
ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ
ਜੰਗੀ ਅਪ੍ਰੇਸ਼ਨਾਂ ਤੋਂ ਇਲਾਵਾ ਫ਼ੌਜੀ ਦੀ ਕਿਸੇ ਹਾਦਸੇ ਵਿਚ ਮੌਤ ਹੋ ਜਾਣ ਦੀ ਸੂਰਤ ਵਿਚ ਪਰਿਵਾਰ ਨੂੰ ਮਿਲੇਗੀ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ’ਚ ਵਸੇ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਦੇ ਮਾਣ-ਸਨਮਾਨ ਅਤੇ ਵਿੱਤੀ ਮਦਦ ਲਈ ਸੂਬਾ ਸਰਕਾਰ ਨੇ ਕਈ ਵੱਡੇ ਕਦਮ ਚੁੱਕੇ ਹਨ।
ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਨਾਲ ਹੀ ਪੰਜਾਬ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।
ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਫੌਜੀ ਸੈਨਿਕ ਦੀ ਨੌਕਰੀ ਦੌਰਾਨ ਕਿਸੇ ਹਾਦਸੇ ਵਿੱਚ ਮੌਤ ਹੋ ਜਾਣ (ਫਿਜ਼ੀਕਲ ਕੈਜ਼ੁਅਲਟੀ) ਦੀ ਸੂਰਤ ਵਿਚ ਪਰਿਵਾਰ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਲਈ ਵਿੱਤੀ ਸਹਾਇਤਾ ਦੁੱਗਣੀ ਕਰਨ ਦੇ ਨਾਲ-ਨਾਲ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਦੀ ਵਿੱਤੀ ਸਹਾਇਤਾ ਵਧਾਉਣ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਨੇ ਸੈਨਿਕਾਂ ਦੇ ਲਾਮਿਸਾਲ ਯੋਗਦਾਨ ਦੇ ਸਤਿਕਾਰ ਵਿਚ ਸੂਬਾ ਸਰਕਾਰ ਨੇ ਹੁਣ ਰੱਖਿਆ ਸੈਨਾਵਾਂ ਵਿਚ ਨੌਕਰੀਆਂ ਦੌਰਾਨ ਸੈਨਿਕ ਦੀ ਕਿਸੇ ਹਾਦਸੇ ਵਿਚ (ਜੰਗੀ ਅਪ੍ਰੇਸ਼ਨਾਂ ਤੋਂ ਇਲਾਵਾ) ਮੌਤ ਹੋ ਜਾਣ ਦੀ ਸੂਰਤ ਵਿਚ ਪਰਿਵਾਰ ਲਈ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਪਰ ਭਗਵੰਤ ਸਿੰਘ ਮਾਨ ਸਰਕਾਰ ਨੇ ਇਹ ਉਪਰਾਲਾ ਕੀਤਾ ਹੈ ਕਿਉਂਕਿ ਇਹ ਬਹਾਦਰ ਸੈਨਿਕ ਵੀ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਦੇ ਹਨ। ਸੂਬਾ ਸਰਕਾਰ ਨੇ ਡਿਊਟੀ ਦੌਰਾਨ ਦਿਵਿਆਂਗ ਹੋ ਚੁੱਕੇ ਸੈਨਿਕਾਂ ਲਈ ਵੀ ਐਕਸ-ਗ੍ਰੇਸ਼ੀਆ ਰਾਸ਼ੀ ਵਿਚ ਵਾਧਾ ਕੀਤਾ ਹੈ।
ਮਹਾਨ ਸ਼ਹੀਦਾਂ ਦੇ ਮਾਣ-ਸਨਮਾਨ ਲਈ ਵਚਨਬੱਧ ਪੰਜਾਬ ਸਰਕਾਰ
ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਦੀ ਪ੍ਰਤੀਬੱਧਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕਣ ਤੋਂ ਬਣੀ। ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾ ਕੇ ਆਪਣੀ ਆਜ਼ਾਦੀ ਪ੍ਰਵਾਨਿਆਂ ਪ੍ਰਤੀ ਸ਼ਰਧਾ ਦਾ ਪ੍ਰਮਾਣ ਦਿੱਤਾ ਹੈ।
ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸ. ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਲਗਾਉਣ ਜਾ ਰਹੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਰਬਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਦੇਣ ਲਈ ਕੇਂਦਰ ਸਰਕਾਰ ਅੱਗੇ ਮੰਗ ਵੀ ਰੱਖੀ ਹੈ।
ਸੂਬਾ ਸਰਕਾਰ ਨੇ ਭਾਰਤ ਸਰਕਾਰ ਨੂੰ ਪਹਿਲਾਂ ਹੀ ਮਤਾ ਭੇਜ ਕੇ ਬੇਨਤੀ ਕੀਤੀ ਹੈ ਕਿ ਭਾਰਤੀ ਹਵਾਈ ਸੈਨਾ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣਨ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉੱਤੇ ਰੱਖਿਆ ਜਾਵੇ।