
5000 ਪੰਜਾਬੀ ਕਿਸਾਨਾਂ 'ਤੇ ਗੁਜਰਾਤ ਸਰਕਾਰ ਨੇ ਲਟਕਾ ਰੱਖੀ ਹੈ ਉਜਾੜੇ ਦੀ ਤਲਵਾਰ
ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਘੇਰਦਿਆਂ ਕਿਹਾ ਕਿ ਉਹ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਕਾਗ਼ਜ਼ ਭਰਵਾਉਣ ਲਈ ਗੁਜਰਾਤ ਜਾ ਸਕਦੇ ਹਨ ਪ੍ਰੰਤੂ ਪਿਛਲੇ ਲੰਮੇ ਸਮੇਂ ਤੋਂ ਗੁਜਰਾਤ ਦੀ ਭਾਜਪਾ ਸਰਕਾਰ ਦੇ ਵਿਤਕਰੇ ਤੋਂ ਪੀੜਤ ਹਜ਼ਾਰਾਂ ਪੰਜਾਬੀ ਕਿਸਾਨਾਂ ਦਾ ਕਦੇ ਹਾਲ ਤਕ ਨਹੀਂ ਪੁਛਿਆ, ਜਿਨ੍ਹਾਂ ਨੂੰ ਸੱਤਾਧਾਰੀ ਭਾਜਪਾ ਗੁਜਰਾਤ ਵਿਚੋਂ ਕੱਢਣ ਲਈ ਕਾਹਲੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 1964 ਵਿਚ ਜੈ ਜਵਾਨ ਜੈ ਕਿਸਾਨ ਦੇ ਨਾਹਰੇ ਤਹਿਤ ਤਤਕਾਲੀ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਵਲੋਂ 5 ਹਜ਼ਾਰ ਤੋਂ ਵੱਧ ਸਾਂਝੇ ਪੰਜਾਬ ਦੇ ਕਿਸਾਨਾਂ ਨੂੰ ਭੁੱਜ ਦੇ ਇਲਾਕੇ ਵਿਚ ਜ਼ਮੀਨਾਂ ਦੀ ਅਲਾਟਮੈਂਟ ਕੀਤੀ ਸੀ। ਇਨ੍ਹਾਂ ਮਿਹਨਤੀ ਕਿਸਾਨਾਂ ਨੇ ਉਥੇ ਬੰਜਰ ਜ਼ਮੀਨਾਂ ਖੇਤੀਯੋਗ ਬਣਾਇਆ ਅਤੇ ਗੁਜਰਾਤ ਦੀ ਤਰੱਕੀ ਵਿਚ ਯੋਗਦਾਨ ਪਾਇਆ। ਪਿਛਲੇ ਲੰਮੇ ਸਮੇਂ ਤੋਂ ਭਾਜਪਾ ਦੇ ਸ਼ਾਸਨ ਵਿਚ ਉਨ੍ਹਾਂ 5 ਹਜ਼ਾਰ ਪੰਜਾਬੀ ਕਿਸਾਨਾਂ ਦੀ 20 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਉਤੇ ਸਥਾਨਕ ਭੂ-ਮਾਫੀਆਂ ਨੇ ਅੱਖ ਰੱਖ ਲਈ ਹੈ ਅਤੇ ਪੰਜਾਬੀ ਕਿਸਾਨਾਂ ਨੂੰ ਉਜਾੜਨ ਲਈ ਹਰ ਵਾਹ ਲਗਾਈ ਜਾ ਰਹੀ ਹੈ।
ਚੀਮਾ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਨੂੰ ਗੁਜਰਾਤ ਵਿਚ ਤੜੀ ਪਾਰ ਕਰਨ ਵਾਲੇ ਭੂ-ਮਾਫੀਆ ਨੂੰ ਗੁਜਰਾਤ ਦੀ ਭਾਜਪਾ ਸਰਕਾਰ ਸਰਪ੍ਰਸਤੀ ਦੇ ਰਹੀ ਹੈ। ਇਹੋ ਕਾਰਨ ਹੈ ਕਿ ਜਦ ਇਨ੍ਹਾਂ ਪੰਜਾਬੀ ਕਿਸਾਨਾਂ ਨੂੰ ਗੁਜਰਾਤ ਹਾਈ ਕੋਰਟ ਤੋਂ ਰਾਹਤ ਮਿਲੀ ਤਾਂ ਗੁਜਰਾਤ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇ ਦਿਤੀ ਜਿਥੇ ਫ਼ੈਸਲਾ ਆਉਣ ਬਾਕੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੇ ਸਿਆਸੀ ਭਾਈਵਾਲ ਹੋਣ ਦੇ ਨਾਤੇ ਬਾਦਲਾਂ ਨੇ ਕਦੇ ਵੀ ਪੰਜਾਬ ਦੇ ਕਿਸਾਨਾਂ ਦੀ ਦਿਲੋਂ ਮਦਦ ਨਹੀਂ ਕੀਤੀ, ਜਦਕਿ ਖ਼ੁਦ ਨੂੰ ਕਿਸਾਨਾਂ ਦਾ ਮਸੀਹਾ ਕਹਾਉਣ ਵਾਲੇ ਬਾਦਲਾਂ ਨੂੰ ਪੰਜਾਬ ਦੇ ਇਨ੍ਹਾਂ ਕਿਸਾਨਾਂ ਲਈ ਲਕੀਰ ਖਿੱਚ ਕੇ ਭਾਜਪਾ ਅਤੇ ਗੁਜਰਾਤ ਦੀ ਸਰਕਾਰ ਉਤੇ ਦਬਾਅ ਪਾਉਣਾ ਚਾਹੀਦਾ ਸੀ ਕੀ ਉਹ ਪੰਜਾਬੀ ਕਿਸਾਨਾਂ ਵਿਰੁਧ ਸੁਪਰੀਮ ਕੋਰਟ ਵਿਚ ਅਪਣਾ ਫ਼ੈਸਲਾ ਵਾਪਸ ਲਵੇ ਅਤੇ ਭੂ-ਮਾਫੀਆ ਦੀ ਜਗ੍ਹਾ ਕਿਸਾਨਾਂ ਨਾਲ ਖੜ੍ਹੇ ।