
ਮੋਦੀ ਸਰਕਾਰ ਵਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਅੰਤਰਿਮ ਬਜਟ ਵਿਚ ਐਲਾਨੇ ਗਏ ਦੇਸ ਦੇ ਹਰ ਕਿਸਾਨ ਨੂੰ "17 ਰੁਪਏ ਪ੍ਰਤੀ ਡਾਇਰੈਕਟ ਇਨਕਮ ਸਪੋਰਟ" ਦੇਣ ...
ਚੰਡੀਗੜ੍ਹ : ਮੋਦੀ ਸਰਕਾਰ ਵਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਅੰਤਰਿਮ ਬਜਟ ਵਿਚ ਐਲਾਨੇ ਗਏ ਦੇਸ ਦੇ ਹਰ ਕਿਸਾਨ ਨੂੰ "17 ਰੁਪਏ ਪ੍ਰਤੀ ਡਾਇਰੈਕਟ ਇਨਕਮ ਸਪੋਰਟ" ਦੇਣ ਦੇ ਐਲਾਨ 'ਤੇ ਪ੍ਰਤੀਕਿਰਿਆ ਦਿੰਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਨੂੰ ਸਮੁੱਚੇ ਕਿਸਾਨ ਭਾਈਚਾਰੇ ਨਾਲ ਕੀਤਾ ਮਜ਼ਾਕ ਗਰਦਾਨਿਆਂ ਹੈ। ਉਨ੍ਹਾਂ ਕਿਹਾ ਕਿ ਜੋ ਕਿਸਾਨ ਸਮੁੱਚੇ ਦੇਸ਼ ਨੂੰ ਭੋਜਨ ਦੇਣ ਲਈ ਦਿਨ-ਰਾਤ ਸਖ਼ਤ ਮਿਹਨਤ ਕਰਦਾ ਹੈ, ਉਸ ਨਾਲ ਅਜਿਹਾ ਵਿਵਹਾਰ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ।
Bhagwant Mann in Amritsar
ਉਨ੍ਹਾਂ ਨੇ ਇਹ ਗੱਲ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਤੋਂ ਬਾਅਦ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕਹੀ। ਮਾਨ ਨੇ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਇਕ ਹੋਰ "ਜੁਮਲਾ" ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਬਹੁਤ ਦੁਖੀ ਅਤੇ ਪਰੇਸ਼ਾਨ ਹਨ, ਜਦੋਂਕਿ ਸਰਕਾਰ ਸਿਰਫ਼ ਮੁੱਠੀ ਭਰ ਕਾਰਪੋਰੇਟ ਘਰਾਨਿਆਂ ਨੂੰ ਲਾਭ ਦੇਣ ਲਈ ਬਾਕੀ ਸਾਰੇ ਵਰਗਾਂ ਨਾਲ ਧੋਖਾ ਕਰ ਰਹੀ ਹੈ।
ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੇਸ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ 'ਚ ਨਾਕਾਮ ਰਿਹਾ ਹੈ, ਜਿਸ ਕਾਰਨ ਬੇਰੁਜ਼ਗਾਰੀ ਇਸ ਸਮੇਂ ਅਪਣੇ ਸਿਖਰ' ਤੇ ਹੈ। ਪੰਜਾਬ ਸਰਕਾਰ 'ਤੇ ਟਿੱਪਣੀ ਕਰਦੇ ਹੋਏ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਚੋਣ ਮਨੋਰਥ ਪੱਤਰ' ਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਸਰਕਾਰ ਬਣਨ ਦੇ ਚਾਰ ਹਫ਼ਤਿਆਂ ਦੇ ਅੰਦਰ ਰਾਜ ਵਿਚ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਖ਼ਤਮ ਕਰਨ ਦੀ ਸਹੁੰ ਚੁੱਕੀ ਸੀ
ਪਰੰਤੂ ਸੱਤਾ ਸੰਭਾਲਣ ਤੋਂ ਬਾਅਦ ਉਹ ਨਸ਼ੇ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਕਰਨ ਵਿਚ ਫ਼ੇਲ੍ਹ ਸਾਬਤ ਹੋਏ ਹਨ। ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਦੀ ਅਣਹੋਂਦ ਵਿਚ ਪੰਜਾਬ ਦੇ ਨੌਜਵਾਨ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਨਕਲੀ ਏਜੰਟਾਂ ਰਾਹੀਂ ਬਾਹਰਲੇ ਮੁਲਕਾਂ ਵਿਚ ਜਾਣ ਲਈ ਮਜਬੂਰ ਹਨ ਜਦੋਂਕਿ ਸਰਕਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇ। ਪੰਜਾਬ ਵਿਚ ਆਗਾਮੀ ਚੋਣਾਂ ਸੰਬੰਧੀ ਗੱਠਜੋੜ ਬਾਰੇ ਇੱਕ ਸਵਾਲ ਦੇ ਜਵਾਬ ਵਿਚ ਮਾਨ ਨੇ ਕਿਹਾ ਕਿ
ਕਾਂਗਰਸ ਅਤੇ ਅਕਾਲੀਆਂ ਦੀ ਹਕੂਮਤ ਤੋਂ ਛੁਟਕਾਰਾ ਪਾਉਣ ਲਈ ਸਾਂਝੇ ਉਮੀਦਵਾਰ ਮੈਦਾਨ ਵਿਚ ਲਿਆਉਣ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਉਹ ਉਨ੍ਹਾਂ ਲੋਕਾਂ ਨਾਲ ਗੱਠਜੋੜ ਨਹੀਂ ਕਰਨਗੇ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਪਿੱਠ 'ਤੇ ਛੁਰਾ ਮਾਰਿਆ ਹੈ। ਉਨ੍ਹਾਂ ਨੇ ਅੱਜ ਸ਼੍ਰੀ ਦਰਬਾਰ ਸਾਹਿਬ ਆ ਕੇ ਅਕਾਲ ਪੁਰਖ ਕੋਲੋਂ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਜੰਗ ਵਿਚ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।
ਇਸ ਮੌਕੇ ਉਨ੍ਹਾਂ ਨਾਲ ਕੁਲਦੀਪ ਸਿੰਘ ਧਾਲੀਵਾਲ ਉਮੀਦਵਾਰ ਲੋਕ ਸਭਾ ਅੰਮ੍ਰਿਤਸਰ, ਮਨਜਿੰਦਰ ਸਿੰਘ ਸਿੱਧੂ ਸੂਬਾ ਪ੍ਰਧਾਨ ਯੂਥ ਵਿੰਗ, ਭੁਪਿੰਦਰ ਬਿੱਟੂ, ਰਣਜੀਤ ਚੀਮਾ, ਸੁਰਜੀਤ ਸਿੰਘ ਕੰਗ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਦਲਬੀਰ ਸਿੰਘ ਟੌਂਗ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ, ਹਰਭਜਨ ਸਿੰਘ ਈ ਟੀ ਓ ਹਲਕਾ ਇੰਚਾਰਜ ਜੰਡਿਆਲਾ ਗੁਰੂ, ਗੁਰਭੇਜ ਸਿੰਘ ਹਲਕਾ ਇੰਚਾਰਜ ਮਜੀਠਾ, ਜਸਵੰਤ ਸਿੰਘ ਹਲਕਾ ਇੰਚਾਰਜ ਅਟਾਰੀ, ਸਵਿੰਦਰ ਸਿੰਘ ਮਾਨ ਹਲਕਾ ਉਪ ਪ੍ਰਧਾਨ ਅਜਨਾਲਾ, ਬਲਵਿੰਦਰ ਸਿੰਘ ਹਲਕਾ ਪ੍ਰਧਾਨ ਰਾਜਾਸਾਂਸੀ ਵੀ ਮੌਜੂਦ ਸਨ।