋਕਾਂ ਖਾਸ ਕਰ ਕੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪ੍ਰਿਯੰਕਾ ਗਾਂਧੀ ਨੇ ਕਿਹਾ, ‘‘ਪੰਜਾਬ ਦੇ ਸਾਡੇ ਬਹਾਦਰ ਭਰਾ-ਭੈਣ ਬੜੀ ਹਿੰਮਤ ਨਾਲ ਇਸ ਆਫ਼ਤ ਦਾ ਸਾਹਮਣਾ ਕਰ ਰਹੇ ਹਨ। ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਫ਼ਤ ਦੀ ਗੰਭੀਰਤਾ ਨੂੰ ਸਮਝਣ ਅਤੇ ਪੀੜਤਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਅਤੇ ਨੁਕਸਾਨ ਨੂੰ ਪੂਰਾ ਕਰਨ ਲਈ ਮੁਆਵਜ਼ੇ ਦਾ ਪ੍ਰਬੰਧ ਕਰਨ।’’
ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇਸ ਸਮੇਂ ਦਹਾਕਿਆਂ ਦੇ ਸੱਭ ਤੋਂ ਭਿਆਨਕ ਹੜ੍ਹਾਂ ’ਚੋਂ ਇਕ ਨਾਲ ਜੂਝ ਰਿਹਾ ਹੈ, ਜਿਸ ਨਾਲ ਲਗਭਗ 1000 ਪਿੰਡ ਅਤੇ ਲੱਖਾਂ ਲੋਕ ਪ੍ਰਭਾਵਤ ਹੋਏ ਹਨ।