ਪਿਛਲੇ ਲੰਬੇ ਸਮੇਂ ਤੋਂ ਸਨ ਬਿਮਾਰ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਸੁੱਚਾ ਸਿੰਘ ਜੀ ਨੇ ਗੁਰੂ ਘਰ ਦੀਆਂ ਸੇਵਾਵਾਂ ਸਮਰਪਣ ਭਾਵ ਨਾਲ ਕੀਤੀਆਂ। ਉਨ੍ਹਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਈ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਦੀ ਸੇਵਾ ਕਰਵਾਈ ਗਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਬਾ ਸੁੱਚਾ ਸਿੰਘ ਜੀ ਦੀ ਨਿਮਰਤਾ, ਪਿਆਰ ਅਤੇ ਗੁਰੂ ਘਰਾਂ ਦੀ ਸੇਵਾ ਲਈ ਸਮਰਪਣ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਬਾਬਾ ਜੀ ਦੇ ਅਕਾਲ ਚਲਾਣੇ ਨਾਲ ਪੂਰੇ ਪੰਥ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਬਾਬਾ ਜੀ ਨੂੰ ਸਤਿਕਾਰ ਭੇਟ ਕਰਦਿਆਂ ਕਰਤਾ ਪੁਰਖੁ ਅਗੇ ਅਰਦਾਸ ਕੀਤੀ ਕਿ ਸੰਗਤਾਂ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸੇ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਬਾਬਾ ਸੁੱਚਾ ਸਿੰਘ ਦੇ ਅਕਾਲ ਚਲਾਣੇ ਤੇ ਸੰਵੇਦਨਾ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਉਨ੍ਹਾਂ ਨਮਿਤ ਅਰਦਾਸ ਕੀਤੀ।
