
ਬੀਤੀ ਦੇਰ ਰਾਤ ਸਰਕਾਰ ਵਲੋਂ ਚਿੱਠੀ ਆਈ, ਜਿਸ 'ਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ।
ਚੰਡੀਗੜ੍ਹ- ਕਿਸਾਨਾਂ ਦੇ ਕੇਂਦਰ ਸਰਕਾਰ ਦਰਮਿਆਨ ਟਕਰਾਅ ਵਧਦਾ ਜਾ ਰਿਹਾ ਹੈ। ਇਸ ਦੇ ਚਲਦੇ ਹੁਣ ਕੇਂਦਰ ਸਰਕਾਰ ਵਲੋਂ ਅੱਜ ਦੁਪਹਿਰ 3 ਵਜੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਵਿਗਿਆਨ ਭਵਨ ਵਿਖੇ ਸੱਦਾ ਦਿੱਤਾ ਗਿਆ ਹੈ ਪਰ ਹੁਣ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸ਼ਾਮਿਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਸਰਕਾਰ ਵਲੋਂ ਚਿੱਠੀ ਆਈ, ਜਿਸ 'ਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਸੱਦਾ ਨਹੀਂ ਭੇਜਿਆ ਗਿਆ, ਇਹ ਦੇਸ਼ ਦੇ ਕਿਸਾਨਾਂ 'ਚ ਫੁੱਟ ਪਾਉਣ ਵਾਲੀ ਗੱਲ ਹੈ। ਪੰਧੇਰ ਨੇ ਕਿਹਾ ਕਿ ਅਸੀਂ ਬੈਠਕ 'ਚ ਨਾ ਜਾਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਹੜਾ ਫ਼ੈਸਲਾ ਸੁਣਾਇਆ ਕਿ ਖੇਤੀ ਕਾਨੂੰਨ ਬਹੁਤ ਵਧੀਆ ਹਨ ਤਾਂ ਇਸ ਤੋਂ ਇਸ ਤਰ੍ਹਾਂ ਦੇ ਮਾਹੌਲ 'ਚ ਗੱਲਬਾਤ ਦਾ ਅੰਦਾਜ਼ਾ ਅਸੀਂ ਲਗਾ ਲਿਆ ਹੈ।
ਜ਼ਿਕਰਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਅੱਠ ਵਜੇ ਹਾਈਵੇਅ 'ਤੇ ਬੈਠਕ ਕੀਤੀ। ਇਸ ਦੌਰਾਨ ਹੀ ਕਿਸਾਨ ਬਾਅਦ ਦੁਪਹਿਰ ਤਿੰਨ ਵਜੇ ਦੀ ਮੀਟਿੰਗ 'ਚ ਸ਼ਾਮਲ ਹੋਣ ਜਾਂ ਨਾ ਹੋਣ ਬਾਰੇ ਫੈਸਲਾ ਲੈ ਸਕਦੇ ਹਨ।