ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
ਚੰਡੀਗੜ: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਸੂਬੇ 'ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਿਰਫ ਫਰਵਰੀ ਮਹੀਨੇ ਦੌਰਾਨ ਹੀ ਪਿਛਲੇ ਸਾਲ ਦੇ ਮੁਕਾਬਲੇ 40 ਫੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਫਰਵਰੀ 2023 ਦੌਰਾਨ ਪਿਛਲੇ ਸਾਲ ਦੇ ਮੁਕਾਬਲੇ 40 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਇਹ ਵੀ ਪੜ੍ਹੋ: ਬਾਲੀਵੁੱਡ ਸੁਸ਼ਮਿਤਾ ਸੇਨ ਨੂੰ ਕੁੱਝ ਦਿਨ ਪਹਿਲਾਂ ਪਿਆ ਸੀ ਦਿਲ ਦਾ ਦੌਰਾ, ਜਾਣੋ ਹੁਣ ਕੀ ਹੈ ਹਾਲ?
ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਫਰਵਰੀ ਤੋਂ 28 ਫਰਵਰੀ 2023 ਤੱਕ ਖਜ਼ਾਨੇ ਵਿਚ 338 ਕਰੋੜ 99 ਲੱਖ ਰੁਪਏ ਦੀ ਆਮਦਨ ਆਈ ਹੈ। ਉਨ੍ਹਾਂ ਕਿਹਾ ਕਿ ਸਾਲ 2022 ਦੇ ਫਰਵਰੀ ਮਹੀਨੇ ਨਾਲੋਂ ਇਹ ਆਮਦਨ 40 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2022 ਵਿਚ ਇਹ ਆਮਦਨ 241 ਕਰੋੜ 62 ਲੱਖ ਰੁਪਏ ਸੀ।
ਇਹ ਵੀ ਪੜ੍ਹੋ: 142 ਹੋਰ ਆਮ ਆਦਮੀ ਕਲੀਨਿਕ 31 ਮਾਰਚ ਤੱਕ ਲੋਕ ਅਰਪਣ ਕੀਤੇ ਜਾਣਗੇ: ਵਿਜੈ ਕੁਮਾਰ ਜੰਜੂਆ
ਹੋਰ ਜ਼ਿਆਦਾ ਤਫ਼ਸੀਲ ਦਿੰਦਿਆਂ ਜਿੰਪਾ ਨੇ ਕਿਹਾ ਕਿ ਅਪ੍ਰੈਲ 2022 ਤੋਂ ਲੈ ਕੇ ਫਰਵਰੀ 2023 ਤੱਕ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਪਿਛਲੇ ਸਾਲ ਦੇ ਮੁਕਾਬਲੇ ਕੁੱਲ 19 ਫੀਸਦੀ ਵੱਧ ਆਮਦਨ ਦਰਜ ਕੀਤੀ ਗਈ ਹੈ। ਇਨ੍ਹਾਂ ਮਹੀਨਿਆਂ ਦੌਰਾਨ ਪਿਛਲੇ ਸਾਲ ਕੁੱਲ 2929.74 ਕਰੋੜ ਰੁਪਏ ਦੀ ਆਮਦਨ ਹੋਈ ਸੀ ਜਦਕਿ ਅਪ੍ਰੈਲ 2022 ਤੋਂ ਲੈ ਕੇ ਫਰਵਰੀ 2023 ਤੱਕ ਇਹੀ ਆਮਦਨ 3499.94 ਕਰੋੜ ਰਹੀ ਹੈ।
ਉਨ੍ਹਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਵੇਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ-ਸਮੇਂ ‘ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹਿੰਦੇ ਹਨ ਅਤੇ ਉਹ ਖੁਦ ਵੀ ਦਫਤਰਾਂ ਦਾ ਦੌਰਾ ਕਰਦੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਉਹ ਜਲਦ ਹੀ ਪੂਰੇ ਸੂਬੇ ਦੇ ਮਾਲ ਦਫ਼ਤਰਾਂ ਵਿਚ ਅਚਨਚੇਤੀ ਦੌਰੇ ਕਰਨਗੇ ਅਤੇ ਜੇਕਰ ਕੋਈ ਖਾਮੀ ਪਾਈ ਗਈ ਜਾਂ ਲੋਕਾਂ ਨੂੰ ਖੱਜਲ ਖੁਆਰ ਕਰਨ ਦੀਆਂ ਗੱਲਾਂ ਸਾਹਮਣੇ ਆਈਆਂ ਤਾਂ ਮੌਕੇ ਉੱਤੇ ਹੀ ਦੋਸ਼ੀਆਂ ਖਿਲਾਫ ਐਕਸ਼ਨ ਲਿਆ ਜਾਵੇਗਾ।
ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ ਅਤੇ ਰਿਸ਼ਵਤਖੋਰੀ ਨੂੰ ਵੀ ਠੱਲ ਪਾਈ ਗਈ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਅਤੇ ਭ੍ਰਿਸ਼ਟਚਾਰ ਪੂਰੀ ਤਰ੍ਹਾਂ ਬੰਦ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।
------