
Hoshiarpur News : ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
Hoshiarpur News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਇੰਦਰਜੀਤ ਸਿੰਘ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਇਨ੍ਹਾਂ ਸੂਰਬੀਰ ਯੋਧਿਆਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਸੇਵਾ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਦੇ ਅਥਾਹ ਯੋਗਦਾਨ ਦੇ ਸਤਿਕਾਰ ਵਜੋਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਦੀ ਇਹ ਪਹਿਲ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਹੋਣਗੇ।
(For more news apart from Chief Minister handed over checks of financial assistance of one crore rupees each to the families of five policemen News in Punjabi, stay tuned to Rozana Spokesman)