
ਬਾਦਲਾਂ ਦੇ ਗੜ੍ਹ 'ਚ ਭਾਜਪਾ ਨੂੰ ਝਟਕਾ, ਸੂਬਾ ਪਧਰੀ ਯੂਥ ਆਗੂ ਵਲੋਂ ਅਸਤੀਫ਼ਾ
ਬਠਿੰਡਾ, 31 ਅਕਤੂਬਰ (ਸੁਖਜਿੰਦਰ ਮਾਨ) : ਤਿੰਨ ਖੇਤੀ ਬਿਲ ਲਾਗੂ ਕਰ ਕੇ ਕਿਸਾਨਾਂ ਦੇ ਨਿਸ਼ਾਨੇ 'ਤੇ ਆਈ ਭਾਰਤੀ ਜਨਤਾ ਪਾਰਟੀ ਨੂੰ ਅੱਜ ਬਾਦਲਾਂ ਦੇ ਗੜ੍ਹ 'ਚ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਸੂਬਾ ਪਧਰੀ ਯੂਥ ਆਗੂ ਨੇ ਇਨ੍ਹਾਂ ਖੇਤੀ ਬਿਲਾਂ ਦੇ ਵਿਰੋਧ ਵਿਚ ਅਸਤੀਫ਼ਾ ਦਿੰਦਿਆਂ ਸੂਬੇ ਦੇ ਕਿਸਾਨਾਂ ਨਾਲ ਖੜਣ ਦਾ ਐਲਾਨ ਕੀਤਾ ਹੈ।
ਪੰਜਾਬ ਭਾਜਪਾ ਦੇ ਯੂਥ ਵਿੰਗ ਦੇ ਜਨਰਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਯੂਥ ਵਿੰਗ ਦੇ ਪ੍ਰਧਾਨ ਭਾਨੂ ਪ੍ਰਤਾਪ ਨੂੰ ਭੇਜਿਆ ਹੈ। ਵੱਡੀ ਗੱਲ ਇਹ ਵੀ ਪਤਾ ਚੱਲੀ ਹੈ ਕਿ ਅਸਤੀਫ਼ਾ ਦੇਣ ਵਾਲਾ ਯੂਥ ਆਗੂ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਦਿਆਲ ਸੋਢੀ ਦਾ ਨਜ਼ਦੀਕੀ ਮੰਨਿਆ ਜਾਂਦਾ ਸੀ। ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਖੇਤੀ ਬਿਲਾਂ ਦੇ ਮੁੱਦੇ 'ਤੇ ਕੁੱਝ ਹੋਰ ਆਗੂ ਵੀ ਭਾਜਪਾ ਦਾ ਸਾਥ ਛੱਡ ਸਕਦੇ ਹਨ। ਉਧਰ ਸਪੋਕਸਮੈਨ ਨਾਲ ਗੱਲਬਾਤ ਦੌਰਾਨ ਅਪਣੇ ਅਸਤੀਫ਼ੇ ਦੀ ਪੁਸ਼ਟੀ ਕਰਦਿਆਂ ਬਰਿੰਦਰ ਸੰਧੂ ਨੇ ਦਾਅਵਾ ਕੀਤਾ ਕਿ ਮੌਜੂਦਾ ਹਾਲਾਤਾਂ ਦੇ ਚਲਦਿਆਂ ਕਿਸਾਨ ਜਥੇਬੰਦੀਆਂ, ਆੜ੍ਹਤੀਏ, ਛੋਟੇ ਵਪਾਰੀ ਅਤੇ ਮਜ਼ਦੂਰ ਵਰਗ ਕੇਂਦਰ ਵਲੋਂ ਪਾਸ ਕੀਤੇ ਖੇਤੀਬਾੜੀ ਬਿਲਾਂ ਦੇ ਵਿਰੋਧ 'ਚ ਸੱਚ ਦੀ ਲੜਾਈ ਲੜ ਰਹੇ ਹਨ। ਇਨਾਂ ਹਾਲਾਤਾਂ ਨੂੰ ਵੇਖਦੇ ਹੋਏ ਉਨ੍ਹਾਂ ਪੰਜਾਬ ਦੇ ਕਿਸਾਨਾਂ ਨਾਲ ਖੜਣ ਦਾ ਫ਼ੈਸਲਾ ਲਿਆ ਹੈ।
ਦਸਣਾ ਬਣਦਾ ਹੈ ਕਿ ਪੰਜਾਬ ਭਾਜਪਾ ਦੇ ਯੂਥ ਵਿੰਗ ਦੇ ਜਨਰਲ ਸਕੱਤਰ ਬਣਨ ਤੋਂ ਪਹਿਲਾਂ ਬਰਿੰਦਰ ਸੰਧੂ ਜ਼ਿਲ੍ਹਾ ਬਠਿੰਡਾ ਦੇ ਕਿਸਾਨ ਮੋਰਚੇ ਦੇ ਪ੍ਰਧਾਨ ਸਨ। ਯੂਥ ਆਗੂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਪ੍ਰਤੀ ਕਠੋਰ ਰਵੱਈਆ ਅਪਣਾ ਰਹੀ ਹੈ, ਜਿਸ ਦੇ ਚਲਦਿਆਂ ਖੇਤੀ ਵਿਰੁਧ ਕਾਲੇ ਕਾਨੂੰਨਾਂ ਤੋਂ ਬਾਅਦ ਪੰਜਾਬ ਨੂੰ ਆਰਥਕ ਤੌਰ 'ਤੇ ਕਮਜ਼ੋਰ ਕਰਨ ਲਈ ਮਾਲ ਗੱਡੀਆਂ ਦਾ ਬੰਦ ਕਰਨਾ ਅਤੇ ਫਿਰ ਪਰਾਲੀ ਨੂੰ ਅੱਗ ਲਾਉਣ ਸਬੰਧੀ ਇਕ ਕਰੋੜ ਰੁਪਏ ਤਕ ਦਾ ਜੁਰਮਾਨਾ ਅਤੇ ਪੰਜ ਸਾਲ ਤਕ ਦੀ ਸਜ਼ਾ ਜੋ ਕਿ ਕਿਸਾਨ ਵਿਰੋਧੀ ਹੀ ਨਹੀਂ ਬਲਕਿ ਪੂਰੀ ਤਰ੍ਹਾਂ ਲੋਕ ਵਿਰੋਧੀ ਹਨ। ਦਸਣਾ ਬਣਦਾ ਹੈ ਕਿ ਬੀਤੇ ਕੱਲ ਸੰਗਰੂਰ ਨਾਲ ਸਬੰਧਤ ਇਕ ਹੋਰ ਭਾਜਪਾ ਆਗੂ ਨੇ ਅਪਣਾ ਅਸਤੀਫ਼ਾ ਦੇ ਦਿਤਾ ਸੀ।
ਇਸ ਖ਼ਬਰ ਨਾਲ ਸਬੰਧਿਤ ਫੋਟੋ 31 ਬੀਟੀਆਈ 01 ਨੰਬਰ ਫਾਇਲ ਵਿਚ ਭੇਜੀ ਜਾ ਰਹੀ ਹੈ ।
ਫੋਟੋ: ਇਕਬਾਲ ਸਿੰਘ