ਅਣਪਛਾਤੇ ਵਿਅਕਤੀ ਨੇ ਫਾੜ ਕੇ ਸੁੱਟੇ ਗੁਟਕਾ ਸਾਹਿਬ ਦੇ ਅੰਗ
ਬਠਿੰਡਾ: ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ’ਚ ਸਥਿਤ ਗੁਰਦੁਆਰਾ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਅਣਪਛਾਤੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਸੁੱਟ ਦੇਣ ਤੋਂ ਬਾਅਦ ਲੋਕਾਂ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਐਤਵਾਰ ਸਵੇਰ ਨੂੰ ਜਦੋਂ ਸ਼ਰਧਾਲੂ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਉਨ੍ਹਾਂ ਨੂੰ ਸੜਕ ਕਿਨਾਰੇ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਖਿੰਡੇ ਹੋਏ ਦਿਖਾਈ ਦਿੱਤੇ। ਇਸ ਬਾਰੇ ਗੁਰਦੁਆਰਾ ਕਮੇਟੀ ਨੂੰ ਤੁਰੰਤ ਸੂਚਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਉਹ 28 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਸ਼ਾਮ 7:30 ਵਜੇ ਘਰ ਗਏ ਸਨ।
ਗੁਰਦੁਆਰਾ ਪ੍ਰਬੰਧਕਾਂ ਨੇ ਘਟਨਾ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚੇ। ਇਸ ਦੌਰਾਨ ਗੁਟਕਾ ਸਾਹਿਬ ਦੇ ਅੰਗ ਇਕੱਠੇ ਕੀਤੇ ਅਤੇ ਗੁਰਦੁਆਰਾ ਸਾਹਿਬ ਵਿਖੇ ਲੈ ਆਏ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ, ਗੁਰਦੁਆਰਾ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਵੀ ਸੂਚਿਤ ਕੀਤਾ। ਸੂਚਨਾ ਮਿਲਣ 'ਤੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਟੀਮ ਤਲਵੰਡੀ ਸਾਬੋ ਤੋਂ ਬਠਿੰਡਾ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
