
ਪੰਜਾਬ ਵਿਚ 23 ਲੱਖ ਮੈਟ੍ਰਿਕ ਝੋਨੇ ਦੀ ਖਰੀਦ ਬਾਕੀ
ਮੁਹਾਲੀ: ਭਾਰਤੀ ਖੁਰਾਕ ਨਿਗਮ (ਐਫਸੀਆਈ) ਨੇ ਖੁਰਾਕ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਦੀ ਇੱਕ ਹਫ਼ਤੇ ਤੋਂ ਚੱਲ ਰਹੀ ਹੜਤਾਲ ਕਾਰਨ ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਹੈ। ਇਸ ਕਾਰਨ ਪੰਜਾਬ ਦੇ ਕਿਸਾਨਾਂ ਦੇ ਕਰੀਬ 500 ਕਰੋੜ ਰੁਪਏ ਫਸੇ ਹੋਏ ਹਨ। ਹੁਣ ਇਸ ਦੀ ਅਦਾਇਗੀ ਵਿੱਚ ਦੇਰੀ ਹੋਵੇਗੀ।
ਦੂਜੇ ਪਾਸੇ ਕਣਕ ਦੇ ਭਾਅ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਮ ਆਦਮੀ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ। ਆਟੇ ਦੀ ਕੀਮਤ 35 ਤੋਂ 40 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਜਨਵਰੀ 'ਚ ਆਟਾ ਹੋਰ ਮਹਿੰਗਾ ਹੋਣ ਦੀ ਸੰਭਾਵਨਾ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦਾ ਥੋਕ ਭਾਅ 2800 ਰੁਪਏ ਪ੍ਰਤੀ ਕੁਇੰਟਲ ਤੋਂ ਉਪਰ ਪਹੁੰਚ ਗਿਆ ਹੈ ਜਦਕਿ ਦਿੱਲੀ ਦੀਆਂ ਮੰਡੀਆਂ ਵਿੱਚ ਇਹ 2900 ਰੁਪਏ ਤੋਂ ਉਪਰ ਪਹੁੰਚ ਗਿਆ ਹੈ।
ਖੁਰਾਕ ਤੇ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਬੁੱਧਵਾਰ ਸ਼ਾਮ ਨੂੰ ਖੁਰਾਕ ਤੇ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ਖਤਮ ਕਰਵਾਉਣ ਲਈ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਹੜਤਾਲ ਖਤਮ ਕਰਨ ਦੀ ਅਪੀਲ ਕਰਦਿਆਂ ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸੇ ਵੀ ਬੇਕਸੂਰ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।