
ਕਿਹਾ- ਪੰਜਾਬ ਦੇ ਹਾਲਾਤ ਦਿਨੋਂ -ਦਿਨ ਹੁੰਦੇ ਜਾ ਰਹੇ ਹਨ ਖ਼ਰਾਬ
ਚੰਡੀਗੜ੍ਹ : ਬੀਤੇ ਦਿਨ ਸਨੌਰ ਵਿਚ ਇੱਕ ਨੌਜਵਾਨ 'ਤੇ ਰਾਡਾਂ ਨਾਲ ਹਮਲਾ ਕੀਤਾ ਗਿਆ ਸੀ ਜਿਸ ਬਾਰੇ ਅੱਜ PPCC ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਇਸ ਮਾਮਲੇ ਵਿਚ ਕਾਰਵਾਈ ਤੇਜ਼ ਕਰਨ ਲਈ ਕਿਹਾ ਹੈ। ਪੀੜਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਇਨਸਾਫ਼ ਦੀ ਮੰਗ ਕੀਤੀ ਹੈ ਜਿਸ 'ਤੇ ਸਿੱਧੂ ਨੇ ਭਰੋਸਾ ਦਵਾਇਆ ਕਿ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ।
Navjot Singh Sidhu
ਸਿੱਧੂ ਨੇ ਇਸ ਮਾਮਲੇ ਦੀ ਪੂਰੀ ਜਾਣਕਾਰੀ ਲਈ ਅਤੇ ਦੱਸਿਆ ਕਿ ਕਿਸ ਤਰ੍ਹਾਂ ਉਸ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਹੈ ਅਤੇ ਉਕਤ ਨੌਜਵਾਨ ਮੁਹਾਲੀ ਦੇ ਹਸਪਤਾਲ ਵਿਚ ਦਾਖਲ ਹੈ। ਉਨ੍ਹਾਂ ਦੱਸਿਆ ਕਿ ਪੀੜਤ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਰੈਫਰ ਕੀਤਾ ਜਾ ਸਕਦਾ ਹੈ ਪਰ ਅਜੇ ਤੱਕ ਉਸ 'ਤੇ ਹਮਲਾ ਕਰਨ ਵਾਲੇ ਖੁਲ੍ਹੇਆਮ ਘੁੰਮ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਸਨੌਰ ਦੇ ਐਮ.ਐਲ.ਏ. 'ਤੇ ਵੀ ਨਿਸ਼ਾਨੇ ਸਾਧੇ ਹਨ।
Navjot Singh Sidhu
ਉਨ੍ਹਾਂ ਕਿਹਾ ਕਿ ਜਿਸ ਹਲਕੇ ਦੇ ਨੁਮਾਇੰਦੇ 'ਤੇ ਹੀ ਛੇ-ਸੱਤ ਪਰਚੇ ਹੋਣ ਫਿਰ ਆਮ ਜਨਤਾ ਤੋਂ ਕੀ ਉਮੀਦ ਲਗਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕ ਇਲਾਕੇ ਵਿਚ ਅਮਨ ਸ਼ਾਂਤੀ ਚਾਹੁੰਦੇ ਹਨ ਪਰ ਸੂਬੇ ਦੇ ਹਾਲਾਤ ਦਿਨੋਂ-ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਪੰਜਾਬ ਦੀ ਸੱਤਾਧਾਰੀ 'ਆਪ' ਸਰਕਾਰ ਸੂਬੇ ਵਿਚ ਕਾਨੂੰਨ ਅਤੇ ਸੁਰੱਖਿਆ ਬਰਕਰਾਰ ਰੱਖਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਗੁੰਡਾਗਰਦੀ ਵਧਦੀ ਜਾ ਰਹੀ ਹੈ, ਕੀਤੇ ਕੁੱਟਮਾਰ ਹੋ ਰਹੀ ਹੈ ਅਤੇ ਕੀਤੇ ਕਤਲ ਹੋ ਰਹੇ ਹਨ।
Navjot Singh Sidhu
ਅੱਜ ਮੋਗੇ ਵਿਚ ਵੀ ਇੱਕ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਪਰ ਜੇਕਰ ਇਸ ਮਾਮਲੇ ਵਿਚ ਜਲਦ ਕਾਰਵਾਈ ਨਾ ਹੋਈ ਤਾਂ ਉਹ ਇਹ ਮਸਲਾ ਹੋਰ ਚੁੱਕਣਗੇ।