ਮਾਰਚ ਵਿਚ ਹੀ ਜੂਨ ਦੀ ਗਰਮੀ ਦਾ ਹੋ ਰਿਹਾ ਅਹਿਸਾਸ
Punjab Weather Update News: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਰਚ ਦੇ ਸ਼ੁਰੂ ਵਿੱਚ ਹੀ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਦੌਰਾਨ, ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ, ਹਾਲਾਂਕਿ 0.1 ਡਿਗਰੀ ਸੈਲਸੀਅਸ ਦੀ ਥੋੜ੍ਹੀ ਜਿਹੀ ਗਿਰਾਵਟ ਵੀ ਦਰਜ ਕੀਤੀ ਗਈ।
ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪੂਰੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਅਤੇ ਚੰਡੀਗੜ੍ਹ ਸਮੇਤ ਪੂਰੇ ਉੱਤਰ-ਪੱਛਮੀ ਭਾਰਤ ਵਿੱਚ ਅਗਲੇ ਪੰਜ ਦਿਨਾਂ ਵਿਚ ਵੱਧ ਤੋਂ ਵੱਧ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਹੋਰ ਵਧਣ ਦੀ ਉਮੀਦ ਹੈ।
ਚੰਡੀਗੜ੍ਹ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਵੱਧ ਤੋਂ ਵੱਧ ਤਾਪਮਾਨ 27 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ 10 ਤੋਂ 15 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ। 7 ਮਾਰਚ ਤੱਕ ਮੌਸਮ ਖੁਸ਼ਕ ਰਹੇਗਾ। ਮੀਂਹ ਜਾਂ ਬਰਫ਼ਬਾਰੀ ਦੀ ਕੋਈ ਭਵਿੱਖਬਾਣੀ ਨਹੀਂ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4 ਤੋਂ 7 ਡਿਗਰੀ ਸੈਲਸੀਅਸ ਵੱਧ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 10 ਤੋਂ 15 ਡਿਗਰੀ ਸੈਲਸੀਅਸ ਦੇ ਵਿਚਕਾਰ ਸਥਿਰ ਰਹਿਣ ਦੀ ਉਮੀਦ ਹੈ।
ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ ਚਾਰ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ, ਜਿਸ ਤੋਂ ਬਾਅਦ ਤਾਪਮਾਨ ਹੌਲੀ-ਹੌਲੀ ਵਧ ਸਕਦਾ ਹੈ। ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ।
